ਜਲੰਧਰ (ਸਮਾਜ ਵੀਕਲੀ): ਨਕੋਦਰ ਬੇਅਦਬੀ ਕਾਂਡ ਨੂੰ 36 ਸਾਲ ਬੀਤ ਗਏ ਹਨ ਪਰ ਅੱਜ ਵੀ ਪੀੜਤ ਮਾਪੇ ਇਨਸਾਫ਼ ਮਿਲਣ ਦੀ ਉਡੀਕ ਕਰ ਰਹੇ ਹਨ। ਇਸ ਘਟਨਾ ਦੌਰਾਨ ਚਾਰ ਸਿੱਖ ਨੌਜਵਾਨ ਪੁਲੀਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਸਨ। ਇਨ੍ਹਾਂ ਚਾਰ ਸਿੱਖ ਨੌਜਵਾਨਾਂ ਵਿੱਚੋਂ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਲਿੱਤਰਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਸੀ ਕਿ ਕੈਪਟਨ ਨੇ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਨਕੋਦਰ ਬੇਅਦਬੀ ਕਾਂਡ ਦੀ ਜਾਂਚ ਮੁੜ ਕਰਵਾਉਣ ਦਾ ਵਾਅਦਾ ਕੀਤਾ ਸੀ, ਪਰ ਇਸ ’ਤੇ ਅਮਲ ਨਹੀਂ ਕੀਤਾ ਗਿਆ।
ਜ਼ਿਕਰਯੋਗ ਹੈ ਕਿ 2 ਫਰਵਰੀ 1986 ਨੂੰ ਨਕੋਦਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦੇ ਵੇਲੇ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾਂ ਸ਼ਰਾਰਤੀ ਅਨਸਰਾਂ ਨੇ ਸਾੜ ਦਿੱਤੀਆਂ ਸਨ। ਉਦੋਂ 4 ਫਰਵਰੀ 1986 ਨੂੰ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਪ੍ਰਗਟਾ ਰਹੀ ਸੰਗਤ ’ਤੇ ਪੰਜਾਬ ਪੁਲੀਸ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ, ਜਿਸ ਵਿੱਚ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਬਲਧੀਰ ਸਿੰਘ ਰਾਮਗੜ੍ਹ, ਭਾਈ ਹਰਮਿੰਦਰ ਸਿੰਘ ਚਲੂਪਰ ਤੇ ਭਾਈ ਝਿਲਮਣ ਸਿੰਘ ਗੌਰਸੀਆਂ ਸ਼ਹੀਦ ਹੋੲ ਸਨ। ਪੁਲੀਸ ਨੇ ਉਦੋਂ ਇਨ੍ਹਾਂ ਨੌਜਵਾਨਾਂ ਦੀਆਂ ਲਾਸ਼ਾਂ ਮਾਪਿਆਂ ਨੂੰ ਸੌਂਪਣ ਦੀ ਥਾਂ ਅਣਪਛਾਤੀਆਂ ਦੱਸ ਕੇ ਸਾੜ ਦਿੱਤੀਆਂ ਸਨ, ਜਦਕਿ ਪੋਸਟ ਮਾਰਟਮ ਦੀਆਂ ਰਿਪੋਰਟਾਂ ਵਿਚ ਇਨ੍ਹਾਂ ਨੌਜਵਾਨਾਂ ਦੀ ਸਪੱਸ਼ਟ ਪਛਾਣ ਹੋ ਗਈ ਸੀ ਤੇ ਬਲਦੇਵ ਸਿੰਘ ਆਪਣੇ ਪੁੱਤਰ ਦੀ ਲਾਸ਼ ਲੈਣ ਲਈ ਹਾੜੇ ਕੱਢਦਾ ਰਿਹਾ ਸੀ ਬਲਦੇਵ ਸਿੰਘ ਨੇ ਦੱਸਿਆ ਕਿ ਸਿੱਖ ਪੰਥ ਨੇ ਇਸ ਮੁੱਦੇ ਨੂੰ ਕੇਂਦਰ ਬਿੰਦੂ ’ਤੇ ਲਿਆਂਦਾ ਹੈ। ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਦੇ ਮੈਨਟੀਕਾ ਸ਼ਹਿਰ ਤੇ ਸੈਂਟਾ ਕਲਾਰਾ ਕੌਂਟੀ ਦੇ ਪੰਜ ਜ਼ਿਲ੍ਹਿਆਂ ਦੇ ਸੁਪਰਵਾਈਜ਼ਰਾਂ ਨੇ 4 ਫਰਵਰੀ 2020 ਨੂੰ ਸਾਕਾ ਨਕੋਦਰ ਵਜੋਂ ਮਾਨਤਾ ਦਿੱਤੀ ਹੈ। ਇਸ ਦੌਰਾਨ ਸ਼ਹੀਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਛੋਟੇ ਭਰਾ ਡਾ. ਹਰਿੰਦਰ ਸਿੰਘ ਨੂੰ ਸਿਟੀ ਕੌਂਸਲ ਦੀ ਮੀਟਿੰਗ ਵਿਚ ਸਾਕਾ ਨਕੋਦਰ ਨੂੰ ਮਾਨਤਾ ਦੇਣ ਵਾਲਾ ਪ੍ਰਮਾਣ ਪੱਤਰ ਸੌਂਪਿਆ ਗਿਆ। ਪੀੜਤ ਪਰਿਵਾਰ ਵਿੱਚੋਂ ਬੀਬੀ ਬਲਦੀਪ ਕੌਰ ਤੇ ਬਲਦੇਵ ਸਿੰਘ ਨੇ ਦੱਸਿਆ ਕਿ 1986 ਤੋਂ ਬਾਅਦ 15 ਸਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ, ਪਰ ਉਨ੍ਹਾਂ ਇਨਸਾਫ਼ ਨਹੀਂ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly