ਸਿੱਧੂ ਤੇ ਬਾਜਵਾ ਨੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਮੁੁੱਦਾ ਉਭਾਰਿਆ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਲਈ ਹੁਣ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੰਘੇ ਦਿਨੀਂ 300 ਯੂਨਿਟ ਮੁਫ਼ਤ ਬਿਜਲੀ ਦਿੱਤੇ ਜਾਣ ਦੇ ਵਾਅਦੇ ਨੇ ਸਿਆਸਤ ਭਖਾ ਦਿੱਤੀ ਹੈ। ਪੰਜਾਬ ਸਰਕਾਰ ਮੌਜੂਦਾ ਸਮੇਂ ’ਚ ਐੱਸਸੀ/ਬੀਸੀ/ਬੀਪੀਐੱਲ ਅਤੇ ਫਰੀਡਮ ਫਾਈਟਰ ਪਰਿਵਾਰਾਂ ਨੂੰ 200 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ।

ਕਾਂਗਰਸ ਆਗੂ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਦਾ ਨਾਮ ਲਏ ਬਿਨਾਂ ਆਪਣੇ ਟਵੀਟ ’ਚ ਅੱਜ ਆਖਿਆ ਕਿ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਦਿੱਤੇ ਜਾਣ ਦੇ ਨਾਲ ਨਾਲ 24 ਘੰਟੇ ਬਿਜਲੀ ਸਪਲਾਈ ਲਾਜ਼ਮੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪਹਿਲਾਂ ਹੀ 9000 ਕਰੋੜ ਰੁਪਏ ਦੀ ਸਬਸਿਡੀ ਦੇ ਰਿਹਾ ਹੈ ਪ੍ਰੰਤੂ ਸਰਚਾਰਜ ਕਾਰਨ ਵਧੀ ਬਿਜਲੀ ਕੀਮਤ 10 ਤੋਂ 12 ਰੁਪਏ ਦੀ ਬਜਾਏ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 3 ਤੋਂ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦਿੱਤੀ ਜਾਵੇ। ਸਿੱਧੂ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਦਿੱਤੇ ਲੋਕ ਪੱਖੀ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦ ਕੇ ਕੌਮੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਕੀਮਤਾਂ ਬਿਨਾਂ ਕਿਸੇ ਬੱਝਵੀਂ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਇਆ ਜਾਵੇ।

ਇਸੇ ਦੌਰਾਨ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਬਿਆਨ ਜਾਰੀ ਕਰਕੇ ਸੂਬਾ ਸਰਕਾਰ ਨੂੰ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਦਿੱਤੇ ਜਾਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੀਤੇ ਵਾਅਦੇ ਅਨੁਸਾਰ ਵਾਈਟ ਪੇਪਰ ਵੀ ਜਾਰੀ ਕਰਨਾ ਚਾਹੀਦਾ ਹੈ। ਬਾਜਵਾ ਨੇ ਕਿਹਾ ਹੈ ਕਿ ਵਿਘਨਮਈ ਬਿਜਲੀ ਸਪਲਾਈ ਦੇਣ ਕਰਕੇ ਪਾਵਰਕੌਮ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਜ਼ਿੰਮੇਵਾਰ ਅਫਸਰਾਂ ਖ਼ਿਲਾਫ਼ ਐਕਸ਼ਨ ਲਿਆ ਜਾਵੇ। ਉਨ੍ਹਾਂ ਮੁੱਖ ਮੰਤਰੀ ਨੂੰ ਭਵਿੱਖ ਵਿਚ ਅਜਿਹੀ ਨੌਬਤ ਨਾ ਆਉਣ ਦੇਣ ਲਈ ਲੋੜੀਂਦੇ ਕਦਮ ਉਠਾਉਣ ਲਈ ਕਿਹਾ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ’ਚ ਅੰਦਰੋਂ ਅੰਦਰੀਂ ਸਾਰਿਆਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੇ ਜਾਣ ਦਾ ਮਾਮਲਾ ਵਿਚਾਰਿਆ ਜਾ ਰਿਹਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖੇਤੀ ਨੂੰ ਅੱਠ ਘੰਟੇ ਬਿਜਲੀ ਦਿੱਤੀ: ਵੇਣੂ ਪ੍ਰਸਾਦ
Next articleਬੱਲੜਵਾਲ ’ਚ ਧੀ ਦੇ ਪ੍ਰੇਮੀ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਹੱਤਿਆ