ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸੀ ਨੇਤਾ ਰਾਹੁਲ ਗਾਂਧੀ ਟਰੈਕਟਰ ਚਲਾ ਕੇ ਪਾਰਟੀ ਦੇ ਹੋਰ ਸੰਸਦ ਮੈਂਬਰਾਂ ਨਾਲ ਸੋਮਵਾਰ ਨੂੰ ਸੰਸਦ ਦੇ ਅਹਾਤੇ ਦੇ ਗੇਟ ਤੱਕ ਪਹੁੰਚੇ ਅਤੇ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮਗਰੋਂ ਪੁਲੀਸ ਨੇ ਪਾਰਟੀ ਦੇ ਕੁਝ ਨੇਤਾਵਾਂ ਨੂੰ ਹਿਰਾਸਤ ’ਚ ਲਿਆ ਹੈ। ਰਾਹੁਲ ਗਾਂਧੀ ਨਾਲ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ, ਰਵਨੀਤ ਸਿੰਘ ਬਿੱਟੂ ਤੇ ਦੀਪੇਂਦਰ ਸਿੰਘ ਹੁੱਡਾ ਨੇ ਵੀ ਖੇਤੀ ਕਾਨੂੰਨਾਂ ਵਿਰੋਧ ਬੈਨਰ ਚੁੱਕੇ ਸਨ ਅਤੇ ਉਨ੍ਹਾਂ ਨੇ ਨਾਅਰੇਬਾਜ਼ੀ ਵੀ ਕੀਤੀ। ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ, ‘ਇਹ ਖੇਤੀ ਕਾਨੂੰਨ ਸਿਰਫ ਦੋ-ਤਿੰਨ ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾਉਣ ਲਈ ਬਣਾਏ ਗਏ ਹਨ। ਸਾਰਾ ਦੇਸ਼ ਜਾਣਦਾ ਹੈ ਕਿ ਇਹ ਕਾਨੂੰਨ ਕਿਨ੍ਹਾਂ ਲਈ ਲਿਆਂਦੇ ਗਏ ਹਨ। ਇਹ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਨਹੀਂ ਹਨ ਅਤੇ ਇਸ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾ ਰਿਹਾ।’
ਇਸੇ ਦੌਰਾਨ ਮਾਰਚ ਵਿੱਚ ਸ਼ਾਮਲ ਕਾਂਗਰਸੀ ਨੇਤਾ ਰਣਦੀਪ ਸੁਰਜੇਵਾਲਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬੀ.ਵੀ. ਸ੍ਰੀਨਿਵਾਸ ਸਣੇ ਪਾਰਟੀ ਦੇ ਹੋਰ ਕਈ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਲਿਆ ਅਤੇ ਉਨ੍ਹਾਂ ਨੂੰ ਮੰਦਰ ਮਾਰਗ ਥਾਣੇ ਲਿਜਾਇਆ ਗਿਆ। ਰਣਦੀਪ ਸੁਰਜੇਵਾਲ ਨੇ ਕਿਹਾ, ‘ਅਸੀਂ ਅਜਿਹੀਆਂ ਕਾਰਵਾਈਆਂ ਅੱਗੇ ਨਹੀਂ ਝੁਕਾਂਗੇ। ਰਾਹੁਲ ਗਾਂਧੀ ਦੀ ਅਗਵਾਈ ਹੇਠ ਇਹ ਸੰਘਰਸ਼ ਜਾਰੀ ਰਹੇਗਾ ਅਤੇ ਅਸੀਂ ਮੋਦੀ ਸਰਕਾਰ ਨੂੰ 62 ਕਰੋੜ ਕਿਸਾਨਾਂ ਦੇ ਹੱਕ ਦੋ-ਤਿੰਨ ਉਦਯੋਗਪਤੀਆਂ ਦੇ ਹੱਥਾਂ ਵਿੱਚ ਨਹੀਂ ਦੇਣ ਦਿਆਂਗੇ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly