ਕਪੂਰਥਲਾ, ( ਕੌੜਾ )– ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ‘ਚ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵਿਤਾਵਾਂ, ਕਵੀਸ਼ਰੀ ਰਾਹੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਗਿਆ ਅਤੇ ਸੀਨੀਅਰ ਵਿਦਿਆਰਥੀਆਂ ਵੱਲੋਂ ਸਪੀਚ ਰਾਹੀਂ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਅੰਤਰ- ਹਾਊਸ ਪਾਵਰ ਪੁਆਇੰਟ ਪੈ੍ਜਨਟੇਸ਼ਨ ਮੁਕਾਬਲਾ ਵੀ ਕਰਵਾਇਆ ਗਿਆ । ਜਿਸ ਵਿੱਚ ਵਿਦਿਆਰਥੀਆਂ ਦੁਆਰਾ ਬਹੁਤ ਵਿਸਥਾਰਪੂਰਵਕ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਾਹਿਬਜ਼ਾਦਿਆਂ ਦੁਆਰਾ ਸਿਦਕ ਅਤੇ ਅਡੋਲ ਰਹਿ ਕੇ ਧਰਮ ਦੀ ਖਾਤਿਰ ਆਪਣੀਆਂ ਜਾਨਾਂ ਕੁਰਬਾਨ ਕਰਨ ਬਾਰੇ ਦੱਸਿਆ। ਬੱਚਿਆਂ ਨੂੰ ਚਾਰ ਸਾਹਿਬਜ਼ਾਦੇ ਮੂਵੀ ਵੀ ਦਿਖਾਈ ਗਈ ਤਾਂ ਕਿ ਉਹ ਗੁਰੂ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੇ ਇਸ ਕੁਰਬਾਨੀ ਭਰੇ ਜੀਵਨ ਨੂੰ ਚੰਗੀ ਤਰ੍ਹਾਂ ਜਾਣ ਸਕਣ। ਇਸ ਤੋਂ ਇਲਾਵਾ ਵਿਦਿਆਰਥੀਆਂ ਦਾ ਸੁੰਦਰ ਦਸਤਾਰ ਸਜਾਓ ਮੁਕਾਬਲਾ ਕਰਵਾਇਆ ਗਿਆ, ਅਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਹੌਂਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਦੀ ਪ੍ਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪਿ੍ੰਸੀਪਲ ਮੈਡਮ ਅਰੋੜਾ ਵੱਲੋਂ ਸਾਹਿਬਜ਼ਾਦਿਆਂ ਦੀ ਇਸ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਹੋਇਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪੇ੍ਰਨਾ ਲੈਣ ਦਾ ਸੁਨੇਹਾ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly