ਐੱਸਏਐੱਸ ਨਗਰ (ਮੁਹਾਲੀ) (ਸਮਾਜ ਵੀਕਲੀ): ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਸੱਤਾ ਤਬਦੀਲੀ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਤੀਜੇ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ‘ਆਪ’ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਅਤੇ 10 ਮਾਰਚ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ। ਕਿਸਾਨ ਯੂਨੀਅਨ (ਲੱਖੋਵਾਲ) ਦੇ ਮੀਡੀਆ ਇੰਚਾਰਜ ਨਛੱਤਰ ਸਿੰਘ ਬੈਦਵਾਨ ਸੋਹਾਣਾ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ ਜਿਨ੍ਹਾਂ ਦਾ ਭਗਵੰਤ ਮਾਨ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਹੂੰਝਾ ਫੇਰ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਸਾਫ-ਸੁਥਰਾ ਪ੍ਰਸ਼ਾਸਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਤੁਰੰਤ ਬਾਅਦ ਪੰਜਾਬ ’ਚੋਂ ਮਾਫ਼ੀਆ ਰਾਜ ਦਾ ਜੜ੍ਹੋਂ ਖ਼ਾਤਮਾ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਤੇ ਕੱਚੇ ਮੁਲਾਜ਼ਮਾਂ ਦੇ ਕੇਸ ਨਵੇਂ ਸਿਰਿਓਂ ਵਿਚਾਰੇ ਜਾਣਗੇ ਤੇ ਖਾਲੀ ਅਸਾਮੀਆਂ ਪਹਿਲ ਦੇ ਆਧਾਰ ’ਤੇ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਤੇ ਸਸਤਾ ਇਲਾਜ, ਸਸਤੀ ਬਿਜਲੀ, ਮੁਫ਼ਤ ਪਾਣੀ, ਬੀਬੀਆਂ-ਭੈਣਾਂ ਲਈ ਮਹੀਨਾਵਾਰ ਭੱਤੇ ਆਦਿ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ‘ਆਪ’ ਰਾਜ ਦੇ ਲੋਕਾਂ ਨਾਲ ਕੋਈ ਝੂਠਾ ਵਾਅਦਾ ਨਹੀਂ ਕਰੇਗੀ ਬਲਕਿ ਸਾਰੇ ਚੋਣ ਵਾਅਦਿਆਂ ਨੂੰ ਨਿਰਧਾਰਿਤ ਸਮੇਂ ਅੰਦਰ ਪੜਾਅਵਾਰ ਪੂਰਾ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly