ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਆਮ ਆਦਮੀ ਪਾਰਟੀ ਵੱਲੋਂ ਮਨਜੀਤ ਸਿੰਘ ਹਰਮਨ ਨੂੰ ਵਿਧਾਨ ਸਭਾ ਹਲਕਾ ਸੈਂਟਰਲ ਲੁਧਿਆਣਾ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਰਮਨ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਨਿੱਤ ਨਵੇਂ ਪ੍ਰੋਗਰਾਮਾਂ ਨੂੰ ਹਲਕੇ ਦੇ ਲੋਕਾਂ ਤੱਕ ਪਹੁੰਚਾਉਣ ਵਿੱਚ ਯੋਗਦਾਨ ਪਾ ਰਹੇ ਹਨ । ਨਿਯੁਕਤੀ ਤੋਂ ਬਾਅਦ ਹਰਮਨ ਨੇ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਅਮਨ ਅਰੋੜਾ, ਸੈਰੀ ਕਲਸੀ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਹਲਕਾ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਉੱਤੇ ਭਰੋਸਾ ਜਤਾਇਆ। ਮਨਜੀਤ ਸਿੰਘ ਹਰਮਨ ਨੇ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਪੂਰੀ ਨਿਸ਼ਠਾ ਅਤੇ ਮਿਹਨਤ ਨਾਲ ਜੁਟੇ ਰਹਿਣਗੇ ਅਤੇ ਪਾਰਟੀ ਨੂੰ ਹੋਰ ਵੀ ਮਜ਼ਬੂਤ ਬਣਾਉਣ ਵਾਸਤੇ ਹਲਕੇ ਦੇ ਹਰ ਵਰਗ ਨਾਲ ਰਿਸ਼ਤਾ ਬਣਾਉਣ ਦੀ ਕੋਸ਼ਿਸ਼ ਜਾਰੀ ਰੱਖਣਗੇ। ਇਸ ਨਿਯੁਕਤੀ ਨੂੰ ਲੁਧਿਆਣਾ ਸੈਂਟਰਲ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਵਧ ਰਹੇ ਆਧਾਰ ਅਤੇ ਜ਼ਮੀਨੀ ਸਤਰ ‘ਤੇ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਵਜੋਂ ਵੇਖਿਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ, ਰਾਜੂ ਵੋਹਰਾ, ਰਾਜੂ ਬਾਬਾ, ਹਰਵਿੰਦਰ ਜੌਲੀ, ਕੁਲਦੀਪ ਕੁੱਕੂ, ਗੁਰਮੁਖ ਸਿੰਘ ਬਾਂਸਲ ਬਲਾਕ ਪ੍ਰਧਾਨ ਨੇ ਮਨਜੀਤ ਸਿੰਘ ਹਰਮਨ ਦਾ ਸਨਮਾਨ ਕੀਤਾ।



