(ਸਮਾਜ ਵੀਕਲੀ)
ਕਪੂਰਥਲਾ, 24 ਫਰਵਰੀ (ਕੌੜਾ)- ਕੌਮਾਂਤਰੀ ਮਾਂ ਬੋਲੀ ਦਿਹਾੜੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਅਤੇ ਸਾਹਿਤ ਸਭਾ ਵੱਲੋਂ ਕਰਵਾਏ ਗਏ ਪੰਜਾਬੀ ਮਾਂ ਬੋਲੀ ਦੀ ਬੁਲੰਦੀ ਲਈ ਹਾਕ ” ਵਿਸ਼ੇਸ਼ ਸੈਮੀਨਾਰ ਤੇ ਬੋਲਦਿਆਂ ਪਿ੍ੰਸੀਪਲ ਸੁਖਵਿੰਦਰ ਸਿੰਘ ਰੰਧਾਵਾ ਨੇ ਆਪਣੀ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਨੂੰ ਸਮਝਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਮਾਂ ਬੋਲੀ ਸਾਡੀ ਜੜ੍ਹ ਹੈ ਤੇ ਇਨਸਾਨ ਨੂੰ ਜਿੰਦਾ ਰਹਿਣ ਲਈ ਜੜ੍ਹਾਂ ਨਾਲ ਜੁੜੇ ਰਹਿਣਾ ਬਹੁਤ ਜਰੂਰੀ ਹੈ | ਪਿ੍: ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਉਪਰਾਲਿਆਂ ਨੂੰ ਕਾਮਯਾਬ ਕਰਨ ਲਈ ਸਾਨੂੰ ਸਭ ਨੂੰ ਵੀ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ | ਇਸ ਮੌਕੇ ਬੋਲਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਉਹਨਾਂ ਪੰਜਾਬੀ ਮਾਂ ਬੋਲੀ ਦੀ ਸਥਿਤੀ ਤੇ ਭਵਿੱਖ ਵਿਚਲੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਉਨ੍ਹਾਂ ਭਾਸ਼ਾ ਵਿਭਾਗ ਅਤੇ ਪੰਜਾਬੀ ਦੀਆਂ ਖ਼ਾਲੀ ਹੋ ਰਹੀਆਂ ਅਸਾਮੀਆਂ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਪ੍ਰੰਬਧਕਾਂ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਂ ਬੋਲੀ ਨੂੰ ਸਮਰਪਿਤ ਅਜਿਹੇ ਉਪਰਾਲੇ ਕਰਦੇ ਰਹਿਣਾਂ ਚਾਹੀਦਾ ਹੈ।