ਮਾਨਸਾ (ਸਮਾਜ ਵੀਕਲੀ) ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਦੇ ਡੰਗ ਤੋਂ ਬਚਾਉਣ ਅਤੇ ਇਸ ਖ਼ਤਰਨਾਕ ਬੀਮਾਰੀ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸੀ.ਐੱਚ.ਸੀ. ਖਿਆਲਾ ਕਲਾਂ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ, ਸਰਕਾਰੀ ਸਕੂਲਾਂ ਅਤੇ ਹੋਰ ਜਨਤਕ ਥਾਵਾਂ ‘ਤੇ ਵੱਡੇ ਪੱਧਰ ‘ਤੇ ਡੇਂਗੂ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਹ ਸਮੁੱਚੀ ਮੁਹਿੰਮ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਯੋਗ ਰਹਿਨੁਮਾਈ ਅਤੇ ਕਾਰਜਕਾਰੀ ਐੱਸ.ਐੱਮ.ਓ. ਡਾ. ਬਲਜਿੰਦਰ ਕੌਰ ਦੀ ਅਗਵਾਈ ਹੇਠ ਸਫਲਤਾਪੂਰਵਕ ਚਲਾਈ ਗਈ, ਜਿਸ ਦੌਰਾਨ ਸਿਹਤ ਟੀਮਾਂ ਨੇ ਘਰ-ਘਰ ਅਤੇ ਸਕੂਲਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਸੀ.ਐੱਚ.ਸੀ. ਖਿਆਲਾ ਕਲਾਂ ਵਿਖੇ ਇਸ ਸਬੰਧੀ ਪ੍ਰੈਸ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਅਤੇ ਖਾਸ ਕਰਕੇ ਸਕੂਲੀ ਬੱਚਿਆਂ ਨੂੰ ਡੇਂਗੂ ਦੇ ਲੱਛਣਾਂ, ਇਸ ਦੇ ਫੈਲਣ ਦੇ ਕਾਰਨਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ, ਜਿਵੇਂ ਕਿ ਗਮਲਿਆਂ, ਫਰਿੱਜਾਂ ਦੀਆਂ ਪਿਛਲੀਆਂ ਟਰੇਆਂ, ਟਾਇਰਾਂ ਅਤੇ ਕੂਲਰਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ, ਕਿਉਂਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਹੀ ਪਲਦਾ ਹੈ। ਸਿਹਤ ਕਰਮਚਾਰੀ ਚਾਨਣਦੀਪ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਹਿਨਣ ਅਤੇ ਮੱਛਰਾਂ ਤੋਂ ਬਚਾਅ ਕਰਨ ਵਾਲੀਆਂ ਕਰੀਮਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ‘ਡਰਾਈ ਡੇ’ ਵਜੋਂ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਮੱਛਰਾਂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਨਸ਼ਟ ਕੀਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਵਧਾਨੀ ਅਤੇ ਜਾਗਰੂਕਤਾ ਹੀ ਡੇਂਗੂ ਤੋਂ ਬਚਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਬੀਮਾਰੀ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕਦਾ ਹੈ। ਇਸ ਮੌਕੇ ਡਾ ਦੀਆ, ਡਾ ਰਵਨੀਤ ਕੌਰ ,ਜਗਦੀਸ਼ ਸਿੰਘ, ਰਾਮ ਕੁਮਾਰ, ਡਾ ਵਿਸ਼ਵਜੀਤ ਸਿੰਘ, ਸੁਖਪਾਲ ਸਿੰਘ, ਗੁਰਦੀਪ ਸਿੰਘ , ਗੁਰਜੰਟ ਸਿੰਘ, ਖੁਸ਼ਵਿੰਦਰ ਸਿੰਘ, ਰੁਪਿੰਦਰ ਸਿੰਘ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਕੁਮਾਰ, ਮਨੋਜ ਕੁਮਾਰ, ਇਕਬਾਲ ਸਿੰਘ, ਅਵਤਾਰ ਸਿੰਘ ,ਸੁਖਵੀਰ ਸਿੰਘ, ਸੁਖਵਿੰਦਰ ਸਿੰਘ, ਲਵਜੀਤ ਮਿਤਲ, ਸੁਖਜਿੰਦਰ ਕੌਰ, ਜਸਪਾਲ ਕੌਰ, ਮਨਪ੍ਰੀਤ ਕੌਰ, ਅਮਨਦੀਪ ਕੌਰ, ਜਗਦੇਵ ਸਿੰਘ, ਤਰਸੇਮ ਸਿੰਘ, ਜੱਗਾ ਸਿੰਘ ਤੋਂ ਇਲਾਵਾ ਸਕੂਲ ਸਟਾਫ, ਸਕੂਲ ਵਿਦਿਆਰਥੀ, ਨਰਸਿੰਗ ਸਟੂਡੈਂਟਸ ਅਤੇ ਆਮ ਲੋਕ ਹਾਜ਼ਰ ਸਨ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



