ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਖੇਤਰੀ ਮਸਲਿਆਂ ਤੋਂ ਇਲਾਵਾ ਅਫ਼ਗਾਨਿਸਤਾਨ ’ਚ ਹਾਲ ਹੀ ’ਚ ਵਾਪਰੀਆਂ ਘਟਨਾਵਾਂ ’ਤੇ ਚਰਚਾ ਕੀਤੀ ਅਤੇ ਉੱਥੋਂ ਦੇ ਹਾਲਾਤ ਦੇ ਸੰਦਰਭ ’ਚ ਅਤਿਵਾਦ, ਨਸ਼ੀਲੇ ਪਦਾਰਥਾਂ, ਨਾਜਾਇਜ਼ ਹਥਿਆਰਾਂ ਤੇ ਮਨੁੱਖੀ ਤਸਕਰੀ ਦੇ ਸੰਭਾਵੀ ਖਤਰਿਆਂ ’ਤੇ ਚਿੰਤਾ ਜ਼ਾਹਿਰ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘ਆਪਣੇ ਮਿੱਤਰ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨਾਲ ਅਫ਼ਗਾਨਿਸਤਾਨ ਦੇ ਹਾਲਾਤ ’ਤੇ ਚਰਚਾ ਕੀਤੀ। ਹਿੰਦ-ਪ੍ਰਸ਼ਾਂਤ ’ਚ ਭਾਰਤ ਤੇ ਫਰਾਂਸ ਵਿਚਾਲੇ ਨੇੜਲੇ ਸਹਿਯੋਗ ਬਾਰੇ ਵੀ ਚਰਚਾ ਕੀਤੀ। ਅਸੀਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਸਮੇਤ ਫਰਾਂਸ ਨਾਲ ਆਪਣੇ ਬਰਾਬਰ ਸਹਿਯੋਗ ਨੂੰ ਅਹਿਮ ਥਾਂ ਦਿੰਦੇ ਹਾਂ।’ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਦੋਵਾਂ ਆਗੂਆਂ ਨੇ ਅਫ਼ਗਾਨਿਸਤਾਨ ’ਚ ਮਨੁੱਖੀ ਅਧਿਕਾਰਾਂ ਦੇ ਨਾਲ ਹੀ ਔਰਤਾਂ ਤੇ ਘੱਟ ਗਿਣਤੀਆਂ ਦੇ ਅਧਿਕਾਰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਪੀਐੱਮਓ ਨੇ ਕਿਹਾ, ‘ਦੋਵਾਂ ਆਗੂਆਂ ਨੇ ਖੇਤਰੀ ਮੁੱਦਿਆਂ ਦੇ ਨਾਲ ਹੀ ਅਫ਼ਗਾਨਿਸਤਾਨ ’ਚ ਵਾਪਰੀਆਂ ਘਟਨਾਵਾਂ ’ਤੇ ਵੀ ਚਰਚਾ ਕੀਤੀ।’ ਇਸ ਚਰਚਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਮੈਕਰੌਂ ਨੇ ਹਿੰਦ-ਪ੍ਰਸ਼ਾਂਤ ਖੇਤਰ ’ਚ ਵੱਧਦੇ ਦੁਵੱਲੇ ਸਹਿਯੋਗ ਤੇ ਖੇਤਰ ’ਚ ਸਥਿਰਤਾ ਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ’ਚ ਭਾਰਤ-ਫਰਾਂਸ ਭਾਈਵਾਲੀ ਦੀ ਅਹਿਮ ਭੂਮਿਕਾ ਦੀ ਸਮੀਖਿਆ ਵੀ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly