ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਲਏ ਗਏ ਫ਼ੈਸਲੇ ਸ਼ਲਾਘਾਯੋਗ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕੋਈ ਵੀ ਮੌਜੂਦਾ ਵਿਧਾਇਕ ਆਪਣੀ ਟਿਕਟ ਪੱਕੀ ਨਾ ਸਮਝੇ। ਕਿਉਂਕਿ ਹਰ ਹਲਕੇ ਦਾ ਸਰਵੇਖਣ ਕਰਵਾਇਆ ਜਾਵੇਗਾ ਅਤੇ ਉਸ ਉਪਰੰਤ ਹੀ ਜਿੱਤਣ ਵਾਲੇ ਯੋਗ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਭ੍ਰਿਸ਼ਟ ਮੰਤਰੀਆਂ, ਵਿਧਾਇਕਾਂ ਤੇ ਕਾਂਗਰਸੀ ਆਗੂਆਂ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਪਿਛਲੀਆਂ 2017 ਦੀਆਂ ਚੋਣਾਂ ਵਾਂਗ ਹੀ ਇਸ ਵਾਰ ਵੀ ਇਕ ਪਰਿਵਾਰ ਚੋਂ ਇਕ ਹੀ ਟਿਕਟ ਦੇਣ ਦੀ ਪ੍ਰਥਾ ਜਾਰੀ ਰੱਖੀ ਤਾਂ ਹਲਕਾ ਸੁਲਤਾਨਪੁਰ ਲੋਧੀ ਤੋਂ ਉਨ੍ਹਾਂ ਨੂੰ ਹੀ ਟਿਕਟ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਉਨ੍ਹਾਂ ਪਹਿਲਾਂ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲ ਆਪਣਾ ਦਾਅਵਾ ਪੇਸ਼ ਕੀਤਾ ਹੋਇਆ ਹੈ ਅਤੇ ਛੇਤੀ ਹੀ ਉਹ ਉਨ੍ਹਾਂ ਨੂੰ ਅਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਦੁਬਾਰਾ ਮਿਲ ਕੇ ਹਲਕਾ ਸੁਲਤਾਨਪੁਰ ਲੋਧੀ ਦੇ ਹਾਲਾਤਾਂ ਤੋਂ ਚੰਗੀ ਤਰ੍ਹਾਂ ਜਾਣੂ ਕਰਵਾਉਣਗੇ। ਅੰਤ ਵਿੱਚ ਉਨ੍ਹਾਂ ਨੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨੂੰ ਜਿੱਤਣ ਵਾਲੇ ਯੋਗ ਉਮੀਦਵਾਰਾਂ ਨੂੰ ਹੀ ਟਿਕਟ ਦੇਣੀ ਚਾਹੀਦੀ ਹੈ ਤਾਂ ਜੋ ਪਾਰਟੀ ਹੋਰ ਮਜ਼ਬੂਤ ਹੋ ਸਕੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly