ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਨੇ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਸਿਹਤ ਸੁਰੱਖਿਆ ਲਈ ਚਲਾਏ ਜਾ ਰਹੇ “ਮਮਤਾ ਦਿਵਸ” ਪ੍ਰੋਗਰਾਮ ਤਹਿਤ ਸਬ ਸੈਂਟਰ ਜੋਗੇਵਾਲ ਅਤੇ ਸਿੰਬਲ ਮਜਾਰਾ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਡਾ. ਸਤਿੰਦਰਜੀਤ ਕੌਰ ਨੇ ਸਿਹਤ ਕਰਮਚਾਰੀਆਂ ਨਾਲ ਮੀਟਿੰਗ ਕਰਦੇ ਹੋਏ ਮਾਵਾਂ ਤੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਸਰਕਾਰੀ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ “ਮਮਤਾ ਦਿਵਸ” ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਅਤੇ ਨਵ-ਜੰਮੇ ਬੱਚਿਆਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਮਾਵਾਂ ਤੇ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ। ਉਨ੍ਹਾਂ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖੁਰਾਕ, ਨਿਯਮਿਤ ਸਿਹਤ ਜਾਂਚ, ਆਇਰਨ ਅਤੇ ਕੈਲਸ਼ੀਅਮ ਗੋਲੀਆਂ ਦੀ ਵਰਤੋਂ ਅਤੇ ਸਮੇਂ ਸਿਰ ਟੀਕਾਕਰਣ ਕਰਵਾਉਣ ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ ਮਾਵਾਂ ਨੂੰ ਜਨਮ ਤੋਂ ਤੁਰੰਤ ਬਾਅਦ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ, ਬੱਚੇ ਦੀ ਸਫਾਈ ਅਤੇ ਪੋਸ਼ਣ ਸੰਬੰਧੀ ਅਹਿਮ ਜਾਣਕਾਰੀ ਵੀ ਦਿੱਤੀ ਗਈ। ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਮਮਤਾ ਦਿਵਸ ਇਸ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਨਿਯਮਿਤ ਜਾਂਚ ਅਤੇ ਸਹੀ ਦੇਖਭਾਲ ਨਾਲ ਗਰਭਵਤੀ ਔਰਤਾਂ ਅਤੇ ਬੱਚਿਆਂ ਦੋਵਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਸਿਹਤ ਸਟਾਫ ਨੂੰ ਹਦਾਇਤ ਕੀਤੀ ਕਿ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਗਰਭਵਤੀ ਮਹਿਲਾਵਾਂ ਦੀ ਸਮੇਂ-ਸਮੇਂ ’ਤੇ ਟ੍ਰੈਕਿੰਗ ਕੀਤੀ ਜਾਵੇ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਗਰਭਵਤੀ ਮਹਿਲਾਵਾਂ ਆਪਣੀਆਂ ਨਿਯਮਿਤ ਜਾਂਚਾਂ ਅਤੇ ਟੀਕਾਕਰਣ ਜ਼ਰੂਰ ਕਰਵਾਉਣ ਅਤੇ ਬੱਚਿਆਂ ਦੀ ਸਿਹਤ ਸੰਭਾਲ ਵਿੱਚ ਕੋਈ ਲਾਪਰਵਾਹੀ ਨਾ ਵਰਤਣ ਤਾਂ ਜੋ ਤੰਦਰੁਸਤ ਸਮਾਜ ਦੀ ਨਿਰਮਾਣ ਕੀਤਾ ਜਾ ਸਕੇ। ਇਸ ਮੌਕੇ ਡਾ. ਮਨਦੀਪ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਗੁਰਨੇਕ ਸਿੰਘ, ਗੁਰਮੁੱਖ ਸਿੰਘ ਤੇ ਗੁਰਵਿੰਦਰ ਕੌਰ ਸਮੇਤ ਹੋਰ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



