ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਸੀ ਲੜਾਈ ਬੰਦ ਕਰ ਕੇ ਕੇਂਦਰ ਵੱਲੋਂ ਪੰਜਾਬ ਨੂੰ ਪਿਛਲੇ ਦਰਵਾਜ਼ੇ ਰਾਹੀਂ ਬੀਐੱਸਐੱਫ ਵਰਗੇ ਕੇਂਦਰੀ ਸੁਰੱਖਿਆ ਬਲਾਂ ਹਵਾਲੇ ਕਰਕੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਬਦਲਣ ਦੇ ਯਤਨ ਵਿਰੁੱਧ ਇਕਜੁੱਟ ਹੋ ਕੇ ਹੰਭਲਾ ਮਾਰਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੇ ਇਸ ਕਦਮ ਨਾਲ ਪਹਿਲਾਂ ਹੀ ਖਤਰੇ ਵਿਚ ਪਿਆ ਦੇਸ਼ ਦਾ ਸੰਘੀ ਢਾਂਚਾ ਹੋਰ ਕਮਜ਼ੋਰ ਹੋ ਜਾਵੇਗਾ।
ਸ੍ਰੀ ਬਾਦਲ ਨੇ ਕਿਹਾ ਕਿ ਜੇਕਰ ਉਨ੍ਹਾਂ ਸੌੜੇ ਹਿੱਤਾਂ ਲਈ ਆਪਸੀ ਲੜਾਈ ਬੰਦ ਨਾ ਕੀਤੀ ਤਾਂ ਫਿਰ ਕੇਂਦਰ ਸਰਕਾਰ ਉਨ੍ਹਾਂ ਦੀ ਕਮਜ਼ੋਰੀ ਦਾ ਲਾਹਾ ਲਵੇਗੀ। ਸ੍ਰੀ ਬਾਦਲ ਨੇ ਕਿਹਾ ਕਿ ਇਹ ਮੰਨਣ ਦਾ ਵੀ ਮਜ਼ਬੂਤ ਆਧਾਰ ਮੌਜੂਦ ਹੈ ਕਿ ਕੇਂਦਰ ਸਰਕਾਰ ਸ਼ਾਇਦ ਸੂਬੇ ਤੋਂ ਦਰਿਆਈ ਪਾਣੀਆਂ ’ਤੇ ਇਸ ਦਾ ਬਣਦਾ ਹੱਕ ਖੋਹਣ ਦੀ ਤਿਆਰੀ ਵਿਚ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੰਭਵ ਹੈ ਕਿ ਉਹ ਇਸ ਨਵੇਂ ਕਦਮ ਨਾਲ ਕਿਸਾਨ ਅੰਦੋਲਨ ਨੂੰ ਖਤਮ ਕਰਨ ਦਾ ਵੀ ਯਤਨ ਕਰੇਗੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਸਿਆਸੀ ਲਾਹਾ ਨਹੀਂ ਚਾਹੁੰਦਾ ਤੇ ਉਹ ਹੋਰ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਦੀ ਸਾਂਝੀ ਲੜਾਈ ਵਿਚ ਸਹਿਯੋਗ ਦੀ ਅਪੀਲ ਕਰਦੇ ਹਨ।
ਤਕਰੀਬਨ ਅੱਧੇ ਪੰਜਾਬ ਨੂੰ ਬੀਐੱਸਐੱਫ ਅਧੀਨ ਲਿਆਉਣ ਨੂੰ ਖ਼ਤਰਨਾਕ ਕਾਰਵਾਈ ਕਰਾਰ ਦਿੰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਉਹ ਦੌਰ ਸ਼ੁਰੂ ਹੋ ਜਾਵੇਗਾ ਜਦੋਂ ਪੰਜਾਬ ਨੂੰ ਗੜਬੜੀ ਵਾਲਾ ਇਲਾਕਾ ਐਲਾਨਿਆ ਗਿਆ ਸੀ। ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ, ਰਾਮ ਤੀਰਥ ਸਥਾਨ ਆਦਿ ਵਿੱਚ ਦਾਖਲ ਹੋਣ ਲਈ ਆਪ ਮੁਹਾਰੀ ਸ਼ਕਤੀਆਂ ਵੀ ਲੈ ਲਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਸੰਵਿਧਾਨ ਵਿਚ ਦਿੱਤੀ ਗਾਰੰਟੀ ਅਨੁਸਾਰ ਆਪਣੇ ਮਾਣ ਸਤਿਕਾਰ ਤੇ ਆਜ਼ਾਦੀ ਦੀ ਸੁਰੱਖਿਆ ਲਈ ਲੜਨਾ ਚਾਹੀਦਾ ਹੈ।
ਸ੍ਰੀ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਚੁਣੀ ਹੋਈ ਸਰਕਾਰ ਰਾਹੀਂ ਆਪਣਾ ਰਾਜ ਚਲਾਉਣ ਦੇ ਹੱਕ ਤੋਂ ਵਾਂਝਾ ਨਾ ਕੀਤਾ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly