ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ਦੀ ਲੋੜ: ਮਾਨ

ਖਰੜ (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਆਂਢੀ ਮੁਲਕ ਤੋਂ ਡਰੋਨਾਂ ਰਾਹੀਂ ਹੁੰਦੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਨਜਿੱਠਣ ਲਈ ਸੂਬੇ ਵਿੱਚ ਐਂਟੀ ਡਰੋਨ ਪ੍ਰਣਾਲੀ ਵਿਕਸਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਅੱਜ ਇੱਥੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕਰਨ ਮਗਰੋਂ ਯੂਨੀਵਰਸਿਟੀ ਦੇ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਰਕੇ ਡਰੋਨ ਤਕਨਾਲੋਜੀ ਨੂੰ ਵਿਕਸਤ ਕਰਨ ਦੀ ਲੋੜ ਹੈ ਕਿਉਂਕਿ ਗੁਆਂਢੀ ਮੁਲਕ ਡਰੋਨਾਂ ਰਾਹੀਂ ਸਰਹੱਦੀ ਇਲਾਕਿਆਂ ’ਚ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਕਰਦਾ ਹੈ, ਜਿਸ ਨਾਲ ਨਜਿੱਠਣ ਲਈ ਡਰੋਨ ਟਰੈਕਿੰਗ ਵਰਗੀ ਤਕਨਾਲੋਜੀ ਵੀ ਹੋਣੀ ਚਾਹੀਦੀ ਹੈ।

ਬੇਰੁਜ਼ਗਾਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦਿਆਂ ਮੁੱਖ ਮੰਤਰੀ ਨੇ ਬਾਹਰੀ ਮੁਲਕਾਂ ਵਿੱਚ ਪਰਵਾਸ ਕਰ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਨਾ ਕਰਨ ਸਦਕਾ ਮਜਬੂਰਨ ਉਨ੍ਹਾਂ ਨੂੰ ਬੇਗਾਨੇ ਮੁਲਕਾਂ ਵਿੱਚ ਰੁਜ਼ਗਾਰ ਤਲਾਸ਼ਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੀ ਗੰਭੀਰ ਸਮੱਸਿਆ ਵੀ ਨਸ਼ਿਆਂ ਦੀ ਅਲਾਮਤ ਲਈ ਜ਼ਿੰਮੇਵਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਨਿਵੇਸ਼ ਕਰਨ ਲਈ ਛੇਤੀ ਹੀ ਨਵੇਂ ਉਦਯੋਗ ਅਤੇ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਤੱਕ ਪਹੁੰਚ ਕਰੇਗੀ ਤਾਂ ਕਿ ਕਿਸੇ ਵੀ ਹੁਨਰਮੰਦ ਬੱਚੇ ਨੂੰ ਰੁਜ਼ਗਾਰ ਲਈ ਮਾਤ-ਭੂਮੀ ਨਾ ਛੱਡਣੀ ਪਵੇ।

ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਵਿੱਚ ਪੰਜਾਬ ਨੂੰ ਕਈ ਵਾਰ ਉਤਰਾਅ-ਚੜ੍ਹਾਅ ਦੇਖਣੇ ਪਏ ਹਨ ਪਰ ਉਹ ਭਵਿੱਖ ਵਿੱਚ ਪੰਜਾਬ ਦੀ ਸਰਦਾਰੀ ਪਹਿਲਾਂ ਵਾਂਗ ਕਾਇਮ ਕਰਨ ਲਈ ਦ੍ਰਿੜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮੰਤਰੀ ਦਾ ਯੂਨੀਵਰਸਿਟੀ ਆਉਣ ’ਤੇ ਸਵਾਗਤ ਕੀਤਾ।

ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਤੋਂ ਇਲਾਵਾ ਡੀਸੀ ਅਮਿਤ ਤਲਵਾੜ, ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ, ਐੱਸਐੱਸਪੀ ਵਿਵੇਕ ਸ਼ੀਲ ਸੋਨੀ ਤੇ ਹੋਰ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਹੱਦ ਪਾਰ ਵੀ ਅਤਿਵਾਦ ਖ਼ਿਲਾਫ਼ ਕਾਰਵਾਈ ਤੋਂ ਗੁਰੇਜ਼ ਨਹੀਂ ਕਰਾਂਗੇ: ਰਾਜਨਾਥ
Next articleਪਾਕਿਸਤਾਨ ਵੱਲੋਂ ਆਏ ਡਰੋਨ ’ਤੇ ਬੀਐੱਸਐੱਫ ਜਵਾਨਾਂ ਵੱਲੋਂ ਫਾਇਰਿੰਗ