ਅੰਮ੍ਰਿਤਸਰ (ਸਮਾਜ ਵੀਕਲੀ): ਬਰਗਾੜੀ ਮੋਰਚੇ ਵਿਚ ਹੁਣ ਤੱਕ ਨਿਆਂ ਨਾ ਦੇਣ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 20 ਸਤੰਬਰ ਨੂੰ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਭਾਈ ਮੰਡ ਨੇ ਦੱਸਿਆ ਕਿ ਪਿਛਲੀ ਵਾਰ 20 ਅਗਸਤ ਨੂੰ ਪੰਜਾਬ ਸਰਕਾਰ ਦੇ ਪੰਜ ਨੁਮਾਇੰਦਿਆਂ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਨੇ ਹੁਣ ਤੱਕ ਕਾਰਵਾਈ ਨਾ ਹੋਣ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਦੱਸਿਆ ਹੈ।
ਇਸ ਸਪੱਸ਼ਟੀਕਰਨ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਪੱਸ਼ਟੀਕਰਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 20 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਲਾਏ ਗਏ ਦੋਸ਼ਾਂ ਬਾਰੇ ਆਪਣਾ ਸਪੱਸ਼ਟੀਕਰਨ ਦੇਣ। ਇਸ ਤੋਂ ਪਹਿਲਾਂ ਮੁਤਵਾਜ਼ੀ ਜਥੇਦਾਰ ਵੱਲੋਂ ਪੰਜਾਬ ਦੇ ਦੋ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਤਿੰਨ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ। .
ਉਨ੍ਹਾਂ ਦੱਸਿਆ ਕਿ ਸਪੱਸ਼ਟੀਕਰਨ ਵਿੱਚ ਸਰਕਾਰ ਦੇ ਨੁਮਾਇੰਦਿਆਂ ਨੇ ਲਿਖ ਕੇ ਦਿੱਤਾ ਹੈ ਕਿ ਬਰਗਾੜੀ ਮੋਰਚਾ ਖਤਮ ਕਰਨ ਵੇਲੇ ਦਿੱਤਾ ਗਿਆ ਭਰੋਸਾ ਮੁੱਖ ਮੰਤਰੀ ਵੱਲੋਂ ਕਹਿਣ ’ਤੇ ਹੀ ਦਿਤਾ ਗਿਆ ਸੀ। ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਕੰਮ ਵੀ ਸਰਕਾਰ ਦੇ ਗ੍ਰਹਿ ਵਿਭਾਗ ਅਤੇ ਪੁਲੀਸ ਵਿਭਾਗ ਦਾ ਸੀ, ਜੋ ਕਿ ਮੁੱਖ ਮੰਤਰੀ ਦੇ ਅਧੀਨ ਹੈ। ਇਸ ਲਈ ਇਨ੍ਹਾਂ ਮਾਮਲਿਆਂ ਬਾਰੇ ਸਮੁੱਚੀ ਜਾਣਕਾਰੀ ਮੁੱਖ ਮੰਤਰੀ ਹੀ ਦੇ ਸਕਦੇ ਹਨ।
ਉਨ੍ਹਾਂ ਆਖਿਆ ਕਿ ਪੰਜ ਨੁਮਾਇੰਦਿਆਂ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਸਬੰਧੀ ਫੈਸਲਾ ਹਾਲ ਦੀ ਘੜੀ ਰਾਖਵਾਂ ਰੱਖਿਆ ਗਿਆ ਹੈ। ਮੁੱਖ ਮੰਤਰੀ ਵੱਲੋਂ ਸਪਸ਼ਟੀਕਰਨ ਦੇਣ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਅਤੇ ਉਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly