ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) – ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਗਏ ਸ਼ਾਂਤਮਈ ਪ੍ਰਦਰਸ਼ਨ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀ ਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਬਾਲੀ ਹਸਪਤਾਲ ਦੇ ਐਮਡੀ ਡਾਕਟਰ ਐਮ ਜਮੀਲ ਬਾਲੀ ਨੇ ਕਿਹਾ ਕਿ ਵਿਦਿਆਰਥੀਆਂ ਦਾ ਵਿਰੋਧ ਕਿਸੇ ਰਾਜਨੀਤਿਕ ਮੰਤਵ ਨਾਲ ਨਹੀਂ, ਸਗੋਂ ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਪਛਾਣ ਤੇ ਅਧਿਕਾਰਾਂ ਦੀ ਰੱਖਿਆ ਲਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਇਸਦੀ ਮੂਲ ਪਛਾਣ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਅਤੇ ਵਿਦਿਆਰਥੀਆਂ ਨੇ ਉਸੇ ਅਨਿਆਇਕ ਨੀਤੀ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ। ਪਰ ਦੁੱਖ ਦੀ ਗੱਲ ਹੈ ਕਿ ਪੁਲਿਸ ਨੇ ਇਸ ਸ਼ਾਂਤਮਈ ਆਵਾਜ਼ ਨੂੰ ਡਾਂਗਾਂ ਨਾਲ ਕੁਚਲਣ ਦੀ ਕੋਸ਼ਿਸ਼ ਕੀਤੀ।ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਕੇਂਦਰ ਹੀ ਨਹੀਂ, ਸਗੋਂ ਪੰਜਾਬ ਸਰਕਾਰ ਦੇ ਅਸਲ ਚਿਹਰੇ ਨੂੰ ਵੀ ਬੇਨਕਾਬ ਕੀਤਾ ਹੈ ਜੋ ਕਿ ਨਿੰਦਣਯੋਗ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਿਦਿਆਰਥੀਆਂ ਦੀ ਸੁਰੱਖਿਆ ਕਰਨ ਦੀ ਥਾਂ ਉਨ੍ਹਾਂ ਉੱਤੇ ਹੀ ਪੁਲਿਸ ਭੇਜਕੇ ਲਾਠੀਚਾਰਜ ਕਰਵਾ ਦਿੱਤਾ ! ਉਹਨਾਂ ਕਿਹਾ ਕਿ ਚੰਡੀਗੜ੍ਹ ਤੇ ਪੰਜਾਬ ਪੁਲਿਸ ਵੱਲੋਂ ਵਿਦਿਆਰਥੀਆਂ ਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਉੱਤੇ ਬੇਰਹਿਮੀ ਨਾਲ ਲਾਠੀਆਂ ਵਰ੍ਹਾਉਣਾ ਤਾਨਾਸ਼ਾਹੀ ਦੀ ਖੁੱਲ੍ਹੀ ਮਿਸਾਲ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਨਾਲ ਇਹ ਮੁੱਦਾ ਖਤਮ ਨਹੀਂ ਹੋਵੇਗਾ, ਸਗੋਂ ਪੰਜਾਬ ਦੇ ਲੋਕਾਂ ਵਿਚ ਹੋਰ ਰੋਸ ਪੈਦਾ ਕਰੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਤੁਰੰਤ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਯੂਨੀਵਰਸਿਟੀ ਉੱਤੇ ਪੰਜਾਬ ਦੇ ਹੱਕ ਦੀ ਮਾਨਤਾ ਦੇਣਾ ਹੁਣ ਲਾਜ਼ਮੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਵਿਦਿਆਰਥੀਆਂ ਦੇ ਨਾਲ ਖੜ੍ਹੇ ਹਨ ਉਹਨਾਂ ਕਿਹਾ ਕਿ ਇਹ ਲੜਾਈ ਕੇਵਲ ਯੂਨੀਵਰਸਿਟੀ ਦੀ ਨਹੀਂ, ਸਗੋਂ ਪੰਜਾਬ ਦੀ ਹੋਂਦ ਤੇ ਸਨਮਾਨ ਦੀ ਲੜਾਈ ਹੈ, ਜਿਸਨੂੰ ਇਨਸਾਫ਼ ਤੱਕ ਪਹੁੰਚਾ ਕੇ ਹੀ ਛੱਡਿਆ ਜਾਵੇਗਾ।
HOME ਵਿਦਿਆਰਥੀਆਂ ਤੇ ਬੇਰਹਿਮੀ ਨਾਲ ਲਾਠੀਆਂ ਵਰ੍ਹਾਉਣਾ ਤਾਨਾਸ਼ਾਹੀ ਦੀ ਖੁੱਲ੍ਹੀ ਮਿਸਾਲ :...



