ਸੜੋਆ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ ਤੋਂ 3 ਨਵੰਬਰ ਤੱਕ “ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ” ਥੀਮ ਹੇਠ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਅੱਜ ਹਲਕਾ ਬਲਾਚੌਰ ਦੇ ਕਸਬਾ ਪੋਜੇਵਾਲ ਵਿਖੇ ਐਮ.ਬੀ.ਜੀ ਸਰਕਾਰੀ ਕਾਲਜ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਡੀ.ਐਸ.ਪੀ ਵਿਜੀਲੈਂਸ ਸ਼ਹੀਦ ਭਗਤ ਸਿੰਘ ਨਗਰ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿਚ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਦੇ ਲੱਗਭਗ ਮੋਹਤਬਰ ਵਿਅਕਤੀ ਅਤੇ ਕਾਲਜ ਦੇ ਕਰੀਬ 150 ਵਿਦਿਆਰਥੀਆਂ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੇ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਡੀ.ਐਸ.ਪੀ ਅਸ਼ਵਨੀ ਕੁਮਾਰ ਵੱਲੋਂ ਵਿਜੀਲੈਂਸ ਬਿਊਰੋ ਦੇ ਕੰਮਕਾਜ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਰਿਸ਼ਵਤਖੋਰ ਅਧਿਕਾਰੀਆਂ/ ਕਰਮਚਾਰੀਆਂ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਹੋਏ ਫੜਨ ਸਬੰਧੀ ਤਰੀਕੇ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ/ਕਰਮਚਾਰੀ ਨੇ ਵਿੱਤ ਤੋਂ ਵੱਧ ਜਾਇਦਾਦ ਬਣਾਈ ਹੋਵੇ ਤਾਂ ਅਜਿਹੇ ਅਧਿਕਾਰੀ/ ਕਰਮਚਾਰੀ ਦੀ ਸੂਚਨਾ ਵੀ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜੇਕਰ ਤੁਹਾਡੇ ਇਲਾਕੇ ਵਿਚ ਕਿਸੇ ਵੀ ਕਿਸਮ ਦੀ ਕੋਈ ਸਰਕਾਰੀ ਉਸਾਰੀ ਜਾਂ ਵਿਕਾਸ ਦਾ ਕੰਮ ਆਦਿ ਹੋ ਰਿਹਾ ਹੋਵੇ, ਜਿਸ ਵਿਚ ਲੱਗਦਾ ਹੋਵੇ ਕਿ ਇਸ ਵਿਚ ਘਟੀਆ ਮਟੀਰੀਅਲ ਵਰਤ ਕੇ ਠੇਕੇਦਾਰ, ਸਰਕਾਰੀ ਅਧਿਕਾਰੀ/ਕਰਮਚਾਰੀ ਵੱਲੋਂ ਸਰਕਾਰ ਵੱਲੋਂ ਆਈ ਗ੍ਰਾਂਟ ਹੜੱਪੀ ਜਾ ਰਹੀ ਹੈ, ਤਾਂ ਉਸ ਦੀ ਸੂਚਨਾ ਵੀ ਵਿਜੀਲੈਸ ਵਿਭਾਗ ਦੇ ਸੀਨੀਅਰ ਅਫਸਰਾਂ ਨੂੰ ਦਿੱਤੀ ਜਾ ਸਕਦੀ ਹੈ।
ਸਮਾਗਮ ਦੌਰਾਨ ਪ੍ਰਿੰਸੀਪਲ ਐਮ.ਬੀ.ਜੀ ਸਰਕਾਰੀ ਕਾਲਜ ਪੋਜੇਵਾਲ ਡਾ. ਜਸਵੀਰ ਸਿੰਘ ਤੋਂ ਇਲਾਵਾ ਪ੍ਰੋ. ਸੁਰਜੀਤ ਸਿੰਘ ਵੱਲੋਂ ਵੀ ਭ੍ਰਿਸ਼ਟਾਚਾਰ ਖਿਲਾਫ ਸਭਨਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਗਏ। ਸੈਮੀਨਾਰ ਵਿਚ ਸ਼ਾਮਿਲ ਵਿਦਿਆਰਥੀਆਂ, ਸਟਾਫ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ-1800 1800 1000, ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ-95012-00200 ਅਤੇ ਦਫਤਰਾਂ ਦੇ ਲੈਂਡਲਾਈਨ ਨੰਬਰਾਂ ਵਾਲੇ ਪੰਫਲਿਟ ਵੰਡੇ ਗਏ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
ਇਸ ਦੌਰਾਨ ਸਟੇਜ ਸਕੱਤਰ ਦੀ ਜਿੰਮੇਵਾਰੀ ਪ੍ਰੋ. ਅਸ਼ਵਨੀ ਕੁਮਾਰ ਵੱਲੋਂ ਬਾਖੂਬੀ ਨਿਭਾਈ ਗਈ। ਵਿਜੀਲੈਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੀ ਹਾਜ਼ਰ ਲੋਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly