ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਸਿਆਸੀ ਗਰਮਾ-ਗਰਮੀ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਕੜੀ ਤਹਿਤ ਹੁਣ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮੰਗੂਪੁਰ ਨੇ ਦੱਸਿਆ ਕਿ 2 ਜੂਨ ਦਿਨ ਮੰਗਲਵਾਰ ਨੂੰ ਸਵੇਰੇ 10:30 ਵਜੇ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਰੋਸ ਮੁਜ਼ਾਹਰੇ ਦੌਰਾਨ ਕਾਂਗਰਸ ਪਾਰਟੀ ਵੱਲੋਂ ਪੇਪਰ ਲੀਕ ਮਾਮਲੇ ਲਈ ਸਿੱਧੇ ਤੌਰ ‘ਤੇ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਜ਼ੋਰਦਾਰ ਮੰਗ ਕੀਤੀ ਜਾਵੇਗੀ ਅਤੇ ਰੋਸ ਦੇ ਪ੍ਰਤੀਕ ਵਜੋਂ ਭਾਜਪਾ ਸਰਕਾਰ ਦਾ ਪੁਤਲਾ ਵੀ ਫੂਕਿਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਸਮੂਹ ਮੈਂਬਰਾਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਇਸ ਗੰਭੀਰ ਮੁੱਦੇ ਦੀ ਮਹੱਤਤਾ ਨੂੰ ਸਮਝਦੇ ਹੋਏ ਆਪਣੇ ਸਾਰੇ ਰੁਝੇਵੇਂ ਤਿਆਗ ਕੇ ਸਵੇਰੇ 10:30 ਵਜੇ ਆਪਣੇ ਸਾਥੀਆਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਹਰ ਹਾਲ ਵਿੱਚ ਪਹੁੰਚਣ ਅਤੇ ਇਸ ਪ੍ਰਦਰਸ਼ਨ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾ ਕੇ ਕੇਂਦਰ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



