ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਸ. ਭਗਤ ਸਿੰਘ ਚੌਕ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਇਨ੍ਹਾਂ ਅਮਰ ਇਨਕਲਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਇਕੱਠ ਨੂੰ ਸੰਬੋਧਨ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹੀਦੇ-ੲ-ਅੰਤਿਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਅੱਜ ਵੀ ਦੇਸ਼ ਵਾਸੀਆਂ ਖਾਸਕਰ ਨੌਜਵਾਨਾਂ ਨੂੰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਦੇ ਸਿਧਾਂਤਾਂ ਨੂੰ ਅਪਣਾ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ। ਵਿਧਾਇਕ ਜਿੰਪਾ ਨੇ ਕਿਹਾ ਕਿ ਦੇਸ਼ ਭਗਤੀ ਸਿਰਫ਼ ਸ਼ਬਦਾਂ ਤੱਕ ਹੀ ਸੀਮਤ ਨਹੀਂ ਹੋਣੀ ਚਾਹੀਦੀ ਸਗੋਂ ਇਸ ਨੂੰ ਆਪਣੇ ਕੰਮਾਂ ਵਿਚ ਵੀ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਰਕਾਰ ਵੱਖ-ਵੱਖ ਸਕੀਮਾਂ ਅਤੇ ਨੀਤੀਆਂ ਰਾਹੀਂ ਨੌਜਵਾਨਾਂ ਨੂੰ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ਉਹ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਸਕਣ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਡਿਪਟੀ ਮੇਅਰ ਰੰਜੀਤਾ ਚੌਧਰੀ, ਕੌਂਸਲਰ ਰਾਜੇਸ਼ਵਰ ਦਿਆਲ ਬੱਬੀ, ਬਹਾਦਰ ਸਿੰਘ ਸੁਨੇਤ, ਵਰਿੰਦਰ ਸ਼ਰਮਾ, ਮਨੋਜ ਦੱਤਾ, ਚੰਦਰ ਪ੍ਰਕਾਸ਼, ਬ੍ਰਿਜ ਮੱਟੂ, ਬਲਵਿੰਦਰ ਰਾਣਾ, ਮੁਖੀ ਰਾਮ, ਮਨੀ ਗੋਗੀਆ, ਅਸ਼ੋਕ ਸ਼ਰਮਾ ਅਤੇ ਹੋਰ ਪਤਵੰਦੇ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj