ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿੱਚ ਅੱਜ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਐੱਮਐੱਸਪੀ ਗਾਰੰਟੀ ਹਫ਼ਤੇ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿੱਚ ਰੋਸ ਪ੍ਰਦਰਸ਼ਨ ਕਰਕੇ ਸਥਾਨਕ ਅਧਿਕਾਰੀਆਂ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਭੇਜੇ ਗਏ। ਆਗੂਆਂ ਨੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਵਤੀਰੇ ਦੀ ਨਿਖੇਧੀ ਕੀਤੀ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ਦੀ ਖ਼ਰੀਦ ਲਈ ਕਾਨੂੰਨ ਬਣਾਵੇ।
ਇਸ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਅਤੇ ਰਮੇਸ਼ ਚੰਦਰ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ, ਸਬਸਿਡੀਆਂ ਵਿੱਚ ਵਾਧਾ ਕਰਨ, ਖੇਤੀ ਲਈ ਡੀਜ਼ਲ ਸਸਤੇ ਭਾਅ ਦੇਣ, ਸਾਮਰਾਜੀ ਬਹੁਕੌਮੀ ਕੰਪਨੀਆਂ ਵੱਲੋਂ ਰੇਹਾਂ, ਸਪਰੇਆਂ, ਮਸ਼ੀਨਰੀ ਤੇ ਬੀਜਾਂ ਰਾਹੀਂ ਕੀਤੀ ਜਾ ਰਹੀ ਅੰਨ੍ਹੀ ਲੁੱਟ ਦਾ ਖ਼ਾਤਮਾ ਕਰਨ ਅਤੇ ਲਾਗਤ ਵਸਤਾਂ ਕਿਸਾਨਾਂ ਨੂੰ ਸਸਤੇ ਭਾਅ ’ਤੇ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ ਆਖਿਆ ਕਿ ਸਰਕਾਰੀ ਖਰੀਦ ਦਾ ਭੋਗ ਪਾਉਣ ਅਤੇ ਐੱਫਸੀਆਈ ਨੂੰ ਤੋੜਨ ਵਰਗੀਆਂ ਸਿਫ਼ਾਰਸ਼ਾਂ ਕਰਨ ਵਾਲੀ ਸ਼ਾਂਤਾ ਕੁਮਾਰ ਕਮੇਟੀ ਦੀ ਰਿਪੋਰਟ ਰੱਦ ਕੀਤੀ ਜਾਵੇ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਣਕ ਦੇ ਘੱਟ ਝਾੜ ਕਾਰਨ ਸਰਕਾਰ ਕਿਸਾਨਾਂ ਨੂੰ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ। ਉਨ੍ਹਾਂ ਕਿਹਾ ਕਿ ਗਰਮੀ ਕਾਰਨ ਬਾਰੀਕ ਰਹਿ ਗੲੇ ਕਣਕ ਦੇ ਦਾਣਿਆਂ ਦੀ ਲਾਈ ਗਈ ਗੈਰ-ਵਾਜਬ ਸ਼ਰਤ ਰੱਦ ਕਰਕੇ ਪਹਿਲਾਂ ਵਾਂਗ ਸਰਕਾਰੀ ਖਰੀਦ ਸ਼ੁਰੂ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਕਿਸਾਨ ਵਿਰੋਧੀ ਸ਼ਰਤ ਨਹੀਂ ਹਟਾਈ ਜਾਂਦੀ ਤਾਂ ਸਰਕਾਰ ਨੂੰ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly