ਗਵਾਲੀਅਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਦਰਬਾਰ ਸਾਹਿਬ ਪਹੁੰਚਿਆ

ਅੰਮ੍ਰਿਤਸਰ (ਸਮਾਜ ਵੀਕਲੀ): ਬੰਦੀ ਛੋੜ ਦਿਹਾੜੇ ਦੇ ਚਾਰ ਸੌ ਸਾਲਾ ਸ਼ਤਾਬਦੀ ਨੂੰ ਸਮਰਪਿਤ ਗਵਾਲੀਅਰ ਤੋਂ ਸ਼ੁਰੂ ਹੋਏ ਨਗਰ ਕੀਰਤਨ ਦਾ ਅੱਜ ਇੱਥੇ ਦਰਬਾਰ ਸਾਹਿਬ ਪੁੱਜਣ ’ਤੇ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ 27 ਅਕਤੂਬਰ ਨੂੰ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਆਰੰਭ ਹੋਇਆ ਸੀ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਦਰਬਾਰ ਸਾਹਿਬ ਪਹੁੰਚ ਕੇ ਸੰਪੂਰਨ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੀਰਤਨ ਦੇ ਅੰਮ੍ਰਿਤਸਰ ਪੁੱਜਣ ’ਤੇ ਬਾਈਪਾਸ ਸਥਿਤ ਗੋਲਡਨ ਗੇਟ ਨੇੜੇ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਲਕੀ ਸਾਹਿਬ ’ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਭੇਟ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਨਾਲ ਪੁੱਜੇ ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਵੀ ਬੀਬੀ ਜਗੀਰ ਕੌਰ ਨੇ ਸਿਰੋਪਾਓ ਭੇਟ ਕੀਤੇ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲੰਗਰ ਲਗਾਇਆ ਗਿਆ ਅਤੇ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

ਇਸੇ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਬੰਦੀ ਛੋੜ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ, ਨਿਸ਼ਾਨਚੀਆਂ ਤੇ ਪ੍ਰਬੰਧਕਾਂ ਦਾ ਸਨਮਾਨ ਕੀਤਾ। ਉਨ੍ਹਾਂ ਬੁੱਢਾ ਦਲ ਦੀ ਆਜ਼ਾਦ ਘੋੜ ਫੌਜ ਅੰਮ੍ਰਿਤਸਰ ਵਿਚ ਦਾਖਲ ਹੋਣ ਸਮੇਂ ਯਾਤਰਾ ਨੂੰ ਜੀ ਆਇਆਂ ਆਖਿਆ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਦਾ ਬੰਦੀ ਛੋੜ ਦਿਹਾੜਾ ਸਿੱਖ ਇਤਿਹਾਸ ਵਿਚ ਵੱਡਾ ਮਹੱਤਵ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਭਲਕੇ ਬੰਦੀ ਛੋੜ ਦਿਵਸ ਮੌਕੇ ਸ਼ਾਮ ਪੰਜ ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਂ ਸੰਦੇਸ਼ ਦੇਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਿੱਟੂ ਨੇ ਵੀ ਦਿਖਾਏ ਤਿੱਖੇ ਤੇਵਰ
Next articleDelhi’s air quality deteriorates to ‘severe’ on Diwali night