ਨਾਗਰਿਕਾਂ ਨੂੰ ਕੱਢਣ ਲਈ ਰਣਨੀਤਕ ਯੋਜਨਾ ਦੀ ਲੋੜ: ਰਾਹੁਲ

Congress leader Rahul Gandhi

 

  • ਕਾਂਗਰਸ ਆਗੂ ਮੁਤਾਬਕ ਹਾਲਾਤਾਂ ਦੇ ਮੱਦੇਨਜ਼ਰ ਇਕ-ਇਕ ਮਿੰਟ ਕੀਮਤੀ
  • ਪਾਰਟੀ ਆਗੂਆਂ ਨੇ ਸਰਕਾਰ ’ਤੇ ਸਮਾਂ ਰਹਿੰਦਿਆਂ ਕਦਮ ਨਾ ਚੁੱਕਣ ਦਾ ਇਲਜ਼ਾਮ ਲਾਇਆ

ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਯੂਕਰੇਨ ਵਿਚ ਹੋਈ ਭਾਰਤੀ ਵਿਦਿਆਰਥੀ ਦੀ ਮੌਤ ਉਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉੱਥੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਸਰਕਾਰ ਨੂੰ ਰਣਨੀਤਕ ਯੋਜਨਾ ਬਣਾਉਣੀ ਚਾਹੀਦੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਇਕ-ਇਕ ਮਿੰਟ ਕੀਮਤੀ ਹੈ। ਕਾਂਗਰਸ ਪਾਰਟੀ ਨੇ ਵੀ ਮ੍ਰਿਤਕ ਵਿਦਿਆਰਥੀ ਨਵੀਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਜਲਦੀ ਤੋਂ ਜਲਦੀ ਵਿਦਿਆਰਥੀਆਂ ਨੂੰ ਮੁਲਕ ਵਾਪਸ ਲਿਆਏ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਕੋਲ ਨਾਗਰਿਕਾਂ ਨੂੰ ਕੱਢਣ ਦੀ ਕੋਈ ‘ਯੋਜਨਾ ਨਹੀਂ ਹੈ’ ਤੇ ਇਸ ਨੇ ਨੌਜਵਾਨਾਂ ਨੂੰ ‘ਵਿਸਾਰ’ ਦਿੱਤਾ ਹੈ।

ਕਰਨਾਟਕ ਦੇ ਪਰਿਵਾਰ ਨਾਲ ਤ੍ਰਾਸਦੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਫੋਟੋਆਂ ਖਿਚਾਈਆਂ ਜਾ ਰਹੀਆਂ ਹਨ ਤੇ ਕੋਈ ਠੋਸ ਕਾਰਵਾਈ ਨਹੀਂ ਹੋਈ। ਸੁਰਜੇਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਯੂਪੀ ਵਿਚ ਚੋਣ ਰੈਲੀਆਂ ਕਰ ਰਹੇ ਹਨ, ਨਾਗਰਿਕਾਂ ਨੂੰ ਸੁਰੱਖਿਅਤ ਲਿਆਉਣ ਦੀ ਜ਼ਿੰਮੇਵਾਰੀ ਕਿਸ ਦੀ ਹੈ? ਉਨ੍ਹਾਂ ਕਿਹਾ ਕਿ ਸਰਕਾਰ ਗੈਰ-ਸੰਵੇਦਨਸ਼ੀਲ ਹੈ। ਕਾਂਗਰਸ ਆਗੂ ਗੌਰਵ ਗੋਗੋਈ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਸਰਬ-ਪਾਰਟੀ ਸੰਸਦੀ ਮੀਟਿੰਗ ਸੱਦਣੀ ਚਾਹੀਦੀ ਹੈ। ਕਈ ਹੋਰਨਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਮੇਂ ਸਿਰ ਕਾਰਵਾਈ ਨਾ ਕਰਨ ਦਾ ਖ਼ਮਿਆਜ਼ਾ ਵਿਦਿਆਰਥੀਆਂ ਨੂੰ ਭੁਗਤਣਾ ਪੈ ਰਿਹਾ ਹੈ। ਲੋਕ ਸਭਾ ਵਿਚ ਪਾਰਟੀ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਯੂਕਰੇਨ ਦੀ ਸਥਿਤੀ ਦਾ ਅੰਦਾਜ਼ਾ ਲਾਉਣ ’ਚ ਸਰਕਾਰ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਢੁੱਕਵੇਂ ਯਤਨ ਨਹੀਂ ਕੀਤੇ ਤੇ ਚੋਣ ਰੈਲੀਆਂ ਵਿਚ ਰੁੱਝੀ ਰਹੀ। ਉਨ੍ਹਾਂ ਕਿਹਾ ਕਿ ਇੰਟੈਲੀਜੈਂਸ ਦੇ ਬਾਵਜੂਦ ਕਦਮ ਨਹੀਂ ਚੁੱਕੇ ਗਏ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤਪੇਅ ਨੇ ਅਸ਼ਨੀਰ ਨੂੰ ਸਾਰੇ ਅਹੁਦਿਆਂ ਤੋਂ ਹਟਾਇਆ: ਗਰੋਵਰ ਪਰਿਵਾਰ ’ਤੇ ਕੰਪਨੀ ਖ਼ਜ਼ਾਨੇ ਨੂੰ ਚੂਨਾ ਲਾਉਣ ਦਾ ਦੋਸ਼
Next articleਪ੍ਰਸਿੱਧ ਗੀਤਕਾਰ ਬੌਬੀ ਧੰਨੋਵਾਲੀ ਦਾ ਕੋਕਰੀ ਕਲਾਂ ਟੂਰਨਾਮੈਂਟ ‘ਚ ਵਿਸ਼ੇਸ਼ ਸਨਮਾਨ