ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ): ਪੀਟੀਸੀ ਟੀਵੀ ਚੈਨਲ ਵੱਲੋਂ ‘ਮਿਸ ਪੰਜਾਬਣ’ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਰੱਖਣ ਅਤੇ ਜਿਨਸੀ ਸ਼ੋਸ਼ਣ ਕੀਤੇ ਜਾਣ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਅੱਜ ਉਸ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ। ਬੀਤੇ ਦਿਨੀਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜਿਆ ਗਿਆ ਹੈ।
ਇਸੇ ਤਰ੍ਹਾਂ ਇਸ ਮਾਮਲੇ ਵਿੱਚ ਨਾਮਜ਼ਦ ਮੁੱਖ ਮੁਲਜ਼ਮ ਨੈਨਸੀ ਘੁੰਮਣ ਦੇ ਪਤੀ ਭੁਪਿੰਦਰ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ ਜਦੋਂਕਿ ਨੈਨਸੀ ਘੁੰਮਣ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਰੱਦ ਕੀਤੀ ਜਾ ਚੁੱਕੀ ਹੈ। ਉਂਜ ਇਸ ਮਾਮਲੇ ਵਿੱਚ ਨਾਮਜ਼ਦ ਨੈਨਸੀ ਘੁੰਮਣ ਅਤੇ ਉਸ ਦੇ ਪਤੀ ਭੁਪਿੰਦਰ ਸਿੰਘ ਸਮੇਤ ਮਿਸ ਪੰਜਾਬਣ ਮੁਕਾਬਲਾ 2022-23 ਦੀ ਸਹਾਇਕ ਡਾਇਰੈਕਟਰ ਨਿਹਾਰਿਕਾ ਜੈਨ, ਹੋਟਲ ਦੇ ਮੈਨੇਜਿੰਗ ਡਾਇਰੈਕਟਰ ਲਕਸ਼ਮਣ ਸਮੇਤ ਹੋਰਨਾਂ ਮੁਲਜ਼ਮਾਂ ਨੂੰ ਭਗੌੜਾ ਕਰਾਰ ਦੇਣ ਲਈ ਮੁਹਾਲੀ ਪੁਲੀਸ ਵੱਲੋਂ ਅਦਾਲਤ ਵਿੱਚ ਦਾਇਰ ਵੱਖ-ਵੱਖ ਅਰਜ਼ੀਆਂ ਨੂੰ ਖਾਰਜ ਕੀਤਾ ਜਾ ਚੁੱਕਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਪੀੜਤ ਲੜਕੀ ਦਾ ਸੀਆਰਪੀਸੀ ਦੀ ਧਾਰਾ 164 ਤਹਿਤ ਬਿਆਨ ਦਰਜ ਕਰਨ ਤੋਂ ਬਾਅਦ ਫਰਾਰ ਮੁਲਜ਼ਮਾਂ ਦੀ ਪੈੜ ਨੱਪਣ ਲਈ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly