ਚੰਡੀਗੜ੍ਹ (ਸਮਾਜ ਵੀਕਲੀ): ਚੰਡੀਗੜ੍ਹ ’ਤੇ ਆਪੋ-ਆਪਣਾ ਹੱਕ ਜਤਾਉਣ ਲਈ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਖੜ੍ਹੇ ਹੁੰਦੇ ਦਿਖਾਈ ਦੇ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਸ ਮੁੱਦੇ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ 5 ਅਪਰੈਲ ਨੂੰ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ। ਇਸ ਸੈਸ਼ਨ ਵਿੱਚ ਚੰਡੀਗੜ੍ਹ ’ਤੇ ਹਰਿਆਣਾ ਦੇ ਹੱਕ ਤੇ ਐੱਸਵਾਈਐੱਲ ਬਾਰੇ ਮਤਾ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਰਵੱਈਏ ਖ਼ਿਲਾਫ਼ ਵੀ ਮਤਾ ਲਿਆਂਦਾ ਜਾਵੇਗਾ। ਇਹ ਫ਼ੈਸਲਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਅੱਜ ਹੋਈ ਕੈਬਨਿਟ ਮੀਟਿੰਗ ’ਚ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 27 ਮਾਰਚ ਨੂੰ ਚੰਡੀਗੜ੍ਹ ਫੇਰੀ ਦੌਰਾਨ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਪੰਜਾਬ ਸਰਕਾਰ ਨੇ ਪਹਿਲੀ ਅਪਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕਰਕੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਸੀ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਅਦ ਹਰਿਆਣਾ ਸਰਕਾਰ ਨੇ ਹੁਣ 5 ਅਪਰੈਲ ਨੂੰ ਵਿਸ਼ੇਸ਼ ਸੈਸ਼ਨ ਸੱਦਿਆ ਹੈ ਜੋ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਾਰਵਾਈ ਦੀ ਨਿੰਦਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਚੰਡੀਗੜ੍ਹ ’ਤੇ ਹਰਿਆਣਾ ਦਾ ਵੀ ਬਰਾਬਰ ਹੱਕ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਹਰਿਆਣਾ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਸੂਬੇ ਦੇ ਸਿਹਤ ਮੰਤਰੀ ਅਨਿਲ ਵਿਜ ਨੇ ‘ਆਪ’ ਨੂੰ ‘ਬੱਚਾ ਪਾਰਟੀ’ ਆਖਦਿਆਂ ਕਿਹਾ ਸੀ ਕਿ ‘ਆਪ’ ਨੂੰ ਮੁੱਦਿਆਂ ਦੀ ਪੂਰੀ ਜਾਣਕਾਰੀ ਨਹੀਂ ਹੈ। ਦੂਜੇ ਪਾਸੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਵੱਲੋਂ ਵੀ ਚੰਡੀਗੜ੍ਹ ’ਤੇ ਹਰਿਆਣਾ ਦੇ ਹੱਕ ਬਾਰੇ ਤੇ ਪੰਜਾਬ ਨਾਲ ਸਬੰਧਤ ਹੋਰਨਾਂ ਮੁੱਦਿਆਂ ’ਤੇ ਚਰਚਾ ਲਈ ਸਰਬ ਪਾਰਟੀ ਮੀਟਿੰਗ ਜਾਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸਦਨ ਦੀ ਮੰਗ ਕੀਤੀ ਜਾ ਰਹੀ ਸੀ।
ਪਹਿਲਾਂ ਹਰਿਆਣਾ ਦਾ ਪਾਣੀ ਮਿਲੇ ਬਾਕੀ ਗੱਲਾਂ ਬਾਅਦ ਵਿੱਚ: ਖੱਟਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਨੇ ਹਰਿਆਣਾ ਨੂੰ ਮਿਲਣ ਵਾਲਾ ਪਾਣੀ ਰੋਕਿਆ ਸੀ। ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜੋ ਇਕ ਪਾਸੇ ਹਰਿਆਣਾ ਦਾ ਪਾਣੀ ਰੋਕ ਰਹੀ ਹੈ ਤੇ ਦੂਜੇ ਪਾਸੇ ਦਿੱਲੀ ਲਈ ਪਾਣੀ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹਰਿਆਣਾ ਦਾ ਪਾਣੀ ਦੇਵੋ, ਬਾਕੀ ਗੱਲਾਂ ਬਾਅਦ ਵਿੱਚ ਹੋਣਗੀਆਂ। ਸ੍ਰੀ ਖੱਟਰ ਨੇ ਕਿਹਾ ਕਿ ‘ਆਪ’ ਸਰਕਾਰ ਦਾ ਫ਼ੈਸਲਾ ਲੋਕ ਹਿੱਤ ਵਿੱਚ ਨਹੀਂ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly