* ਮੁਖਤਿਆਰ ਸਿੰਘ ਝੰਡੇਰ ਬਣੇ ਐਨ. ਆਰ. ਆਈ ਯੂਨੀਅਨ ਇੰਗਲੈਂਡ ਦੇ ਪ੍ਰਧਾਨ
ਲੈਸਟਰ (ਇੰਗਲੈਂਡ) (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)– ਐਨ.ਆਰ.ਆਈ ਯੂਨੀਅਨ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਨ.ਆਰ.ਆਈ ਯੂਨੀਅਨ ਵਰਲਡ ਦੇ ਪ੍ਰਧਾਨ ਦੇਵ ਸਿੰਘ ਥਿੰਦ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਨੂੰ ਹਮੇਸ਼ਾ ਹੀ ਸਿਆਸੀ ਪਾਰਟੀਆਂ ਵੱਲੋਂ ਸਿਰਫ਼ ਚੋਣਾਂ ਦੌਰਾਨ ਯਾਦ ਕੀਤਾ ਜਾਂਦਾ ਹੈ ਅਤੇ ਵੱਡੇ-ਵੱਡੇ ਵਾਅਦੇ ਕਰਕੇ ਉਨ੍ਹਾਂ ਦੀ ਹਮਾਇਤ ਹਾਸਲ ਕੀਤੀ ਜਾਂਦੀ ਹੈ, ਪਰ ਸਰਕਾਰਾਂ ਬਣਨ ਤੋਂ ਬਾਅਦ ਐਨਆਰਆਈਆਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਫੇਰੀ ਦੌਰਾਨ ਐਨਆਰਆਈਆਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਵੀ ਕੋਈ ਪ੍ਰਭਾਵਸ਼ਾਲੀ ਪ੍ਰਬੰਧ ਨਹੀਂ ਹਨ। ਇਸੇ ਕਾਰਨ ਐਨਆਰਆਈ ਭਾਈਚਾਰੇ ਨੇ ਆਪਣੀਆਂ ਮੰਗਾਂ ਅਤੇ ਹੱਕਾਂ ਲਈ ਖੁਦ ਚੋਣ ਮੈਦਾਨ ਵਿੱਚ ਉਤਰਨ ਦਾ ਫ਼ੈਸਲਾ ਕੀਤਾ ਹੈ। ਦੇਵ ਸਿੰਘ ਥਿੰਦ ਨੇ ਐਲਾਨ ਕੀਤਾ ਕਿ ਐਨਆਰਆਈ ਯੂਨੀਅਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 117 ਵਿੱਚੋਂ 117 ਹਲਕਿਆਂ ਤੋਂ ਉਮੀਦਵਾਰ ਖੜ੍ਹੇ ਕਰੇਗੀ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਲਈ ਲੋਕਾਂ ਦਾ ਸਮਰਥਨ ਮੰਗੇਗੀ। ਉਨ੍ਹਾਂ ਕਿਹਾ ਕਿ ਜੇਕਰ ਐਨਆਰਆਈ ਯੂਨੀਅਨ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੀਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਬਿਨਾਂ ਵਿਦੇਸ਼ ਗਏ ਅਤੇ ਬਿਨਾਂ ਜ਼ਮੀਨ ਵੇਚੇ ਜਾਂ ਗਹਿਣੇ ਰੱਖੇ ਘਰ ਬੈਠਿਆਂ ਹੀ ਪੌਂਡਾਂ ਅਤੇ ਡਾਲਰਾਂ ਵਿੱਚ ਕਮਾਈ ਕਰਨ ਦੇ ਮੌਕੇ ਮਿਲਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨਵੀਆਂ ਫੈਕਟਰੀਆਂ ਅਤੇ ਉਦਯੋਗ ਸਥਾਪਤ ਕਰਨ ਲਈ ਹੁਣ ਤੋਂ ਹੀ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਦੇਵ ਸਿੰਘ ਥਿੰਦ ਨੇ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਐਨ.ਆਰ.ਆਈ ਆਗੂ ਮੁਖਤਿਆਰ ਸਿੰਘ ਝਨੇਰ ਨੂੰ ਐਨ.ਆਰ.ਆਈ ਯੂਨੀਅਨ ਇੰਗਲੈਂਡ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ । ਆਪਣੇ ਸੰਬੋਧਨ ਦੌਰਾਨ ਐਨ. ਆਰ. ਆਈ ਯੂਨੀਅਨ ਇੰਗਲੈਂਡ ਦੇ ਨਵ ਨਿਯੁਕਤ ਪ੍ਰਧਾਨ ਮੁਖਤਿਆਰ ਸਿੰਘ ਝਨੇਰ ਨੇ ਕਿਹਾ ਕਿ ਐਨ.ਆਰ.ਆਈ ਯੂਨੀਅਨ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ’ਤੇ ਸਰਗਰਮੀਆਂ ਚਲਾਏਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



