ਲੁਧਿਆਣਾ (ਸਮਾਜ ਵੀਕਲੀ) : ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਅੱਜ ਲੁਧਿਆਣਾ ਦੇ ਗਿੱਲ ਰੋਡ ਸਥਿਤ ਦਾਣਾ ਮੰਡੀ ਵਿੱਚ ‘ਕਾਰਪੋਰੇਟ ਭਜਾਓ, ਦੇਸ਼ ਬਚਾਓ, ਪੰਜਾਬ ਬਚਾਓ’ ਮਹਾਰੈਲੀ ਕੀਤੀ। ਰੈਲੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰ ਕੇ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ। ਜਾਣਕਾਰੀ ਮੁਤਾਬਿਕ ਇਸ ਮਹਾਰੈਲੀ ਵਿੱਚ 37 ਜਥੇਬੰਦੀਆਂ ਨੂੰ ਮਿਲਾ ਕਿ ਬਣੇ ‘ਪੰਜਾਬ ਬਚਾਓ ਸੰਯੁਕਤ ਮੋਰਚਾ’ ਦੇ ਕਾਰਕੁਨ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਕਿਸਾਨ-ਮਜ਼ਦੂਰ ਦੇ ਸਾਂਝੇ ਸੰਘਰਸ਼ ਸਦਕਾ ਹੀ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਿਆ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਦੋਂ ਤੋਂ ਨਰਿੰਦਰ ਮੋਦੀ ਦੇਸ਼ ਦਾ ਪ੍ਰਧਾਨ ਮੰਤਰੀ ਬਣਿਆ ਹੈ, ਉਦੋਂ ਤੋਂ ਦੇਸ਼ ਵਿੱਚ ਪੂੰਜੀਵਾਦ ਭਾਰੂ ਹੋ ਗਿਆ। ਪ੍ਰਧਾਨ ਮੰਤਰੀ ਮੋਦੀ ਸਾਰਾ ਦੇਸ਼ ਪੂੰਜੀਪਤੀਆਂ ਨੂੰ ਦੇਣਾ ਚਾਹੁੰਦੇ ਹਨ।
ਇਸ ਕਰ ਕੇ ਅੰਦੋਲਨ ਦੀ ਜਿੱਤ ਤੋਂ ਬਾਅਦ ਹੁਣ ਪਿੰਡ-ਪਿੰਡ, ਸ਼ਹਿਰ-ਸ਼ਹਿਰ ਘਰਾਂ ਵਿੱਚ, ਦੁਕਾਨਾਂ ’ਤੇ, ਫੈਕਟਰੀਆਂ ਵਿੱਚ ਪੂੰਜੀਪਤੀਆਂ ਦੇ ਬਾਈਕਾਟ ਦੀ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਕਿ ਪੂੰਜੀਪਤੀਆਂ ਨੂੰ ਵੀ ਪਤਾ ਲੱਗੇ ਕਿ ਉਨ੍ਹਾਂ ਦਾ ਪੇਚਾ ਕਿੱਥੇ ਪਿਆ ਹੈ। ਰਾਜੇਵਾਲ ਨੇ ਕਿਹਾ ਕਿ ਇਹ ਮਿੱਥ ਬਣ ਗਈ ਸੀ ਕਿ ਜਿੱਥੇ ਮੋਦੀ ਹੈ ਉੱਥੇ ਸਭ ਕੁਝ ਸੰਭਵ ਹੈ ਪਰ ਕਿਸਾਨਾਂ-ਮਜ਼ਦੂਰਾਂ ਦਾ ਏਕਾ ਮੋਦੀ ਨੂੰ ਹਰਾਉਣ ਵਿੱਚ ਸਫ਼ਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਸਾਰੇ ਜਾਗਰੂਕ ਦਿਮਾਗ ਬੈਠੇ ਹਨ, ਇਸ ਲਈ ਮਹਿੰਗਾਈ, ਗਰੀਬੀ ਅਤੇ ਬੇਰੁਜ਼ਗਾਰੀ ਦੂਰ ਕਰਨ ਲਈ ਸਿਸਟਮ ਨੂੰ ਬਦਲਣ ਦੀ ਲੋੜ ਹੈ। ਪ ਇਸ ਮੌਕੇ ਉਨ੍ਹਾਂ ਕਿਸਾਨ-ਮਜ਼ਦੂਰ ਸੰਘਰਸ਼ ਦੀ ਜਿੱਤ ਲਈ ਸਾਰੀਆਂ ਹਮਾਇਤੀ ਜਥੇਬੰਦੀਆਂ ਨੂੰ ਵਧਾਈ ਦਿੱਤੀ। ਮਹਾਰੈਲੀ ਨੂੰ ਬੰਤ ਬਰਾੜ, ਮੰਗਤ ਰਾਮ ਪਾਸਲਾ, ਗੁਰਮੀਤ ਸਿੰਘ ਬਖਤਪੁਰ, ਕਿਰਨਜੀਤ ਸਿੰਘ ਸੇਖੋਂ, ਨਿਰਮਲ ਧਾਲੀਵਾਲ, ਕੁਲਵੰਤ ਸਿੰਘ ਸੰਧੂ, ਭਗਵੰਤ ਸਿੰਘ ਸਮਾਓਂ ਤੇ ਗੁਰਨਾਮ ਸਿੰਘ ਬੌਲਦ ਕਲਾਂ ਸਣੇ ਹੋਰ ਆਗੂਆਂ ਨੇ ਸੰਬੋਧਨ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly