ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਤੁਰੰਤ ਰਿਹਾਈ ਹੋਵੇ – ਸ਼ੇਰਪੁਰ ਸੱਧਾ
ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ( ਮਾਰਕਸਵਾਦੀ- ਲੈਨਿਨਵਾਦੀ) ਨਿਊਡੈਮੋਕਰੇਸੀ ਦੀ ਸੂਬਾ ਕਮੇਟੀ ਦੇ ਸੱਦੇ ਤੇ ਪਾਰਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੁੱਚੇ ਸਿਆਸੀ ਕੈਦੀਆਂ ਅਤੇ ਝੂਠੇ ਕੇਸਾਂ ਚ ਜੇਲੀਂ ਬੰਦ ਬੁਧੀਜੀਵੀ, ਲੇਖਕਾਂ, ਪੱਤਰਕਾਰਾਂ ਅਤੇ ਆਦੀਵਾਸੀਆਂ ਦੀ ਰਿਹਾਈ ਲਈ ਮੋਦੀ ਹਕੂਮਤ ਵੱਲੋਂ ਮਨੁੱਖੀ ਹੱਕਾਂ ਦੇ ਕੀਤੇ ਜਾ ਰਹੇ ਘਾਣ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਮਾਰਚ ਕੀਤਾ ਗਿਆ। ਅੱਜ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਲੋਕਾਂ ਦੇ ਅਧਿਕਾਰਾਂ ਨੂੰ ਕੁਚਲਣ ਦੇ ਖਿਲਾਫ ਇਨਸਾਫ ਪਸੰਦ ਲੋਕਾਂ ਵਲੋਂ ਮੁਜ਼ਾਹਰਾ ਕਰਦਿਆਂ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੋਂ ਐਸ ਡੀ ਐਮ ਦਫਤਰ ਸੁਲਤਾਨਪੁਰ ਲੋਧੀ ਤੱਕ ਮਾਰਚ ਕੱਢਿਆ ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਨਾਹਰੇਬਾਜੀ ਕੀਤੀ ਗਈ।
ਇਸ ਮੌਕੇ ਪਾਰਟੀ ਦੇ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਦੇਸ਼ ਭਰ ਵਿੱਚ ਮੋਦੀ ਸਰਕਾਰ ਆਪਣੇ ਸਿਆਸੀ ਵਿਰੋਧਾਂ ਦੇ ਚਲਦਿਆਂ ਬੰਦੀ ਸਿੱਖ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੁੱਚੇ ਸਿਆਸੀ ਕੈਦੀਆਂ, ਹਵਾਲਾਤੀਆਂ ਨੂੰ ਜੇਲ੍ਹਾਂ ਵਿੱਚ ਸੜਨ ਮਰਨ ਵਾਲੀ ਨੀਤੀ ਉੱਪਰ ਚੱਲ ਰਹੀ ਹੈ। ਆਰ ਐਸ ਐਸ ਦੀ ਫਾਸ਼ੀਵਾਦੀ ਭਾਜਪਾ ਸਰਕਾਰ ਦੀ ਫ਼ਿਰਕੂ ਸਿਆਸਤ ਅਤੇ ਪੂੰਜੀਪਤੀਆਂ ਦੇ ਹੱਕ ਵਿੱਚ ਬਣਾਈਆਂ ਜਾ ਰਹੀਆਂ ਨੀਤੀਆਂ ਖਿਲਾਫ ਬੋਲਣ, ਲਿਖ਼ਣ ਅਤੇ ਵਿਚਾਰ ਪ੍ਰਗਟ ਕਰਨ ਵਾਲੇ ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਅਤੇ ਸੰਘਰਸ਼ੀਲ ਲੋਕਾਂ ਖਿਲਾਫ ਦੇਸ਼ ਧ੍ਰੋਹ, ਯੂਏਪੀਏ ਲਗਾ ਕੇ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਵਲੋਂ ਰਾਜਾਂ ਨੂੰ ਵੱਧ ਅਧਿਕਾਰ ਦੇਣ ਦੀ ਥਾਂ ਉਨ੍ਹਾਂ ਨੂੰ ਮਿਲੇ ਅਧਿਕਾਰਾਂ ਤੇ ਵੀ ਡਾਕਾ ਮਾਰਿਆਂ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਚਂ ਬੀਐਸਐਫ ਦਾ ਘੇਰਾ ਵਧਾਉਣ , ਪੰਜਾਬ ਦੇ ਪਾਣੀਆਂ ਤੇ ਡੈਮ ਹੈਡਵਰਕਸ ਸਭ ਤੇ ਕੰਟਰੋਲ ਕੇਂਦਰ ਸਰਕਾਰ ਦਾ ਹੈ ਤੇ ਹੁਣ ਪੰਜਾਬ ਚਂ ਐਨ ਆਈ ਏ, ਦੇ ਦਫਤਰ ਖੋਲ ਕੇ ਸਿੱਧੀ ਦਖ਼ਲ ਅੰਦਾਜ਼ੀ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਹੰਸਾ ਸਿੰਘ ਮੁੰਡੀ, ਗੁਰਦਿਆਲ ਸਿੰਘ ਬੂਹ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਆਦਿ ਆਗੂ ਹਾਜਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly