HOME ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਖੁਦ...

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਖੁਦ ਕੀਤਾ ਘਰਾਂ ਦੇ ਦੌਰਾ

1
ਬੁਢਲਾਡਾ,  (ਸਮਾਜ ਵੀਕਲੀ)  ਪੰਜਾਬ ਸਰਕਾਰ ਦੀ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਿਹਤਮੰਦ ਰੱਖਣ ਦੀ ਪਹਿਲਕਦਮੀ ਤਹਿਤ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਹਤਿੰਦਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਮਾਨਸਾ, ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਇਸ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਗਈਆਂ।
ਸਿਵਲ ਸਰਜਨ ਮਾਨਸਾ, ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਮਾਨਸਾ, ਬੁਢਲਾਡਾ, ਬਰੇਟਾ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੋਹਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਨਰਸਿੰਗ ਵਿਦਿਆਰਥੀਆਂ, ਆਸ਼ਾ ਵਰਕਰਾਂ ਅਤੇ ਸਿਹਤ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਵੀ ਲਾਰਵਾ ਪਾਇਆ ਜਾਂਦਾ ਹੈ, ਉਸ ਨੂੰ ਤੁਰੰਤ ਨਸ਼ਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਅੱਜ ਬੁਢਲਾਡਾ ਦੀ ਚੌੜੀ ਗਲੀ ਵਿਖੇ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੀ ਖੁਦ ਜਾਂਚ ਕਰਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਮਾਨਸਾ, ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਇਸਦੀ ਸ਼ੁਰੂਆਤ ਕੀਤੀ।
ਇਸ ਮੌਕੇ ਬੋਲਦਿਆਂ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਗਰਮੀ ਅਤੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੂੰ ਸਿਖਲਾਈ ਦੇ ਕੇ ਘਰ-ਘਰ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਤੇ ਵੀ ਖੜ੍ਹੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਨਾ ਹੋਵੇ।
ਉਨ੍ਹਾਂ ਨੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਮਿਊਂਸਪਲ ਕਮੇਟੀ ਅਤੇ ਹੋਰ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸਾਰੇ ਵਿਭਾਗ ਆਪਣੀ ਜ਼ਿੰਮੇਵਾਰੀ ਨਾਲ ਕੰਮ ਕਰਨ, ਜਿਵੇਂ ਕਿ ਸਿਹਤ ਵਿਭਾਗ ਅਤੇ ਮਿਉਂਸਪਲ ਕਮੇਟੀ ਨੂੰ ਫੌਗਿੰਗ ਕਰਨ ਅਤੇ ਲਾਰਵਾ ਨਸ਼ਟ ਕਰਨ ਦੀ ਹਦਾਇਤ ਕੀਤੀ ਗਈ ਹੈ। ਜੇਕਰ ਕਿਸੇ ਵੀ ਖੇਤਰ ਵਿੱਚ ਡੇਂਗੂ ਜਾਂ ਮਲੇਰੀਆ ਦਾ ਕੇਸ ਪਾਇਆ ਜਾਂਦਾ ਹੈ, ਤਾਂ ਉਸਦੇ ਆਲੇ-ਦੁਆਲੇ ਦੇ ਘਰਾਂ ਦਾ ਤੁਰੰਤ ਬੁਖਾਰ ਸਰਵੇ ਕਰਵਾਇਆ ਜਾਵੇ ਅਤੇ ਸਪਰੇਅ ਦਾ ਛਿੜਕਾਅ ਕਰਵਾਇਆ ਜਾਵੇ।
ਨਾਲ ਹੀ, ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਜ਼ਮੀਨੀ ਪੱਧਰ ‘ਤੇ ਸਮੇਂ-ਸਮੇਂ ‘ਤੇ ਜਾਗਰੂਕ ਕੀਤਾ ਜਾਵੇ। ਜੇਕਰ ਕਿਸੇ ਨੂੰ ਬੁਖਾਰ ਜਾਂ ਕੋਈ ਹੋਰ ਤਕਲੀਫ਼ ਹੁੰਦੀ ਹੈ, ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਜਾ ਕੇ ਖੂਨ ਦੀ ਜਾਂਚ ਕਰਵਾਉਣ ਅਤੇ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਲੈਣ ਦੀ ਅਪੀਲ ਕੀਤੀ ਗਈ। ਮੁਹਿੰਮ ਦੇ ਸ਼ੁਰੂਆਤੀ ਦੌਰ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੂਲਰਾਂ ਦੀ ਜਾਂਚ ਕਰਕੇ ਉਨ੍ਹਾਂ ਦਾ ਪਾਣੀ ਮੌਕੇ ‘ਤੇ ਹੀ ਸਾਫ਼ ਕਰਵਾਇਆ ਗਿਆ।
ਡਾ. ਕੰਵਲਪ੍ਰੀਤ ਕੌਰ ਬਰਾੜ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਮਾਨਸਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਘਰ-ਘਰ ਅਤੇ ਜਨਤਕ ਥਾਵਾਂ ਜਿਵੇਂ ਕਿ ਦਫ਼ਤਰਾਂ ਆਦਿ ਵਿੱਚ ਮੱਛਰ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ। ਜੇਕਰ ਕਿਤੇ ਲਾਰਵਾ ਪਾਇਆ ਜਾਂਦਾ ਹੈ, ਤਾਂ ਸਬੰਧਤ ਵਿਭਾਗ ਨੂੰ ਚਲਾਨ ਲਈ ਭੇਜਿਆ ਜਾਂਦਾ ਹੈ। ਇਸਦੇ ਨਾਲ ਹੀ, ਜ਼ਮੀਨੀ ਪੱਧਰ ‘ਤੇ ਪਿੰਡਾਂ ਵਿੱਚ ਘਰ-ਘਰ ਜਾ ਕੇ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਮੇਲ), ਮਲਟੀਪਰਪਜ਼ ਹੈਲਥ ਵਰਕਰ (ਮੇਲ) ਅਤੇ ਆਸ਼ਾ ਵਰਕਰਾਂ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਾ. ਮਨਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ, ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸ੍ਰੀ ਸੰਤੋਸ਼ ਭਾਰਤੀ ਐਪੀਡਮੈਲੋਜਿਸਟ, ਗੁਰਿੰਦਰ ਜੀਤ, ਸੰਜੀਵ ਮਸੀਹ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਮੰਗਲ ਸਿੰਘ ਅਤੇ ਬਲਜੀਤ ਸਿੰਘ (ਸਿਹਤ ਕਰਮਚਾਰੀ), ਕ੍ਰਿਸ਼ਨ ਲਾਲ (ਇੰਸੈਕਟ ਕਲੈਕਟਰ), ਨਰਸਿੰਗ ਵਿਦਿਆਰਥੀ, ਭੋਲਾ ਸਿੰਘ ਅਤੇ ਸੁਖਦੇਵ ਸਿੰਘ (ਸਿਹਤ ਇੰਸਪੈਕਟਰ), ਹਰਪ੍ਰੀਤ ਕੌਰ, ਪ੍ਰਦੀਪ ਅਤੇ ਮਨਪ੍ਰੀਤ ਕੌਰ (ਏ.ਐੱਨ.ਐੱਮਜ਼) ਅਤੇ ਖੇਤਰ ਦੀਆਂ ਆਸ਼ਾ ਵਰਕਰਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।
ਚਾਨਣਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਹਲਕਾ ਚੱਬੇਵਾਲ ਦੇ ਸੈਕਟਰ ਪ੍ਰਧਾਨਾਂ ਨੂੰ ਆਪਣੇ ਆਪਣੇ ਪਿੰਡਾਂ ਵਿੱਚੋਂ ਗੱਡੀਆਂ ਭਰਕੇ ਵਰਕਰ ਸੰਮੇਲਨ ਪਹੁੰਚੋ –ਐਡਵੋਕੇਟ ਮਲਵਿੰਦਰ ਮਾਨਾ
Next articleਸਿਹਤ ਵਿਭਾਗ ਮਾਨਸਾ ਵੱਲੋਂ ਡੇਂਗੂ ਦੇ ਟ੍ਰਾਂਸਮਿਸ਼ਨ ਸੀਜ਼ਨ ਦੌਰਾਨ ਵਿਸ਼ੇਸ਼ ਗਤੀਵਿਧੀਆਂ ਜਾਰੀ