ਨਵਾਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ)- ਨਵਾਂਸ਼ਹਿਰ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਮਸ਼ਹੂਰ ਵਪਾਰੀ ਤੋਂ ਫਿਰੌਤੀ ਮੰਗਣ ਆਏ ਗੈਂਗਸਟਰਾਂ ਨਾਲ ਪੁਲਿਸ ਦੀ ਸਿੱਧੀ ਮੁੱਠਭੇੜ ਹੋ ਗਈ। ਇਸ ਮੁਕਾਬਲੇ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ ਹੈ, ਜਿਸ ਨੂੰ ਗ੍ਰਿਫਤਾਰ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦਕਿ ਉਸ ਦਾ ਦੂਸਰਾ ਸਾਥੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।ਜਾਣਕਾਰੀ ਮੁਤਾਬਕ ਨਵਾਂਸ਼ਹਿਰ ਦੇ ਇੱਕ ਨਾਮੀ ਵਪਾਰੀ ਨੂੰ ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਮੋਟੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ।
ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਪਾਰੀ ਦੀ ਦੁਕਾਨ ਅਤੇ ਘਰ ਦੇ ਨੇੜੇ ਗੁਪਤ ਰੂਪ ਵਿੱਚ ਜਾਲ ਵਿਛਾਇਆ ਹੋਇਆ ਸੀ।ਅੱਜ ਜਦੋਂ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਵਪਾਰੀ ਦੀ ਬੰਦ ਦੁਕਾਨ ‘ਤੇ ਫਾਇਰਿੰਗ ਕਰਨੀ ਸ਼ੁਰੂ ਕੀਤੀ, ਤਾਂ ਪਹਿਲਾਂ ਤੋਂ ਤਾਇਨਾਤ ਪੁਲਿਸ ਟੀਮਾਂ ਨੇ ਤੁਰੰਤ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ। ਬੰਗਾ ਰੋਡ ‘ਤੇ ਸਥਿਤ ਪੈਟਰੋਲ ਪੰਪ ਦੇ ਕੋਲ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਦੋਸ਼ੀਆਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਡਿੱਗਣ ਤੋਂ ਬਾਅਦ ਦੋਸ਼ੀਆਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਵੱਖ-ਵੱਖ ਦਿਸ਼ਾਵਾਂ ਵੱਲ ਭੱਜਣ ਲੱਗੇ।ਪੁਲਿਸ ਵੱਲੋਂ ਕੀਤੀ ਜਵਾਬੀ ਫਾਇਰਿੰਗ ਵਿੱਚ ਇੱਕ ਦੋਸ਼ੀ ਦੀ ਲੱਤ ‘ਤੇ ਗੋਲੀ ਲੱਗੀ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਜ਼ਖਮੀ ਦੋਸ਼ੀ ਨੂੰ ਤੁਰੰਤ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਲਈ ਲਿਜਾਇਆ ਗਿਆ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਿਸ ਮੁਖੀ ਐਸ ਐਸ ਪੀ ਤੁਸ਼ਾਰ ਗੁਪਤਾ, ਡੀ ਐਸ ਪੀ ਰਾਜ ਕੁਮਾਰ ਬਜਾੜ , ਸੀ ਆਈ ਏ ਸਟਾਫ ਅਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਮੁਖੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਆਰੋਪੀਆ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਗਏ ਹਨ।ਫਰਾਰ ਹੋਏ ਦੂਸਰੇ ਦੋਸ਼ੀ ਦੀ ਭਾਲ ਲਈ ਇਲਾਕੇ ਵਿੱਚ ਸਖ਼ਤ ਨਾਕਾਬੰਦੀ ਕਰ ਦਿੱਤੀ ਗਈ ਹੈ।ਪੁਲਿਸ ਵਪਾਰੀਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।



