ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ (ਸਮਾਜ ਵੀਕਲੀ) : ਭਾਰਤੀ ਕਿਸਾਨ ਯੂਨੀਅਨ ਦੇ ਮੁੱਖ ਬੁਲਾਰੇ ਰਾਕੇਸ ਟਿਕੈਤ ਨੇ ਅੱਜ ਮੰਗ ਕੀਤੀ ਕਿ ਦੇੇਸ਼ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਖਰੀਦ ਯਕੀਨੀ ਬਣਾਉਣ ਲਈ ਕਾਨੂੰਨ ਲੈ ਕੇ ਆਏ। ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਸੰਯੁਕਤ ਸ਼ੇਤਕਾਰੀ ਕਾਮਗਾਰ ਮੋਰਚਾ (ਐੱਸਐੱਸਕੇਐੱਮ) ਦੇ ਬੈਨਰ ਹੇਠ ਕਰਵਾਈ ‘ਕਿਸਾਨ ਮਹਾਪੰਚਾਇਤ’ ਨੂੰ ਸੰਬੋਧਨ ਕਰਦਿਆਂ ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਉਹ ਐੱਮਐੱਸਪੀ ਦੇ ਹਮਾਇਤੀ ਸਨ ਤੇ ਚਾਹੁੰਦੇ ਸਨ ਕਿ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਦੇਸ਼ ਪੱਧਰ ’ਤੇ ਕੋਈ ਕਾਨੂੰਨ ਬਣੇ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਇਸ ਮੁੱਦੇ ’ਤੇ ਚਰਚਾ ਤੋਂ ਭੱਜ ਰਹੀ ਹੈ।

ਟਿਕੈਤ ਨੇ ਕਿਹਾ, ‘‘ਕੇਂਦਰ ਸਰਕਾਰ ਕਿਸਾਨਾਂ ਨੂੰ ਐੱਮਐੱਸਪੀ ਦੀ ਗਾਰੰਟੀ ਦੇਣ ਲਈ ਕਾਨੂੰਨ ਲਿਆਵੇ। ਖੇਤੀ ਤੇ ਕਿਰਤ ਸੈਕਟਰ ਨਾਲ ਜੁੜੇ ਕਈ ਮਸਲੇ ਹਨ, ਜਿਨ੍ਹਾਂ ਵੱਲ ਫੌਰੀ ਧਿਆਨ ਦੇਣ ਦੀ ਲੋੜ ਹੈ। ਅਸੀਂ ਪੂਰੇ ਦੇਸ਼ ਦੀ ਯਾਤਰਾ ਕਰਕੇ ਇਨ੍ਹਾਂ ਮੁੱਦਿਆਂ ਨੂੰ ਲੋਕਾਂ ਸਾਹਮਣੇ ਲਿਆਵਾਂਗੇ।’’ ਟਿਕੈਤ ਨੇ ਮੰਗ ਕੀਤੀ ਕਿ ਪਿਛਲੇ ਇਕ ਸਾਲ ਤੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦੀਆਂ ਪਾਉਣ ਵਾਲੀ ਕਿਸਾਨਾਂ ਦੇ ਵਾਰਸਾਂ ਲਈ ਵਿੱਤੀ ਮਦਦ ਐਲਾਨੀ ਜਾਵੇ। ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਦੇ ਨਾਂ ਆਪਣੇ ਸੰਬੋਧਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦਾ ਐਲਾਨ ਕੀਤਾ ਸੀ। ਕਾਨੂੰਨ ਵਾਪਸੀ ਸਬੰਧੀ ਤਜਵੀਜ਼/ਏਜੰਡੇ ਨੂੰ ਕੇਂਦਰੀ ਕੈਬਨਿਟ ’ਚ ਹਰੀ ਝੰਡੀ ਮਿਲ ਚੁੱਕੀ ਹੈ ਤੇ ਹੁਣ ਕਾਨੂੰਨ ਵਾਪਸੀ ਸਬੰਧੀ ਬਿੱਲ ਨੂੰ ਸਰਦ ਰੁੱਤ ਇਜਲਾਸ ’ਚ ਪੇਸ਼ ਕੀਤਾ ਜਾਵੇਗਾ, ਜੋ ਭਲਕ ਤੋਂ ਸ਼ੁਰੂ ਹੋ ਰਿਹਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੇ ਫ਼ੈਸਲੇ ਦੀ ਸਮੀਖਿਆ ਕਰੇਗੀ ਭਾਰਤ ਸਰਕਾਰ
Next articleਲਖੀਮਪੁਰ ਖੀਰੀ ’ਚ ਮਾਰੇ ਗੲੇ ਚਾਰ ਕਿਸਾਨਾਂ ਦੀਆਂ ਅਸਥੀਆਂ ਸਮੁੰਦਰ ’ਚ ਜਲ ਪ੍ਰਵਾਹ