ਮਨੀ ਲਾਂਡਰਿੰਗ: ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ ਹੋਈ

Sukhpal Singh Khaira

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ): ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਅੱਜ ਕਾਂਗਰਸ ਆਗੂ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਈਡੀ ਦੇ ਵਕੀਲ ਨੇ ਆਪਣੀ ਦਲੀਲ ਵਿੱਚ ਕਿਹਾ ਕਿ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ ਕਿਉਂਕਿ ਉਸ ਦੇ ਜੇਲ੍ਹ ’ਚੋਂ ਬਾਹਰ ਆਉਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਬੀਤੀ 3 ਦਸੰਬਰ ਨੂੰ ਸਵੇਰੇ ਅਤੇ ਬਾਅਦ ਦੁਪਹਿਰ ਦੋ ਪੜਾਵਾਂ ਵਿੱਚ ਕਰੀਬ 5 ਘੰਟੇ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਨੂੰ ਆਪਣਾ ਪੱਖ ਰੱਖਣ ਲਈ ਖੁੱਲ੍ਹਾ ਸਮਾਂ ਦਿੱਤਾ ਸੀ ਅਤੇ ਬਹਿਸ ਮੁਕੰਮਲ ਹੋਣ ਤੋਂ ਬਾਅਦ ਅਦਾਲਤ ਨੇ ਅੱਜ (7 ਦਸੰਬਰ) ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ।

ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਸੁਖਪਾਲ ਖਹਿਰਾ ਨੂੰ ਬੇਕਸੂਰ ਦੱਸਦੇ ਹੋਏ ਈਡੀ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਲਈ ਕਾਂਗਰਸ ਆਗੂ ਦੀ ਜ਼ਮਾਨਤ ਮਨਜ਼ੂਰ ਕਰਕੇ ਉਸ ਨੂੰ ਜੇਲ੍ਹ ’ਚੋਂ ਰਿਹਾਅ ਕੀਤਾ ਜਾਵੇ। ਬਚਾਅ ਪੱਖ ਨੇ ਅਦਾਲਤ ਨੂੰ ਦੱਸਿਆ ਕਿ ਕਾਂਗਰਸ ਆਗੂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵੱਖਰੇ ਤੌਰ ’ਤੇ ਈਡੀ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਇਹ ਕਾਰਵਾਈ ਉੱਚ ਅਦਾਲਤ ਵਿੱਚ ਵਿਚਾਰ ਅਧੀਨ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਅੱਜ ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰ ਦਿੱਤੀ। ਇਸ ਸਮੇਂ ਸੁਖਪਾਲ ਖਹਿਰਾ ਨਿਆਂਇਕ ਹਿਰਾਸਤ ਅਧੀਨ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਨ। ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ ਖਹਿਰਾ ਦਾ ਜੁਡੀਸ਼ੀਅਲ ਰਿਮਾਂਡ 16 ਦਸੰਬਰ ਤੱਕ ਹੋਰ ਅੱਗੇ ਵਧਾ ਦਿੱਤਾ ਸੀ। ਈਡੀ ਵੱਲੋਂ ਸਾਲ 2015 ਵਿੱਚ ਫਾਜ਼ਿਲਕਾ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵਜੋਤ ਸਿੱਧੂ ਵੱਲੋਂ ਅਮਰਿੰਦਰ ’ਤੇ ਮੁੜ ਹੱਲਾ
Next articleਹਾਈ ਕੋਰਟ ’ਚ ਹੁਕਮ ਨੂੰ ਚੁਣੌਤੀ ਦੇਵਾਂਗੇ: ਮਹਿਤਾਬ ਖ਼ਹਿਰਾ