ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ
ਮਾਨਸਾ,( ਚਾਨਣ ਦੀਪ ਸਿੰਘ ਔਲਖ ) ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਇਸ ਸ਼ੁਕਰਵਾਰ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਡੇਂਗੂ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਜਿਸ ਤਹਿਤ ਅੱਜ ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਅਰਸ਼ਦੀਪ ਸਿੰਘ, ਸ੍ਰੀ ਸੰਤੋਸ਼ ਭਾਰਤੀ, ਗੁਰਜੰਟ ਸਿੰਘ ਏ ਐਮ ਓ ਦੀ ਦੇਖਰੇਖ ਵਿੱਚ ਜ਼ਿਲੇ ਭਰ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਡੇਂਗੂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।
ਇਸ ਸਬੰਧੀ ਵਿਸਥਾਰਤ ਗੱਲਬਾਤ ਕਰਦਿਆਂ ਡਾ ਅਰਸ਼ਦੀਪ ਸਿੰਘ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜ਼ਰੂਰੀ ਸਾਵਧਾਨੀਆਂ ਅਪਨਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੂਲਰਾਂ, ਗਮਲਿਆਂ ਅਤੇ ਫਰਿੱਜਾਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਬਦਲ ਕੇ ਇਨ੍ਹਾਂ ਨੂੰ ਸੁਕਾਉਣਾ ਚਾਹੀਦਾ ਹੈ ਅਤੇ ਪੂਰਾ ਸਰੀਰ ਢੱਕਣ ਵਾਲੇ ਕਪੜੇ ਪਾਉਣੇ ਚਾਹੀਦੇ ਹਨ। ਰਾਤ ਨੂੰ ਸੌਣ ਸਮੇਂ ਮੱਛਰ ਭਜਾਉਣ ਵਾਲੇ ਕੋਆਇਲ, ਬਿਜਲਈ ਯੰਤਰ, ਮੱਛਰਦਾਨੀ, ਮੱਛਰਾਂ ਤੋਂ ਬਚਾਅ ਸਬੰਧੀ ਕਰੀਮਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਡਾ ਹਰਦੀਪ ਸ਼ਰਮਾ ਐਸ ਐਮ ਓ ਸਿਹਤ ਬਲਾਕ ਖਿਆਲਾ ਕਲਾਂ ਦੀ ਅਗਵਾਈ ਹੇਠ ਵੱਖ ਵੱਖ ਥਾਵਾਂ ਤੇ ਡੇਂਗੂ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ। ਨੰਗਲ ਕਲਾਂ ਵਿਖੇ ਮਲਟੀਪਰਪਜ਼ ਹੈਲਥ ਵਰਕਰ ਚਾਨਣ ਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਇਲਾਜ ਯੋਗ ਬਿਮਾਰੀ ਹੈ, ਜਿਸ ਤੋਂ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਕਰ ਕੇ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਸਾਫ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਏਡੀਜ਼ ਨਾਂ ਦੇ ਮੱਛਰ ਦੇ ਲੜਨ ਨਾਲ ਹੁੰਦਾ ਹੈ, ਜੋ ਕਿ ਸਿਰਫ ਦਿਨ ਸਮੇਂ ਹੀ ਲੜਦਾ ਹੈ। ਬੱਪੀਆਣਾ ਵਿਖੇ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ‘ਤੇ ਦਾਣੇ ਹੋ ਜਾਣਾ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ ਅਤੇ ਮਸੂੜਿਆਂ ਤੇ ਨੱਕ ਵਿੱਚੋਂ ਖੂਨ ਵਗਣਾ ਡੇਂਗੂ ਦੇ ਲੱਛਣ ਹਨ। ਜੇਕਰ ਕਿਸੇ ਵਿਅਕਤੀ ਵਿੱਚ ਅਜਿਹੇ ਲੱਛਣ ਪਾਏ ਜਾਣ ਤਾਂ ਉਸ ਨੂੰ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਸੁਪਰਵਾਈਜ਼ਰ ਮੇਲ/ਫੀਮੇਲ, ਸਿਹਤ ਕਰਮਚਾਰੀ ਮੇਲ/ਫੀਮੇਲ, ਸੀ ਐੱਚ ਓਜ, ਆਸ਼ਾ ਵਰਕਰਾਂ ਅਤੇ ਹੋਰ ਲੋਕ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly