ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁੰਨ ਲਾਗੂ ਕੀਤੇ ਨਵੇਂ ਫੌਜਦਾਰੀ ਕਾਨੂੰਨਾਂ ਖਿਲਾਫ਼ ਜਲੰਧਰ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਲਈ ਰਵਾਨਾ।

ਸੰਗਰੂਰ (ਸਮਾਜ ਵੀਕਲੀ)
ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ਤੇ  ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਦਿੱਤੇ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁੰਨ ਜਲੰਧਰ ਵਿਖੇ ਹੋ ਰਹੀ ਕਨਵੈਨਸ਼ਨ ਅਤੇ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਲਈ  ਜਗਜੀਤ ਸਿੰਘ ਭੁਟਾਲ ਅਤੇ ਮਾਸਟਰ ਪਰਮ ਵੇਦ ਦੀ ਅਗਵਾਈ ਵਿਚ ਰਵਾਨਾ ਹੋਏ।
   ਸੰਸਾਰ ਪ੍ਰਸਿੱਧ ਸ਼ਖ਼ਸੀਅਤਾਂ ਅਰੁੰਧਤੀ ਰਾਏ ਅਤੇ ਪ੍ਰੋ ਸ਼ੇਖ  ਸੌਕਤ ਹੁਸੈਨ ਉੱਪਰ 14 ਸਾਲ ਪਹਿਲਾਂ ਯੂ ਏ ਪੀ ਏ ਅਧੀਨ ਕੇਸ ਚਲਾਉਣ ਦੀ ਮਨਜ਼ੂਰੀ ਦੇਣ ਅਤੇ ਲਾਗੂ ਕੀਤੇ ਨਵੇਂ ਫੌਜਦਾਰੀ ਕਾਨੂੰਨਾਂ ਭਾਰਤੀ ਨਿਆਏ ਸੰਹਿਤਾ, ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ ਅਤੇ ਭਾਰਤੀ ਸਾਕਸ਼ੀਆ ਅਧਿਨਿਯਮ  ਦੇ ਵਿਰੋਧ ਵਿਚ ਅਤੇ ਅੰਰੁਧਤੀ ਰਾਏ ਅਤੇ ਪ੍ਰੋ ਸ਼ੇਖ ਸੌਕਤ ਹੁਸੈਨ ਦੇ ਖਿਲਾਫ ਕੇਸ ਨੂੰ ਵਾਪਸ ਲੈਣ ਅਤੇ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੀ ਜਾ ਰਹੀ ਕਨਵੈਨਸ਼ਨ ਲਈ ਸਮੂਹ ਜਥੇਬੰਦੀਆਂ ਵਲੋਂ ਜਨਤਕ ਲਾਮਬੰਦੀ ਕੀਤੀ ਜਾ ਰਹੀ ਹੈ। ਰਵਾਨਾ ਹੋਣ ਸਮੇਂ ਆਗੂਆਂ ਨੇ ਕਿਹਾ ਕਿ ਇਹਨਾਂ ਕਾਨੂੰਨਾਂ ਨੂੰ   ਸਰਕਾਰ ਦਾ ਵਿਰੋਧ ਕਰਨ ਵਾਲੀਆਂ ਲੋਕ ਪੱਖੀ ਆਵਾਜ਼ਾਂ  ਬੰਦ ਕਰਵਾਉਣ ਲਈ ਭਾਰਤ ਵਿੱਚ ਨੰਗਾ ਚਿੱਟਾ ਪੁਲਿਸ ਰਾਜ ਥੋਪਣ ਲਈ ਲਿਆਉਣ ਲਾਗੂ ਕਰਕੇ ਕੇਂਦਰ ਸਰਕਾਰ ਨੇ ਅਸਿੱਧੇ ਰੂਪ ਵਿੱਚ ਐਮਰਜੈਂਸੀ ਲਗਾਉਣ ਦਾ ਐਲਾਨ ਕਰ ਦਿੱਤਾ ਹੈ । ਉਹਨਾਂ ਕਿਹਾ ਕਿ ਪਹਿਲੀ ਜੁਲਾਈ ਤੋਂ ਭਾਰਤੀ ਦੰਡ ਸੰਹਿਤਾ (ਆਈਪੀਸੀ), ਭਾਰਤੀ ਫ਼ੌਜਦਾਰੀ ਸੰਹਿਤਾ (ਸੀਆਰਪੀਸੀ) ਅਤੇ ਭਾਰਤੀ ਗਵਾਹੀ ਐਕਟ (ਆਈਈਏ) ਦੀ ਜਗਾ੍ਹ ਲੈ ਲੈਣਗੇ। ਉਹਨਾਂ ਕਿਹਾ ਕਿ ਬਹਾਨਾ ਤਾਂ ਇਹ ਬਣਾਇਆ ਗਿਆ ਹੈ ਕਿ ਇਹ ਨਵੀਂ ਕਾਨੂੰਨੀ ਵਿਵਸਥਾ ਅੰਗਰੇਜ਼ਾਂ ਦੇ ਜ਼ਮਾਨੇ ਦੇ ਕਾਨੂੰਨਾਂ ਦੀ ਵਿਰਾਸਤ ਨੂੰ ਖ਼ਤਮ ਕਰਨ ਲਈ ਹੈ ਪਰ ਇਨ੍ਹਾਂ ਦਾ 83% ਦੇ ਲੱਗਭੱਗ ਟੈਕਸਟ ਪੁਰਾਣੇ ਕਾਨੂੰਨਾਂ ਵਾਲਾ ਹੀ ਹੋਣ ਕਾਰਨ ਇਹ ਨਾ ਤਾਂ ਬਸਤੀਵਾਦੀ ਕਾਨੂੰਨਾਂ ਦੀ ਵਿਰਾਸਤ ਨੂੰ ਤਿਆਗਦੇ ਹਨ  ਸਗੋਂ ਇਹ ਸਿਰੇ ਦੇ ਗੈਰ ਜਮਹੂਰੀ  ਕਾਨੂੰਨ ਹਨ।  ਇਹ ਕਾਨੂੰਨ ਅੰਗਰੇਜ਼ ਸਰਕਾਰ ਵਲੋਂ ਪਾਸ ਕੀਤੇ ਰੋਲਟ ਐਕਟ ਵਾਂਗੂੰ  ਸਟੇਟ ਦੇ ਹੱਥ ’ਚ ਹੋਰ ਤਾਨਾਸ਼ਾਹ ਤਾਕਤਾਂ ਦੇ ਕੇ ਇਸ ਨੂੰ ਪੁਲਿਸ ਸਟੇਟ ’ਚ ਬਦਲਣ, ਕਾਨੂੰਨੀ ਢਾਂਚੇ ਨੂੰ ਹੋਰ ਜਾਬਰ ਬਣਾਉਣ ਅਤੇ ਪਹਿਲਾਂ ਹੀ ਦਰੜੇ ਤੇ ਹਾਸ਼ੀਏ ’ਤੇ ਧੱਕੇ ਲੋਕਾਂ ਨੂੰ ਅਧਿਕਾਰੀ ਵਿਹੂਣੀ ਬੇਵੱਸ ਪਰਜਾ ’ਚ ਬਦਲਣ ਲਈ ਘੜੇ ਗਏ ਹਨ। ਇਹਨਾਂ ਕਾਨੂੰਨਾਂ ਰਾਹੀਂ ਜਮਹੂਰੀ ਹੱਕਾਂ ਦਾ ਗਲਾ ਘੁੱਟਣ  ਅਤੇ  ਸਰਕਾਰ ਦੇ ਹੱਕੀ,  ਵਾਜਬ ਤੇ ਜਮਹੂਰੀ ਵਿਰੋਧ ਨੂੰ ਅਪਰਾਧ ਦਾ ਦਰਜਾ ਦੇਣ ਦੀ ਵਿਵਸਥਾ ਕੀਤੀ ਗਈ ਹੈ। ਦਹਿਸ਼ਤਵਾਦ ਦੀ ਪ੍ਰੀਭਾਸ਼ਾ ਸਮੇਤ ਕਾਲੇ ਕਾਨੂੰਨ ਯੂ ਏ ਪੀ ਏ ਦੇ ਹਿੱਸਿਆਂ ਨੂੰ ਨਵੇਂ ਕਾਨੂੰਨਾਂ ਵਿਚ ਘੁਸੇੜਨਾ, ਹਕੂਮਤ ਨੂੰ ਕਿਸੇ ਨੂੰ ਵੀ ਦਹਿਸ਼ਤਗਰਦ ਅਤੇ ਰਾਸ਼ਟਰ-ਵਿਰੋਧੀ ਕਰਾਰ ਦੇ ਕੇ ਨਜ਼ਰਬੰਦ ਕਰਨ, ਗਿ੍ਰਫ਼ਤਾਰ ਕਰਨ, ਮੁਕੱਦਮਾ ਚਲਾ ਕੇ ਮਨਮਾਨੀ ਸਜ਼ਾ ਦੇਣ ਦੇ ਬੇਲਗਾਮ ਅਧਿਕਾਰ ਦੇਣਾ, ਹਿਰਾਸਤ ਦਾ ਸਮਾਂ ਵਧਾਉਣਾ, ਜਿਨਸੀ ਹਿੰਸਾ ਰੋਕਣ ਦੇ ਬਹਾਨੇ ਮੌਤ ਦੀ ਸਜ਼ਾ ਦਾ ਦਾਇਰਾ ਵਧਾਉਣਾ, ਐਮਰਜੈਂਸੀ ਹਾਲਾਤਾਂ ਦੇ ਨਾਂ ਹੇਠ ਵਿਸ਼ੇਸ਼ ਤਾਕਤਾਂ ਨੂੰ ਆਮ ਬਣਾਉਣਾ, ਬਿਨਾਂ ਜਨਤਕ ਬਹਿਸ ਕਰਾਏ ਪਾਰਲੀਮੈਂਟ ਵਿਚ ਬਹੁਗਿਣਤੀ ਦੇ ਜ਼ੋਰ ਇਹ ਕਾਨੂੰਨ ਪਾਸ ਕਰਨਾ ਦਰਸਾਉਦਾ ਹੈ ਕਿ ਮੋਦੀ ਸਰਕਾਰ ਦੇ ਮਨਸ਼ੇ ਇਨ੍ਹਾਂ ਕਾਨੂੰਨਾਂ ਨੂੰ ਜ਼ਰੀਆ ਬਣਾ ਕੇ ਵੱਧ ਤੋਂ ਵੱਧ ਤਾਨਾਸ਼ਾਹ ਤਾਕਤਾਂ ਹਥਿਆਉਣ ਅਤੇ ਹਕੂਮਤ ਵਿਰੋਧੀ ਆਵਾਜ਼ਾਂ ਨੂੰ ਕੁਚਲਣ ਦੇ ਹਨ। ਆਗੂਆਂ ਨੇ  ਕਿ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਵਿਆਪੀ ਜਨਤਕ ਲਹਿਰ ਖੜ੍ਹੀ ਕਰਨ ਦੀ ਚਿਤਾਵਨੀ ਵੀ ਦਿੱਤੀ। ਇਸ ਸਮੇਂ  ਜਮਹੂਰੀ ਅਧਿਕਾਰ ਸਭਾ ਦੇ ਸੂਬਾ ਆਗੂ ਸਵਰਨਜੀਤ ਸਿੰਘ, ਕੁਲਦੀਪ ਸਿੰਘ , ਬਲਵਿੰਦਰ ਸਿੰਘ ਵਿਸਾਖਾ,  ਜ਼ਿਲ੍ਹਾ ਆਗੂ ਕੁਲਵਿੰਦਰ ਬੰਟੀ,ਬਸੇਸਰ ਰਾਮ, ਰਘਬੀਰ ਭੁਟਾਲ, ਭਜਨ ਰੰਗੀਆਂ  ਅਤੇ ਤਰਕਸ਼ੀਲ ਸੁਸਾਇਟੀ ਦੇ ਆਗੂ ਸੁਰਿੰਦਰ ਉਪਲੀ, ਸੀਤਾਰਾਮ, ਗੁਰਦੀਪ ਸਿੰਘ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਸਰਕਾਰ ਕਿਸਾਨਾਂ ਨਾਲ ਕਰ ਰਹੀ ਕੋਝੇ ਮਜਾਕ, ਸਰਕਾਰ ਨੇ ਬਦਲਮੀ ਫਸਲ ਬੀਜਣ ਵਾਲੇ ਨੂੰ ਕਰਤਾ 7 ਹਜਾਰ ਰੁਪੈ ਪ੍ਰਤੀ ਏਕੜ ਦਾ ਐਲਾਨ -ਸੁੱਖ ਗਿੱਲ ਮੋਗਾ
Next articleਬੱਲੋਵਾਲ ਵਿਖੇ ਗੁਰੂਦੁਆਰਾ ਸਾਹਿਬ ਵਿਕੇ ਦੁੱਧ ਦੀ ਸੇਵਾ ਲਈ ਸੱਜਰ ਸੂਈ ਮੱਝ ਦਾਨ ਕੀਤੀ