ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਕੋਵਿਡ ਦੇ ਟਾਕਰੇ ਦੀ ਤਿਆਰੀ ’ਚ ਕੋਈ ਕਸਰ ਬਾਕੀ ਨਾ ਛੱਡਣ। ਕੇਂਦਰ ਵੱਲੋਂ ਕਰੋਨਾ ਤੋਂ ਬਚਾਅ ਲਈ ਸੂਬਿਆਂ ਨੂੰ ਹਮਾਇਤ ਦੇਣ ਦਾ ਅਹਿਦ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ’ਚ ਬੁਨਿਆਦੀ ਸਿਹਤ ਢਾਂਚਾ ਮਜ਼ਬੂਤ ਬਣਾਉਣ ਲਈ ਹਰ ਸੰਭਵ ਸਹਾਇਤਾ ਦੇ ਰਹੀ ਹੈ। ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ, ਗੋਆ, ਦਾਦਰਾ ਤੇ ਨਗਰ ਹਵੇਲੀ ਅਤੇ ਦਮਨ ਤੇ ਦੀਊ ਦੇ ਸਿਹਤ ਮੰਤਰੀਆ, ਸੀਨੀਅਰ ਅਧਿਕਾਰੀਆਂ ਅਤੇ ਸੂਚਨਾ ਕਮਿਸ਼ਨਰਾਂ ਨਾਲ ਗੱਲਬਾਤ ਕਰਦਿਆਂ ਮਾਂਡਵੀਆ ਨੇ ਈਸੀਆਰਪੀ-11 ਤਹਿਤ ਸੂਬਿਆਂ ਨੂੰ ਤਿਆਰੀ ਕਰਨ ਲਈ ਕਿਹਾ। ਉਨ੍ਹਾਂ ਲੋੜੀਂਦੀਆਂ ਦਵਾਈਆਂ ਦੇ ਸਟਾਕ ਦੀ ਨਜ਼ਰਸਾਨੀ ਕਰਨ ਅਤੇ ਕਮੀ ਹੋਣ ’ਤੇ ਉਸ ਦੀ ਜਾਣਕਾਰੀ ਦੇਣ ਲਈ ਕਿਹਾ। ਉਨ੍ਹਾਂ ਸੂਬਿਆਂ ਨੂੰ ਟੀਕਾਕਰਨ ’ਚ ਹੋਰ ਤੇਜ਼ੀ ਲਿਆਉਣ ਲਈ ਵੀ ਕਿਹਾ। ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ 15 ਤੋਂ 18 ਸਾਲ ਦੇ ਅੱਲ੍ਹੜਾਂ ਨੂੰ ਛੇਤੀ ਤੋਂ ਛੇਤੀ ਟੀਕੇ ਲਾਏ ਜਾਣ। ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਘਰੇਲੂ ਇਕਾਂਤਵਾਸ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ’ਤੇ ਵੀ ਜ਼ੋਰ ਦਿੱਤਾ।
ਇਸ ਦੌਰਾਨ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਕੋਵਿਡ ਕੇਸਾਂ ਦੀ ਪੁਸ਼ਟੀ ਵਾਲੇ ਸੰਪਰਕਾਂ ਦੇ ਉਦੋਂ ਤੱਕ ਟੈਸਟ ਕਰਨ ਦੀ ਲੋੜ ਨਹੀਂ ਹੈ ਜਦੋਂ ਤੱਕ ਕਿ ਉਹ ਵਧੇਰੇ ਜੋਖਮ ਵਾਲੇ ਨਾ ਹੋਣ। ਅੰਤਰ-ਰਾਜੀ ਘਰੇਲੂ ਯਾਤਰਾ ਕਰਨ ਵਾਲੇ ਲੋਕਾਂ ਦੇ ਕਰੋਨਾ ਟੈਸਟ ਵੀ ਨਾ ਕਰਨ ਲਈ ਕਿਹਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly