ਮੋਹਾਲੀ — ਮੋਹਾਲੀ ਦੇ ਸੋਹਾਣਾ ਪਿੰਡ ‘ਚ ਸ਼ਨੀਵਾਰ ਨੂੰ ਇਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ, ਜਿਸ ਨਾਲ ਘੱਟੋ-ਘੱਟ 5 ਲੋਕ ਮਲਬੇ ਹੇਠਾਂ ਦੱਬ ਗਏ। ਇਸ ਹਾਦਸੇ ਵਿੱਚ ਇੱਕ 20 ਸਾਲਾ ਲੜਕੀ ਦੀ ਮੌਤ ਹੋ ਗਈ ਹੈ, ਜਦੋਂ ਕਿ ਚਾਰ ਹੋਰ ਅਜੇ ਵੀ ਲਾਪਤਾ ਹਨ। ਮ੍ਰਿਤਕ ਲੜਕੀ ਦੀ ਪਛਾਣ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਦ੍ਰਿਸ਼ਟੀ ਵਰਮਾ ਵਜੋਂ ਹੋਈ ਹੈ। ਉਸ ਨੂੰ ਜ਼ਖਮੀ ਹਾਲਤ ‘ਚ ਮਲਬੇ ‘ਚੋਂ ਬਾਹਰ ਕੱਢਿਆ ਗਿਆ ਪਰ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀ ਟੀਮ ਨੇ ਵੀ ਬਚਾਅ ਕਾਰਜਾਂ ਵਿੱਚ ਹਿੱਸਾ ਲਿਆ। ਕਈ ਖੁਦਾਈ ਮਸ਼ੀਨਾਂ ਦੀ ਮਦਦ ਨਾਲ ਮਲਬਾ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਪੁਲੀਸ ਨੇ ਇਮਾਰਤ ਦੇ ਮਾਲਕ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਮਾਰਤ ਡਿੱਗਣ ਦਾ ਕਾਰਨ ਕੀ ਸੀ ਇਹ ਪਤਾ ਲਗਾਉਣ ਲਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਜੰਗੀ ਪੱਧਰ ‘ਤੇ ਬਚਾਅ ਕਾਰਜ ਚਲਾਉਣ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਮਾਰਤ ਦੇ ਨੇੜੇ ਖਾਲੀ ਪਏ ਪਲਾਟ ਵਿੱਚ ਖੁਦਾਈ ਦਾ ਕੰਮ ਚੱਲ ਰਿਹਾ ਸੀ, ਜਿਸ ਕਾਰਨ ਇਮਾਰਤ ਡਿੱਗ ਗਈ। ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿਡਕੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਦੇ ਲਾਪਤਾ ਹੋਣ ਬਾਰੇ ਜਾਣਕਾਰੀ ਹੋਵੇ ਤਾਂ ਉਹ ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰ 0172-2219506 ‘ਤੇ ਸੰਪਰਕ ਕਰਨ।
ਸ਼ਹਿਰ ਦੇ ਸਾਰੇ ਵੱਡੇ ਹਸਪਤਾਲਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਬਚਾਅ ਕਰਮਚਾਰੀਆਂ ਨੂੰ ਲੋੜੀਂਦਾ ਸਾਮਾਨ ਅਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਇਹ ਹਾਦਸਾ ਮੁਹਾਲੀ ਵਿੱਚ ਵਾਪਰਿਆ ਵੱਡਾ ਹਾਦਸਾ ਹੈ ਅਤੇ ਇਸ ਨੇ ਲੋਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਪ੍ਰਸ਼ਾਸਨ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly