ਨਵੀਂ ਦਿੱਲੀ (ਸਮਾਜ ਵੀਕਲੀ) : ਹਿੰਡਨਬਰਗ ਰਿਸਰਚ ਵੱਲੋਂ ਅਡਾਨੀ ਸਮੂਹ ਖ਼ਿਲਾਫ਼ ਲਾਏ ਦੋਸ਼ਾਂ ਦੀ ਚਰਚਾ ਅਤੇ ਜਾਂਚ ਲਈ ਸੰਸਦ ਦੇ ਦੋਵਾਂ ਸਦਨਾਂ ਵਿੱਚ ਮੰਗ ਉਠਾਉਣ ਲਈ ਕਾਂਗਰਸ ਅਤੇ 15 ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅੱਜ ਮੀਟਿੰਗ ਕੀਤੀ। ਸੰਸਦ ਭਵਨ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ ਵਿੱਚ ਹੋਈ ਮੀਟਿੰਗ ਵਿੱਚ ਕਾਂਗਰਸ, ਡੀਐੱਮਕੇ, ਆਮ ਆਦਮੀ ਪਾਰਟੀ, ਭਾਰਤ ਰਾਸ਼ਟਰ ਸਮਿਤੀ, ਸਮਾਜਵਾਦੀ ਪਾਰਟੀ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਜਨਤਾ ਦਲ (ਯੂਨਾਈਟਿਡ) ਅਤੇ ਕਈ ਹੋਰ ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਸੂਤਰਾਂ ਮੁਤਾਬਕ ਵਿਰੋਧੀ ਧਿਰਾਂ ਨੇ ਅਡਾਨੀ ਸਮੂਹ ਨਾਲ ਸਬੰਧਤ ਮਾਮਲੇ ’ਤੇ ਚਰਚਾ ਤੇ ਦੋਸ਼ਾਂ ਦੀ ਜਾਂਚ ਦੀ ਮੰਗ ਸੰਸਦ ’ਚ ਉਠਾਉਂਦੇ ਰਹਿਣ ’ਤੇ ਜ਼ੋਰ ਦਿੱਤਾ।