ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਮੁਖੀ ਸਵਾਤੀ ਮਾਲੀਵਾਲ ਨੇ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੂੰ ਪੱਤਰ ਲਿਖ ਕੇ ਬਾਲ ਵਿਆਹ ਸੋਧ ਬਿੱਲ, 2021 ’ਤੇ ਚਰਚਾ ਕਰਨ ਲਈ ਬਣਾਏ ਸੰਸਦੀ ਪੈਨਲ ਦਾ ਮੁੜ ਗਠਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ’ਚ ਇਸ ਤੱਥ ’ਤੇ ਚਿੰਤਾ ਪ੍ਰਗਟਾਈ ਹੈ ਕਿ 31 ਮੈਂਬਰੀ ਸਥਾਈ ਸੰਸਦੀ ਪੈਨਲ ਵਿੱਚ ਸਿਰਫ਼ ਇੱਕ ਮਹਿਲਾ ਸੰਸਦ ਮੈਂਬਰ ਸ਼ਾਮਲ ਹੈ। ਉਨ੍ਹਾਂ ਅੱਧੇ ਤੋਂ ਵੱਧ ਮਹਿਲਾ ਸੰਸਦ ਮੈਂਬਰਾਂ ਦੀ ਸ਼ਮੂਲੀਅਤ ਨਾਲ ਪੈਨਲ ਮੁੜ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਬਿੱਲ ’ਤੇ ਵਿਚਾਰ ਕਰ ਰਹੇ ਪੈਨਲ ਦਾ ਮੁਖੀ ਕੋਈ ਮਹਿਲਾ ਹੋਣੀ ਚਾਹੀਦੀ ਹੈ ਕਿਉਂਕਿ ਇਹ ਵਿਸ਼ਾ ਕਰੋੜਾਂ ਮਹਿਲਾਵਾਂ ਦੇ ਭਵਿੱਖ ਨਾਲ ਜੁੜਿਆ ਹੈ। ਇਸ ਬਿੱਲ ਵਿੱਚ ਲੜਕੀਆਂ ਦੀ ਵਿਆਹ ਦੀ ਉਮਰ 18 ਸਾਲ ਤੋਂ ਵਧਾ ਕੇ 21 ਸਾਲ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਮੁਲਕ ਵਿੱਚ ਬਾਲ ਵਿਆਹ ਖ਼ਿਲਾਫ਼ ਮੌਜੂਦਾ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਏਜੰਸੀਆਂ ਦੀ ਅਸਫ਼ਲਤਾ ਦਾ ਵੀ ਜ਼ਿਕਰ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly