ਮਾਨਸਾ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਵਿਧਾਇਕਾਂ ਪ੍ਰਿੰਸੀਪਲ ਬੁੱਧ ਰਾਮ (ਬੁਢਲਾਡਾ) ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ (ਸਰਦੂਲਗੜ੍ਹ) ਨੇ ਅੱਜ ਇੱਥੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਪ੍ਰਦਰਸ਼ਨੀਆਂ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਗੈਰ-ਮਿਆਰੀ ਬੀਜ ਅਤੇ ਖਾਦ ਵੇਚਣ ਵਾਲਿਆਂ ਦੀ ਖੈਰ ਨਹੀਂ ਹੋਵੇਗੀ। ਜਾਣਕਾਰੀ ਅਨੁਸਾਰ ਇਸ ਮੇਲੇ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਨੇ ਕਰਨਾ ਸੀ ਪਰ ਜ਼ਰੂਰੀ ਰੁਝੇਵਿਆਂ ਕਾਰਨ ਉਹ ਨਹੀਂ ਪਹੁੰਚ ਸਕੇ। ਮੇਲੇ ਵਿੱਚ 1500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।
ਕਿਸਾਨ ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਸਾਨਾਂ ਨੂੰ ਦੱਸਿਆ ਕਿ ਸਰਕਾਰ ਕਿਸਾਨਾਂ ਦੇ ਜ਼ਰੂਰੀ ਮਸਲੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੂਨ ਮਹੀਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਦੌਰਾਨ ਕਿਸਾਨੀ ਲਈ ਨੀਤੀਆਂ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਲਈ ਨਹਿਰੀ ਪਾਣੀ ਦੀ ਪੂਰਤੀ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਦਾ ਭਰੋਸਾ ਦਿੱਤਾ ਤਾਂ ਜੋ ਕਿਸਾਨਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਨਵੀਆਂ ਖੋਜਾਂ ਕਰਨ ਵਿੱਚ ਕੋਈ ਮੁਸ਼ਕਿਲ ਨਾ ਆਵੇ।
ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਪ੍ਰਦੂਸ਼ਣ ਘਟਾਉਣ ਲਈ ਸੂਬਾ ਵਾਸੀਆਂ ਨੂੰ ਵੱਧ ਤੋਂ ਵੱਧ ਦਰੱਖ਼ਤ ਲਾਉਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਉਹ ਕਿਸੇ ਦੇ ਝਾਂਸੇ ’ਚ ਆ ਕੇ ਅਣਅਧਿਕਾਰਤ ਕਿਸਮਾਂ ਦੇ ਬੀਜ ਨਾ ਬੀਜਣ।
ਮਿੱਟੀ ਤੇ ਪਾਣੀ ਪਰਖਣ ਲਈ ਲੈਬਾਂ ਬਣਾਉਣ ਦਾ ਐਲਾਨ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਵੱਲੋਂ ਕੀਤੇ ਗਏ ਨਰਮੇ ਦੇ ਨੁਕਸਾਨ ਲਈ ਪੂਰੀ ਤਰ੍ਹਾਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਦੱਸਿਆ ਕਿ ਬਾਦਲਾਂ ਅਤੇ ਕਾਂਗਰਸੀਆਂ ਨੇ ਕਿਸਾਨਾਂ ਦੀ ਸਾਰ ਲੈਣ ਦੀ ਥਾਂ ਉਲਟਾ ਨਿੱਜੀ ਕੰਪਨੀਆਂ ਨੂੰ ਤਰਜੀਹ ਦੇ ਕੇ ਪੰਜਾਬ ਵਿੱਚ ਖੇਤੀ ਯੂਨੀਵਰਸਿਟੀ ਦੀ ਥਾਂ ਨਿੱਜੀ ਡੀਲਰਾਂ ਦਾ ਬੋਲਬਾਲਾ ਕਾਇਮ ਕਰ ਦਿੱਤਾ ਹੈ, ਜਿਸ ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੱਥ ਪਾਵੇਗੀ। ਸਰਕਾਰ ਵੱਲੋਂ ਬਲਾਕ ਪੱਧਰ ’ਤੇ ਮਿੱਟੀ/ਪਾਣੀ ਪਰਖਣ ਲਈ ਲੈਬਾਂ ਬਣਾਈਆਂ ਜਾਣਗੀਆਂ ਤਾਂ ਜੋ ਕਿਸਾਨ ਮਿੱਟੀ/ਪਾਣੀ ਦੀ ਪਰਖ ਕਰਵਾ ਕੇ ਹੀ ਖਾਦਾਂ ਦੀ ਵਰਤੋਂ ਕਰਨ ਅਤੇ ਆਪਣੇ ਬੇਲੋੜੇ ਖੇਤੀ ਖਰਚੇ ਘਟਾ ਸਕਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly