ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ): ਮੁਹਾਲੀ ਅਦਾਲਤ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਰਾਹਤ ਦਿੰਦਿਆਂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਉਸ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।
ਬਚਾਅ ਪੱਖ ਦੇ ਵਕੀਲਾਂ ਦਮਨਬੀਰ ਸਿੰਘ ਸੋਬਤੀ, ਅਰਸ਼ਦੀਪ ਸਿੰਘ ਕਲੇਰ ਅਤੇ ਐੱਚਐੱਸ ਧਨੋਆ ਨੇ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰ ਕੇ ਜੇਲ੍ਹ ਅੰਦਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਨਾ ਕਰਵਾਉਣ ਦਾ ਦੋਸ਼ ਲਾਉਂਦਿਆਂ ਕਿਹਾ ਸੀ ਕਿ ਮਜੀਠੀਆ ਨੂੰ ਜੋੜਾ ਚੱਕੀ ਵਿੱਚ ਬਹੁਤ ਛੋਟੇ ਆਕਾਰ ਦੀ ਬੈਰਕ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਤਰਕ ਦਿੱਤਾ ਕਿ ਉਹ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਤੇ ਸਿਆਸੀ ਆਗੂ ਹਨ। ਲਿਹਾਜ਼ਾ ਉਨ੍ਹਾਂ ਨੂੰ ਜੇਲ੍ਹ ਵਿੱਚ ਨਿਯਮਾਂ ਤਹਿਤ ਆਮ ਕੈਦੀਆਂ ਨਾਲੋਂ ਵਧੀਆ ਸਹੂਲਤਾਂ ਦੇਣੀਆਂ ਬਣਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮਜੀਠੀਆ ਨੂੰ ਪਹਿਲਾਂ ਵਾਲੀ ਸੁਰੱਖਿਆ ਬੈਰਕ ਵਿੱਚ ਸ਼ਿਫ਼ਟ ਕੀਤਾ ਜਾਵੇ ਤੇ ਸਵੱਛਤਾ ਵਿਵਸਥਾ ਕੀਤੀ ਜਾਵੇ।
ਉੱਧਰ, ਪੰਜਾਬ ਸਰਕਾਰ ਦੀ ਤਰਫ਼ੋਂ ਸਰਕਾਰੀ ਵਕੀਲ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਜੇਲ੍ਹ ਵਿੱਚ ਕੈਦੀਆਂ ਦੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਹਨ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੇਲ੍ਹ ਵਿੱਚ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਉਣ ਸਣੇ ਬੈਰਕ ਵਿੱਚ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਤੇ ਸਵੱਛਤਾ ਵਿਵਸਥਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly