ਨਸ਼ਿਆਂ ਦੇ ਖਾਤਮੇ ਲਈ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ, ਔਰਤਾਂ ਦੀ ਸ਼ਮੂਲੀਅਤ ਨਾਲ ਨਸ਼ਿਆਂ ਨੂੰ ਜੜੋਂ ਖਤਮ ਕੀਤਾ ਜਾ ਸਕਦੈ – ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਸਮਾਜ ਵੀਕਲੀ) : ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਾਂਝੇ ਤੌਰ ’ਤੇ ਅੱਜ ਇਥੇ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ ਕਰਦਿਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਰਾਹੀਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਵਸਨੀਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਨਸ਼ਿਆਂ ਖਿਲਾਫ਼ ਸਾਂਝੇ ਯਤਨਾਂ ਦੀ ਅਪੀਲ ਕੀਤੀ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਮੁਕੰਮਲ ਤੌਰ ’ਤੇ ਖਤਮ ਕੀਤਾ ਜਾ ਸਕੇ। ਸਥਾਨਕ ਸਿਟੀ ਸੈਂਟਰ ਵਿਖੇ ਹੁਸ਼ਿਆਰਪੁਰ ਬਲਾਕ-1 ਅਤੇ 2 ਦੀਆਂ 300 ਪੰਚਾਇਤਾਂ ਅਤੇ ਨੁਮਾਇੰਦਿਆਂ ਦੀ ਭਰਵੀਂ ਮੌਜੂਦਗੀ ਦੌਰਾਨ ਪ੍ਰਸ਼ਾਸਨ ਵਲੋਂ ਅਪੀਲ ਕੀਤੀ ਗਈ ਕਿ ਜਿਨ੍ਹਾਂ ਖੇਤਰਾਂ ਵਿਚ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪੁਲਿਸ ਦੇ  ਹੈਲਪਲਾਈਨ  ਨੰਬਰ 95016-60318 ਜਾਂ ਕੰਟਰੋਲ ਰੂਮ 01882-247506, 75290-30100 ਜਾਂ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ’ਤੇ ਦਿੱਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਉਪਰਾਲਾ ਕਰਦਿਆਂ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਨਾ ਹੈ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪੰਚਾਇਤਾਂ ਦਾ ਨਸ਼ਿਆਂ ਦੀ ਬੁਰਾਈ ਖਿਲਾਫ਼ ਇਕਜੁੱਟ ਹੋਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਚਾਇਤਾਂ ਵਲੋਂ ਨਸ਼ਿਆਂ ਦੇ ਮੁਕੰਮਲ ਸਫ਼ਾਏ ਲਈ ਪੁਰਜ਼ੋਰ ਉਪਰਾਲੇ ਕਰਨੇ ਚਾਹੀਦੇ ਹਨ ਜਿਸ ਨਾਲ ਨੌਜਵਾਨਾਂ ਨੂੰ ਕੁਰਾਹੇ ਪੈਣ ਤੋਂ ਰੋਕਿਆ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਅਲਾਮਤ ਦੇ ਪੂਰਨ ਖਾਤਮੇ ਲਈ ਪੰਚਾਇਤਾਂ ਅਹਿਮ ਯੋਗਦਾਨ ਪਾ ਸਕਦੀਆਂ ਹਨ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮਿਸ਼ਨ ’ਹੁਸ਼ਿਆਰ’ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮਾਜਿਕ ਬੁਰਾਈਆ ਖਾਸਕਰ ਨਸ਼ਿਆਂ ਦੇ ਸਫ਼ਾਏ ਲਈ ਪੰਚਾਇਤਾਂ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੀਆ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਵੇਚਣ ਵਾਲਿਆਂ ਦੀ ਕਿਸੇ ਪੱਖੋਂ ਵੀ ਕੋਈ ਮਦਦ ਨਹੀਂ ਕੀਤੀ ਜਾਣੀ ਚਾਹੀਦੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਔਰਤਾਂ ਤੋਂ ਨਸ਼ਿਆਂ ਖਿਲਾਫ਼ ਮਿਸ਼ਨ ਵਿਚ ਸਾਰਥਿਕ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਪਹਿਰੇ ਲਾਉਂਦਿਆਂ ਨਸ਼ਾ ਸਮਗਲਰਾਂ ਅਤੇ ਵੇਚਣ ਵਾਲਿਆਂ ਖਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਜਾਣਕਾਰੀ ਮਿਲਣ ’ਤੇ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਤਿਆਰ ਹੈ। ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਪੰਚਾਇਤਾਂ ਨੂੰ ਹਰ ਲੋੜੀਂਦਾ ਸਹਿਯੋਗ ਦਿੰਦਾ ਹੋਇਆ ਨਸ਼ਿਆਂ ਖਿਲਾਫ਼ ਬਣਦੀ ਕਾਰਵਾਈ ਕਰੇਗਾ ਅਤੇ ਪਿੰਡਾਂ ਵਿਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਵੀ ਪੂਰਾ ਸਾਥ ਦੇਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜੰਗ ਲੋਕ ਸਹਿਯੋਗ ਤੋਂ ਬਿਨਾ ਜਿੱਤਣੀ ਅਸੰਭਵ ਹੈ ਜਿਸ ਲਈ ਲੋਕਾਂ ਨੂੰ ਇਸ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਜ਼ਿਲ੍ਹਾ ਪੁਲਿਸ ਵਲੋਂ ਜਾਰੀ ਨੰਬਰਾਂ ਰਾਹੀਂ ਦਿੱਤੀ ਜਾਣੀ ਚਾਹੀਦੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
Next articleਨਵੇਂ ਸਾਲ ਆਮਦ ‘ਤੇ ਸੀ.ਐਚ.ਸੀ ਹਾਰਟਾ ਬਡਲਾ ਵਿਖੇ ਪਾਏ ਗਏ ਸ਼੍ਰੀ ਸੁਖਮਨੀ ਸਾਹਿਬ ਪਾਠ ਜੀ ਦੇ ਭੋਗ