ਅੰਮ੍ਰਿਤਸਰ (ਸਮਾਜ ਵੀਕਲੀ): ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲੇ ਵਿੱਚ ਸਰਕਾਰ ਵੱਲੋਂ ਬਣਾਈ ਨਵੀਂ ਵਿਸ਼ੇਸ਼ ਜਾਂਚ ਟੀਮ (ਸਿਟ) ਦੁਆਰਾ ਹਾਲ ਹੀ ਵਿੱਚ ਪੇਸ਼ ਕੀਤੇ ਚਲਾਨ ’ਤੇ ਇਤਰਾਜ਼ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਇਸ ਚਲਾਨ ਵਿੱਚੋਂ ਡੇਰਾ ਸਿਰਸਾ ਮੁਖੀ ਦਾ ਨਾਮ ਸਾਜ਼ਿਸ਼ ਤਹਿਤ ਬਾਹਰ ਕੱਢਿਆ ਗਿਆ ਹੈ। ਜਥੇਦਾਰ ਨੇ ਮੰਗ ਕੀਤੀ ਕਿ ‘ਸਿਟ’ ਇਸ ਮਾਮਲੇ ਨੂੰ ਜਨਤਕ ਕਰੇ ਕਿ ਚਲਾਨ ਵਿੱਚੋਂ ਡੇਰਾ ਮੁਖੀ ਦਾ ਨਾਂ ਬਾਹਰ ਕਿਉਂ ਕੱਢਿਆ ਗਿਆ ਹੈ।
ਇੱਥੇ ਅਕਾਲ ਤਖ਼ਤ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਬੇਅਦਬੀ ਮਾਮਲੇ ’ਚ ਦਰਜ ਐੱਫਆਈਆਰ ਨੰਬਰ 63 ਅਤੇ 128 ਵਿੱਚ ਡੇਰਾ ਸਿਰਸਾ ਮੁਖੀ ਦਾ ਨਾਂ ਸ਼ਾਮਲ ਸੀ। ਡੇਰਾ ਸਮਰਥਕ ਮਹਿੰਦਰ ਸਿੰਘ ਬਿੱਟੂ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਡੇਰਾ ਸਿਰਸਾ ਮੁਖੀ ਦਾ ਨਾਂ ਐੱਫਆਈਆਰ ਵਿੱਚ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਨਵੀਂ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਲੰਘੇ ਦਿਨੀਂ ਐੱਫਆਈਆਰ ਨੰ. 28 ਦੇ ਆਧਾਰ ’ਤੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਕਮੇਟੀ ਨੇ ਚੁਪ ਚਪੀਤੇ ਚਲਾਨ ਵਿਚੋਂ ਡੇਰਾ ਸਿਰਸਾ ਮੁਖੀ ਦਾ ਨਾਂ ਬਾਹਰ ਕੱਢ ਦਿੱਤਾ ਹੈ, ਜੋ ਕਿ ਇਤਰਾਜ਼ਯੋਗ ਹੈ।
ਉਨ੍ਹਾਂ ਕਿਹਾ ਕਿ ‘ਸਿਟ’ ਇਸ ਮਾਮਲੇ ਨੂੰ ਜਨਤਕ ਕਰੇ ਕਿ ਉਸ ਨੇ ਚਲਾਨ ਵਿੱਚੋਂ ਡੇਰਾ ਸਿਰਸਾ ਮੁਖੀ ਦਾ ਨਾਂ ਬਾਹਰ ਕਿਉਂ ਕੱਢਿਆ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਇਹ ਸੀ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਨੂੰ ਪੰਜਾਬ ਵਿੱਚ ਲਿਆ ਕੇ ਪੁੱਛਗਿੱਛ ਕੀਤੀ ਜਾਂਦੀ। ਉਸ ਕੋਲੋਂ ਹੋਰਨਾਂ ਮੁਲਜ਼ਮਾਂ ਵਾਂਗ ਐੱਫਆਈਆਰ 63 ਅਤੇ 128 ਵਿਚਲੇ ਦੋਸ਼ਾਂ ਬਾਰੇ ਸਖ਼ਤੀ ਨਾਲ ਪੁੱਛ-ਪੜਤਾਲ ਹੁੰਦੀ। ਉਨ੍ਹਾਂ ਕਿਹਾ ਕਿ ਤਫ਼ਤੀਸ਼ੀ ਅਧਿਕਾਰੀਆਂ ਨੇ ਪੁੱਛ-ਪੜਤਾਲ ਤਾਂ ਕੀ ਕਰਨੀ ਸੀ ਸਗੋਂ ਡੇਰਾ ਸਿਰਸਾ ਮੁਖੀ ਦਾ ਨਾਮ ਹੀ ਐੱਫਆਈਆਰ ’ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਰਕਾਰ ਦੀ ਨੀਯਤ ’ਤੇ ਸ਼ੱਕ ਪੈਦਾ ਹੁੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਵਿਚ ਕੇਂਦਰ ਸਰਕਾਰ ਦੀ ਵੀ ਮਿਲੀਭੁਗਤ ਹੋ ਸਕਦੀ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਆਗਾਮੀ ਚੋਣਾਂ ਜਿੱਤਣ ਲਈ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਸੁਚੇਤ ਕੀਤਾ ਕਿ ਬੇਅਦਬੀ ਮਾਮਲੇ ’ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਾ ਕੀਤੀ ਜਾਵੇ, ਕਿਉਂਕਿ ਇਹ ਮਾਮਲਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly