ਮਜੀਠੀਆ ਨੇ ਹੁਣ ਹਾਈ ਕੋਰਟ ’ਚ ਦਾਖ਼ਲ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ

Former Minister Bikram Singh Majithia

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਹਾਈ ਕੋਰਟ ’ਚ ਅਰਜ਼ੀ ਦਾਖ਼ਲ ਕੀਤੀ ਹੈ। ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਸੀ।

ਮਜੀਠੀਆ ਨੇ ਹਾਈ ਕੋਰਟ ’ਚ ਦਾਖ਼ਲ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਕੇਸ ਗੈਰਕਾਨੂੰਨੀ ਤਰੀਕੇ ਨਾਲ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤਕਰਤਾ ਵੀ ਨਹੀਂ ਹੈ। ਉਨ੍ਹਾਂ ਮੁਤਾਬਕ ਨਸ਼ਾ ਤਸਕਰੀ ਮਾਮਲੇ ਵਿੱਚ ਪੁਲੀਸ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਪਰ ਹੁਣ ਵਿਧਾਨ ਸਭਾ ਚੋਣਾਂ ਐਨ ਨੇੜੇ ਆਉਣ ਅਤੇ ਸੱਤਾਧਾਰੀ ਧਿਰ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਉਨ੍ਹਾਂ ਨੂੰ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿੱਚ ਉਲਝਾ ਕੇ ਰੱਖਣਾ ਚਾਹੁੰਦੀ ਹੈ। ਮਜੀਠੀਆ ਖ਼ਿਲਾਫ਼ ਕੁੱਝ ਦਿਨ ਪਹਿਲਾਂ ਹੀ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਹਨ। ਪੰਜਾਬ ਪੁਲੀਸ ਵੱਲੋਂ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਪਰ ਮਜੀਠੀਆ ਪੁਲੀਸ ਦੇ ਹੱਥ ਨਹੀਂ ਲੱਗਿਆ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਜੀਠੀਆ ਨੂੰ ਬਚਾਉਣ ਲਈ ਕੈਪਟਨ ਨੇ ਪੂਰਾ ਜ਼ੋਰ ਲਾਇਆ: ਚੰਨੀ
Next articleOmicron drives record-high daily Covid-19 infections in US since January