HOME ਨਗਰ ਕੌਂਸਲ ਚੋਣਾਂ : ਗੜ੍ਹਸ਼ੰਕਰ ਦੇ 13 ਵਾਰਡਾਂ ‘ਚੋਂ 8 ‘ਤੇ ਆਮ...

ਨਗਰ ਕੌਂਸਲ ਚੋਣਾਂ : ਗੜ੍ਹਸ਼ੰਕਰ ਦੇ 13 ਵਾਰਡਾਂ ‘ਚੋਂ 8 ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ

3

ਡਿਪਟੀ ਸਪੀਕਰ ਸ.ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵੋਟਰਾਂ ਅਤੇ ਵਰਕਰਾਂ ਦਾ ਕੀਤਾ ਧੰਨਵਾਦ

ਗੜ੍ਹਸ਼ੰਕਰ,  (ਸਮਾਜ ਵੀਕਲੀ)   (ਬਲਵੀਰ ਚੌਪੜਾ ) ਸਥਾਨਕ ਨਗਰ ਕੌਂਸਲ ਗੜ੍ਹਸ਼ੰਕਰ ਦੇ 13 ਵਾਰਡਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਅੱਜ ਹੋਈ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8 ਵਾਰਡਾਂ ਵਿੱਚ ਜਿੱਤ ਦਰਜ ਕੀਤੀ। ਚੋਣ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ। ਜਿੱਤ ਤੋਂ ਬਾਅਦ ਸਮਰਥਕਾਂ ਵੱਲੋਂ ਇਕ-ਦੂਜੇ ਨੂੰ ਵਧਾਈਆਂ ਦੇਣ ਦੇ ਨਾਲ-ਨਾਲ ਮਿੱਠਾਈਆਂ ਵੀ ਵੰਡੀਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਿਮਲਾ ਦੇਵੀ ਨੇ 350 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 3, 4, 5 ਅਤੇ 6 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਕੌਰ, ਪ੍ਰਿੰਸ, ਨੀਰਜ ਖੰਨਾ ਅਤੇ ਹਰਪ੍ਰੀਤ ਸਿੰਘ ਨੇ ਕ੍ਰਮਵਾਰ 573, 299, 239 ਅਤੇ 390 ਵੋਟਾਂ ਪ੍ਰਾਪਤ ਕਰਕੇ ਆਪਣੇ ਵਿਰੋਧੀਆਂ ਨੂੰ ਹਰਾਇਆ। ਇਸੇ ਤਰ੍ਹਾਂ ਵਾਰਡ ਨੰਬਰ 8 ਅਤੇ 9 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੋਮਨਾਥ ਬੰਗੜ ਅਤੇ ਜਸਵਿੰਦਰ ਕੌਰ ਨੇ ਕ੍ਰਮਵਾਰ 489 ਅਤੇ 432 ਵੋਟਾਂ ਲੈ ਕੇ ਜਿੱਤ ਆਪਣੇ ਨਾਮ ਕੀਤੀ। ਵਾਰਡ ਨੰਬਰ 12 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਰਨ ਸਿੰਘ ਬੰਗੜ ਨੇ 397 ਵੋਟਾਂ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਦੇ ਵੋਟਰਾਂ ਨੇ ਵਿਕਾਸ ਦੀ ਰਾਜਨੀਤੀ ‘ਤੇ ਮੋਹਰ ਲਗਾਈ ਹੈ ਅਤੇ ਆਮ ਆਦਮੀ ਪਾਰਟੀ ‘ਤੇ ਵਿਸ਼ਵਾਸ ਜਤਾਇਆ ਹੈ। ਉਨ੍ਹਾਂ ਸਮੂਹ ਵੋਟਰਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਗੜ੍ਹਸ਼ੰਕਰ ਦੇ ਵਿਕਾਸ ਲਈ ਹੋਰ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਿੱਚ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰਣਦੀਪ ਸਿੰਘ ਸਰਾਏ ਨਾਲ ਮੁਲਾਕਾਤ ਦੌਰਾਨ ਢੇਸੀ ਨੇ ਚੁੱਕੇ ਰੱਖਿਆ ਤੇ ਵਿਕਾਸ ਨਾਲ ਜੁੜੇ ਮੁੱਦੇ
Next articleਰੋਟਰੀ ਕਲੱਬ ਮਿਡ ਟਾਊਨ ਵੱਲੋਂ ਬੱਚਿਆਂ ਲਈ ਹੈਂਡ ਵਾਸ਼ ਸਟੇਸ਼ਨ ਸਮਰਪਿਤ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤਾ ਉਦਘਾਟਨ