ਲੈਸਟਰ (ਇੰਗਲੈਂਡ), (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੀ ਮੀਡੀਆ ਨਿਗਰਾਨ ਸੰਸਥਾ ਆਫਕਾਮ ਵੱਲੋਂ ਉਦਯੋਗਪਤੀ ਐਲਨ ਮਸਕ ਦੀ ਮਾਲਕੀ ਹੇਠ ਚੱਲ ਰਹੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਖ਼ਿਲਾਫ਼ ਵੱਡੀ ਪੱਧਰ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਂਚ ਪਲੇਟਫਾਰਮ ‘ਤੇ ਬੱਚਿਆਂ ਅਤੇ ਮਹਿਲਾਵਾਂ ਦੀਆਂ ਜਿਨਸੀਕ੍ਰਿਤ ਡੀਪਫੇਕ ਤਸਵੀਰਾਂ ਅਤੇ ਸਮੱਗਰੀ ਫੈਲਣ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ, ਜਿਸ ਨਾਲ ਬਰਤਾਨੀਆ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਵਿਚ ਗਹਿਰੀ ਚਿੰਤਾ ਪੈਦਾ ਹੋ ਗਈ ਹੈ। ਸੂਤਰਾਂ ਅਨੁਸਾਰ ਇਹ ਮਾਮਲਾ ਆਰਟੀਫੀਸ਼ਲ ਇੰਟੈਲੀਜੈਂਸ ਟੂਲ ‘ਗ੍ਰੋਕ’ ਨਾਲ ਜੁੜੇ ਵਿਵਾਦ ਤੋਂ ਬਾਅਦ ਹੋਰ ਵੀ ਗੰਭੀਰ ਬਣ ਗਿਆ ਹੈ। ਦੋਸ਼ ਹੈ ਕਿ ਇਸ ਟੂਲ ਦੀ ਮਦਦ ਨਾਲ ਤਿਆਰ ਕੀਤੀਆਂ ਨਕਲੀ ਪਰ ਬਹੁਤ ਹਕੀਕਤਨੁਮਾ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਬਿਨਾਂ ਕਿਸੇ ਪ੍ਰਭਾਵਸ਼ਾਲੀ ਨਿਗਰਾਨੀ ਦੇ ਫੈਲ ਰਹੀਆਂ ਹਨ, ਜੋ ਖ਼ਾਸ ਕਰਕੇ ਬੱਚਿਆਂ ਅਤੇ ਮਹਿਲਾਵਾਂ ਲਈ ਗੰਭੀਰ ਖ਼ਤਰਾ ਬਣ ਰਹੀਆਂ ਹਨ। ਆਫਕਾਮ ਨੇ ਸਪੱਸ਼ਟ ਕੀਤਾ ਹੈ ਕਿ ਆਨਲਾਈਨ ਸੁਰੱਖਿਆ ਕਾਨੂੰਨਾਂ ਤਹਿਤ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੀ ਗੈਰਕਾਨੂੰਨੀ ਅਤੇ ਅਣਨੈਤਿਕ ਸਮੱਗਰੀ ਨੂੰ ਤੁਰੰਤ ਹਟਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਮਜ਼ਬੂਤ ਪ੍ਰਬੰਧ ਕਰਨ। ਜੇਕਰ ਜਾਂਚ ਦੌਰਾਨ ਇਹ ਸਾਬਤ ਹੋ ਜਾਂਦਾ ਹੈ ਕਿ ‘ਐਕਸ’ ਨੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਲਾਪਰਵਾਹੀ ਕੀਤੀ ਹੈ, ਤਾਂ ਪਲੇਟਫਾਰਮ ‘ਤੇ ਲਗਭਗ £18 ਮਿਲੀਅਨ ਤੱਕ ਭਾਰੀ ਜੁਰਮਾਨਾ ਲਗਾਇਆ ਜਾ ਸਕਦਾ ਹੈ।
ਸਰਕਾਰੀ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਜੇ ਹਾਲਾਤ ਵਿੱਚ ਸੁਧਾਰ ਨਾ ਆਇਆ ਤਾਂ ਬਰਤਾਨੀਆ ਸਰਕਾਰ ਵੱਲੋਂ ‘ਐਕਸ’ ‘ਤੇ ਅਸਥਾਈ ਜਾਂ ਸਥਾਈ ਪਾਬੰਦੀ ਲਗਾਉਣ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਨਲਾਈਨ ਸੁਰੱਖਿਆ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਡੀਪਫੇਕ ਤਕਨਾਲੋਜੀ ਦੇ ਗਲਤ ਇਸਤੇਮਾਲ ਨੇ ਸਮਾਜ ਲਈ ਨਵੀਆਂ ਚੁਣੌਤੀਆਂ ਖੜੀਆਂ ਕਰ ਦਿੱਤੀਆਂ ਹਨ ਅਤੇ ਇਸ ‘ਤੇ ਕਾਬੂ ਪਾਉਣ ਲਈ ਸਖ਼ਤ ਕਾਨੂੰਨੀ ਕਾਰਵਾਈ ਬਹੁਤ ਜ਼ਰੂਰੀ ਹੈ। ਦੂਜੇ ਪਾਸੇ ‘ਐਕਸ’ ਪ੍ਰਬੰਧਨ ਵੱਲੋਂ ਕਿਹਾ ਗਿਆ ਹੈ ਕਿ ਉਹ ਯੂਜ਼ਰ ਸੁਰੱਖਿਆ ਨੂੰ ਗੰਭੀਰਤਾ ਨਾਲ ਲੈਂਦਾ ਹੈ ਅਤੇ ਨੁਕਸਾਨਦੇਹ ਸਮੱਗਰੀ ਨੂੰ ਹਟਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਹਾਲਾਂਕਿ ਆਫਕਾਮ ਦਾ ਕਹਿਣਾ ਹੈ ਕਿ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਮਾਹਿਰਾਂ ਮੰਨਦੇ ਹਨ ਕਿ ਇਹ ਜਾਂਚ ਨਾ ਸਿਰਫ਼ ‘ਐਕਸ’ ਲਈ, ਸਗੋਂ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਲਈ ਵੀ ਇੱਕ ਸਖ਼ਤ ਚੇਤਾਵਨੀ ਹੈ ਕਿ ਬੱਚਿਆਂ ਅਤੇ ਮਹਿਲਾਵਾਂ ਦੀ ਆਨਲਾਈਨ ਸੁਰੱਖਿਆ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



