ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਦੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੌਂਗ ਡੈਮ ਅਤੇ ਸ਼ਾਹ ਨਹਿਰ ਬੈਰਾਜ ਦਾ ਦੌਰਾ ਕੀਤਾ। ਸ਼ਾਹ ਨਹਿਰ ਬੈਰਾਜ ਪਹੁੰਚਣ ‘ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੀ ਮੌਜੂਦ ਸਨ। ਦੌਰੇ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਉਨ੍ਹਾਂ ਨੇ ਵਿਭਾਗੀ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਲੋਕਹਿਤ ਵਿੱਚ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਰਾਵੀ-ਬਿਆਸ ਟ੍ਰਿਬਿਊਨਲ ਵੱਲੋਂ ਪੌਂਗ ਡੈਮ ਅਤੇ ਸ਼ਾਹ ਨਹਿਰ ਬੈਰਾਜ ਦਾ ਦੌਰਾ ਕੀਤਾ ਗਿਆ ਸੀ। ਉਸੇ ਸੰਬੰਧ ਵਿੱਚ ਉਨ੍ਹਾਂ ਅੱਜ ਖੁਦ ਮੌਕੇ ‘ਤੇ ਪਹੁੰਚ ਕੇ ਵਿਭਾਗੀ ਕੰਮਕਾਜ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਾਈਨਿੰਗ ਦੇ ਢੁਕਵੇਂ ਪ੍ਰਬੰਧਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਪਾਰਦਰਸ਼ਤਾ ਨੂੰ ਪ੍ਰੋਤਸਾਹਨ ਦੇ ਰਿਹਾ ਹੈ। ਪਹਿਲਾਂ ਮੈਨੁਅਲ ਸਿਸਟਮ ਸੀ, ਜਿਸਨੂੰ ਹੁਣ ਆਨਲਾਈਨ ਕਰ ਦਿੱਤਾ ਗਿਆ ਹੈ ਅਤੇ ਹਰ ਮਹੱਤਵਪੂਰਨ ਥਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਤਾਂ ਜੋ ਕਿਸੇ ਵੀ ਬੇਨਿਯਮੀਆਂ ‘ਤੇ ਨਜ਼ਰ ਰੱਖੀ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਗੈਰਕਾਨੂੰਨੀ ਖਣਨ ‘ਤੇ ਸਖ਼ਤੀ ਨਾਲ ਕਾਰਵਾਈ ਕਰਦੇ ਹੋਏ ਸਰਕਾਰ ਨੇ 60 ਕਰੋੜ ਰੁਪਏ ਦੇ ਜੁਰਮਾਨੇ ਲਾਏ ਹਨ ਅਤੇ ਕਈ ਐਫਆਈਆਰ ਵੀ ਦਰਜ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲਾਪਰਵਾਹੀ ਸਾਹਮਣੇ ਆਉਂਦੀ ਹੈ, ਉਥੇ ਤੁਰੰਤ ਸਖ਼ਤ ਕਦਮ ਚੁੱਕੇ ਜਾਂਦੇ ਹਨ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ 2022 ਵਿੱਚ ਸਰਕਾਰ ਬਣਨ ਤੋਂ ਬਾਅਦ, ਪਾਰਦਰਸ਼ਤਾ ਅਤੇ ਸੁਸ਼ਾਸਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਜੋ ਸੁਧਾਰ ਕੀਤੇ ਹਨ, ਉਹ ਪਿਛਲੀਆਂ ਸਰਕਾਰਾਂ ਦੌਰਾਨ ਕਦੇ ਸੰਭਵ ਨਹੀਂ ਹੋਏ ਸਨ। ਸਰਕਾਰੀ ਨੀਤੀਆਂ ਦਾ ਮੁੱਖ ਉਦੇਸ਼ ਜਨਤਾ ਦੀ ਸਹੂਲਤ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਹੈ। ਇਸ ਮੌਕੇ ‘ਤੇ ਐਸ.ਈ. ਸ਼ਾਹ ਨਹਿਰ ਵਿਜੈ ਗਿੱਲ, ਐਕਸੀਅਨ ਦਿਨੇਸ਼ ਕੁਮਾਰ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj