ਬੰਦੀ ਸਿੱਖਾਂ ਤੇ ਸਿਆਸੀ ਕੈਦੀਆਂ ਦੀ ਰਿਹਾਈ ਲਈ ਪੰਜਾਬ ਭਰ ’ਚ ਮਾਰਚ

ਅੰਮ੍ਰਿਤਸਰ, (ਸਮਾਜ ਵੀਕਲੀ):  ਜਨਤਕ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਅੱਜ ਬੰਦੀ ਸਿੱਖਾਂ ਅਤੇ ਹੋਰ ਸਿਆਸੀ ਕਾਰਕੁਨਾਂ ਦੀ ਰਿਹਾਈ ਦੀ ਮੰਗ ਲਈ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਸਮੇਤ ਸੂਬੇ ਭਰ ਵਿੱਚ ਰੋਸ ਮਾਰਚ ਤੇ ਮੁਜ਼ਾਹਰੇ ਕੀਤੇ ਗਏ। ਇਸ ਤਹਿਤ ਕਿਰਤੀ ਕਿਸਾਨ ਯੂਨੀਅਨ ਨੇ ਇੱਥੇ ਅੰਮ੍ਰਿਤਸਰ ਵਿੱਚ ਭੰਡਾਰੀ ਪੁਲ ’ਤੇ ਮੁਜ਼ਾਹਰਾ ਕਰਦਿਆਂ ਸ਼ਹਿਰ ਦੇ ਕਈ ਇਲਾਕਿਆਂ ਵਿਚ ਮਾਰਚ ਕੀਤਾ। ਕੜਕਦੀ ਧੁੱਪ ਵਿਚ ਪ੍ਰਦਰਸ਼ਨਕਾਰੀਆਂ ਨੇ ਬੰਦੀਆਂ ਦੀਆਂ ਤਸਵੀਰਾਂ, ਬੈਨਰ ਤੇ ਹੋਰ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਇਸ ਮੌਕੇ ਉਨ੍ਹਾਂ ਬੰਦੀ ਸਿੱਖਾਂ ਅਤੇ ਸਿਆਸੀ ਕਾਰਕੁਨਾਂ ਦੀ ਰਿਹਾਈ ਲਈ ਧਰਮ, ਜਾਤਾਂ ਤੇ ਸਿਆਸਤ ਤੋਂ ਉਪਰ ਉਠ ਕੇ ਸਾਂਝਾ ਮੰਚ ਬਣਾ ਕੇ ਜਨ ਅੰਦੋਲਨ ਵਿੱਢਣ ਦਾ ਸੱਦਾ ਦਿੱਤਾ।

ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਅੱਜ ਵੱਖ-ਵੱਖ ਥਾਵਾਂ ’ਤੇ ਸੂਬਾ ਪ੍ਰਧਾਨ ਨਿਰਭੈਅ ਸਿੰਘ ਟੁੰਡੀਕੇ, ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ, ਮੀਤ ਪ੍ਰਧਾਨ ਰਜਿੰਦਰ ਸਿੰਘ ਜੀਤ ਸਿੰਘ ਵਾਲਾ, ਨੌਜਵਾਨ ਭਾਰਤ ਸਭਾ ਦੇ ਰੁਪਿੰਦਰ ਸਿੰਘ, ਪੀਐੱਸਯੂ ਦੇ ਰਣਬੀਰ ਸਿੰਘ ਰੰਧਾਵਾ, ਪੇਂਡੂ ਮਜ਼ਦੂਰ ਯੂਨੀਅਨ ਦੇ ਅਵਤਾਰ ਸਿੰਘ ਦੀ ਅਗਵਾਈ ਹੇਠ ਮੁਜ਼ਾਹਰੇ ਤੇ ਮਾਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ, ਗੁਰਮੀਤ ਸਿੰਘ ਖੇੜਾ, ਜਗਤਾਰ ਸਿੰਘ ਤਾਰਾ, ਪਰਮਬੀਰ ਸਿੰਘ ਭਿਉਰਾ, ਬਲਵੰਤ ਸਿੰਘ ਰਾਜੋਆਣਾ ਤੇ ਹੋਰ ਕਈਆਂ ਦੀਆਂ ਸਜ਼ਾਵਾਂ ਦੀ ਮਿਆਦ ਪੂਰੀ ਹੋ ਚੁੱਕੀ ਹੈ। ਉਨ੍ਹਾਂ ਨੂੰ ਦਹਾਕਿਆਂ ਤੋਂ ਗੈਰ-ਕਾਨੂੰਨੀ ਤੌਰ ’ਤੇ ਜੇਲ੍ਹਾਂ ਵਿਚ ਬੰਦ ਕਰ ਕੇ ਰੱਖਿਆ ਹੋਇਆ ਹੈ। ਉਨ੍ਹਾਂ ਦੀ ਤੁਰੰਤ ਰਿਹਾਈ ਕੀਤੀ ਜਾਣੀ ਚਾਹੀਦੀ ਹੈ। ਇਸੇ ਤਰ੍ਹਾਂ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਕੋਲੋਂ ਸਿਆਸੀ ਕਾਰਕੁਨ ਉਮਰ ਖਾਲਿਦ, ਆਨੰਦ ਤੈਲਤੁੰਬੜੇ, ਗੌਤਮ ਨਵਲੱਖਾ, ਸਾਈਂ ਬਾਬਾ ਨੂੰ ਵੀ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰੂਆਂ ਦੇ ਸ਼ਸਤਰ ਲਾਲ ਕਿਲ੍ਹੇ ’ਤੇ ਭੇਜਣ ਲਈ ਪ੍ਰਧਾਨ ਨੂੰ ਕੀਤੀ ਜਾਵੇਗੀ ਅਪੀਲ: ਜਗੀਰ ਕੌਰ
Next articleਕਣਕ ਦੀ ਖਰੀਦ ’ਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ: ਮਾਨ