ਨਸ਼ਿਆਂ ’ਤੇ ਲਗਾਮ ਕੱਸਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਸਰ – ਪ੍ਰੀਤਇੰਦਰ ਸਿੰਘ ਬੈਂਸ

ਐਸ.ਡੀ.ਐਮ ਹੁਸ਼ਿਆਰਪੁਰ ਨੇ ਨਸ਼ੇ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਹੁਸ਼ਿਆਰਪੁਰ ਵਿਚ ਨਸ਼ੇ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਵੱਧ ਪ੍ਰਭਾਵੀ ਬਣਾਉਣਾ ਸੀ। ਮੀਟਿੰਗ ਵਿਚ ਉਨ੍ਹਾਂ ਯੁਵਕ ਸੇਵਾਵਾਂ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਸ਼ਿਆਂ ਦੇ ਖਿਲਾਫ ਸਮਾਜ ਵਿਚ ਵਿਆਪਕ ਜਾਗਰੂਕਤਾ ਫੈਲਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ ਸਿਟੀ ਅਮਰਨਾਥ ਵੀ ਮੌਜੂਦ ਸਨ।
ਸ੍ਰੀ ਬੈਂਸ ਨੇ ਮੀਟਿੰਗ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਇਕ ਸੰਪੂਰਨ ਪਹੁੰਚ ਜ਼ਰੂਰੀ ਹੈ, ਜਿਸ ਵਿਚ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਹੋਵੇ। ਉਨ੍ਹਾਂ ਕਿਹਾ ਕਿ ਨਸ਼ਾ ਇਕ ਗੰਭੀਰ ਸਮੱਸਿਆ ਹੈ, ਜੋ ਨਾ ਕੇਵਲ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਪ੍ਰਭਾਵਿਤ ਕਰ ਰਿਹਾ ਹੈ, ਬਲਕਿ ਸਮਾਜ ਦੇ ਤਾਣੇ-ਬਾਣੇ ਨੂੰ ਵੀ ਕਮਜ਼ੋਰ ਕਰ ਰਿਹਾ ਹੈ। ਇਸ ਨੂੰ ਰੋਕਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਹੋਵੇਗਾ।
ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਨੌਜਵਾਨਾਂ ਵਿਚ ਨਸ਼ੇ ਦੇ ਖ਼ਤਰੇ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਨਿਯਮਿਤ ਤੌਰ ’ਤੇ ਜਾਗਰੂਕਤਾ ਸੈਮੀਨਾਰਾਂ ਅਤੇ ਵਰਕਸ਼ਾਪਾਂ ਦਾ ਆਯੋਜਨ ਕਰਨ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਉਨ੍ਹਾਂ ਕਿਹਾ ਕਿ ਉਹ ਸਕੂਲਾਂ ਅਤੇ ਕਾਲਜਾਂ ਵਿਚ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਸੈਸ਼ਨ ਆਯੋਜਿਤ ਕਰਨ, ਤਾਂ ਜੋ ਵਿਦਿਆਰਥੀਆਂ ਨੂੰ ਇਸ ਸਮੱਸਿਆ ਦੇ ਬਾਰੇ ਵਿਚ ਸਹੀ ਜਾਣਕਾਰੀ ਮਿਲ ਸਕੇ ਅਤੇ ਉਹ ਇਸ ਤੋਂ ਬਚਣ ਲਈ ਯੋਗ ਕਦਮ ਚੁੱਕ ਸਕਣ।
ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਐਸ.ਡੀ.ਐਮ ਨੇ ਕਿਹਾ ਕਿ ਉਹ ਨਸ਼ਿਆਂ ਦੀ ਸਪਲਾਈ ਚੇਨ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਸ਼ੇ ਦੇ ਤਸਕਰਾਂ ’ਤੇ ਨਕੇਲ ਕੱਸਣ। ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਨਸ਼ਿਆਂ ਦੇ ਖ਼ਤਰਿਆਂ ਦੇ ਬਾਰੇ ਵਿਚ ਜਾਗਰੂਕਤਾ ਫੈਲਾਉਣ ਲਈ ਪੰਚਾਇਤ ਪੱਧਰ ’ਤੇ ਮੀਟਿੰਗ ਆਯੋਜਿਤ ਕਰਨ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤਾ ਗਿਆ ਕਿ ਉਹ ਨਸ਼ੇ ਦੇ ਆਦੀ ਲੋਕਾਂ ਲਈ ਮੁੜ ਵਸੇਬਾ ਲਈ ਵਿਸ਼ੇਸ਼ ਪ੍ਰੋਗਰਾਮ ਚਲਾਉਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਹਰ ਸੰਭਵ ਯਤਨ ਕਰਨ।
ਐਸ.ਡੀ.ਐਮ ਨੇ ਅੰਤ ਵਿਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਦਿਸ਼ਾ ਵਿਚ ਸਮਰਪਿਤ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨਾ ਹੋਵੇਗਾ। ਉਨ੍ਹਾਂ ਆਸ ਪ੍ਰਗਵਾਈ ਕਿ ਸਾਰੇ ਵਿਭਾਗਾਂ ਦੀ ਇਕਜੁੱਟਤਾ ਅਤੇ ਸਹਿਯੋਗ ਨਾਲ ਉਪ ਮੰਡਲ ਹੁਸ਼ਿਆਰਪੁਰ ਵਿਚ ਨਸ਼ੇ ਦੀ ਸਮੱਸਿਆ ’ਤੇ ਪ੍ਰਭਾਵੀ ਢੰਗ ਨਾਲ ਕਾਬੂ ਪਾਇਆ ਜਾ ਸਕੇਗਾ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪਿੰਡ ਬੋਹਣ ਵਿਖੇ ਧੂਮਧਾਮ ਮਨਾਇਆ ਤੀਆਂ ਦਾ ਤਿਉਹਾਰ
Next articleਵਿਧਾਇਕ ਰਾਜਾ ਗਿੱਲ ਨੇ ਸਕੂਲ ਆਫ ਐਮੀਨੈਂਸ ਦੀ ਸਕੂਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ