ਬੰਗਾ, ਨਵਾਂਸ਼ਹਿਰ ਅਤੇ ਰਾਹੋਂ ਦੀਆਂ 45 ਵਾਰਡਾਂ ਵਿੱਚ 64,232 ਵੋਟਰ ਕਰਨਗੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ
ਸ਼ਹੀਦ ਭਗਤ ਸਿੰਘ ਨਗਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਸੁਚਾਰੂ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਵੱਖ-ਵੱਖ ਕੇਂਦਰਾਂ ਤੋਂ 69 ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਡਿਸਪੈਚ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਪੋਲਿੰਗ ਅਮਲੇ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਵੇਰਵਾ ਦਿੰਦਿਆਂ ਸ਼੍ਰੀ ਔਲਖ ਨੇ ਦੱਸਿਆ ਕਿ ਹਰੇਕ ਪੋਲਿੰਗ ਪਾਰਟੀ ਵਿੱਚ ਇੱਕ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ.), ਇੱਕ ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ (ਏ.ਪੀ.ਆਰ.ਓ.) ਅਤੇ ਤਿੰਨ ਪੋਲਿੰਗ ਅਫ਼ਸਰ (ਪੀ.ਓ.) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬੰਗਾ, ਨਵਾਂਸ਼ਹਿਰ ਅਤੇ ਰਾਹੋਂ ਵਿੱਚ ਕੁੱਲ 69 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਜਿੱਥੇ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਵਿੱਚ 64,232 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿੱਚ 32,341 ਪੁਰਸ਼, 31,881 ਮਹਿਲਾ ਅਤੇ 10 ਹੋਰ ਵੋਟਰ ਸ਼ਾਮਲ ਹਨ। ਕੁੱਲ ਵੋਟਰਾਂ ਵਿੱਚੋਂ ਬੰਗਾ ਵਿੱਚ 15,832, ਨਵਾਂਸ਼ਹਿਰ ਵਿੱਚ 36,985 ਅਤੇ ਰਾਹੋਂ ਵਿੱਚ 11,415 ਵੋਟਰ ਹਨ। ਸ਼੍ਰੀ ਔਲਖ ਨੇ ਅੱਗੇ ਦੱਸਿਆ ਕਿ ਤਿੰਨ ਨਗਰ ਕੌਂਸਲਾਂ ਦੀਆਂ 45 ਵਾਰਡਾਂ ਲਈ ਕੁੱਲ 148 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਬੰਗਾ ਦੀਆਂ 15 ਵਾਰਡਾਂ ਲਈ 52, ਨਵਾਂਸ਼ਹਿਰ ਦੀਆਂ 19 ਵਾਰਡਾਂ ਲਈ 70 ਅਤੇ ਰਾਹੋਂ ਦੀਆਂ 11 ਵਾਰਡਾਂ ਲਈ 26 ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਦੇ ਸੁਚਾਰੂ ਸੰਚਾਲਨ ਲਈ ਰਿਜ਼ਰਵ ਸਟਾਫ਼ ਸਮੇਤ 533 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



