ਇਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਨਾਲ ਦੋ ਹਨੇਰੀਆਂ ਜਿੰਦਗੀਆਂ ਰੌਸ਼ਨ ਹੋ ਸਕਦੀਆਂ ਹਨ : ਸਿਵਲ ਸਰਜਨ ਡਾ. ਪਵਨ ਸ਼ਗੋਤਰਾ

ਫੋਟੋ : ਅਜਮੇਰ ਦੀਵਾਨਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ ਪਵਨ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 25 ਅਗਸਤ ਤੋਂ 08 ਸਿਤੰਬਰ ਤੱਕ ਮਨਾਏ ਜਾ ਰਹੇ ਨੇਤਰ ਦਾਨ ਪਖਵਾੜੇ ਦੇ ਤਹਿਤ  ਅੱਜ ਦਫ਼ਤਰ ਸਿਵਲ ਸਰਜਨ ਦੇ ਜ਼ਿਲਾ ਸਿਖਲਾਈ ਕੇਂਦਰ ਵਿਖੇ ਆਸ਼ਾ ਵਰਕਰਾਂ ਨੂੰ ਇਸ ਸੰਬੰਧੀ ਜਾਗਰੂਕ ਕਰਨ ਲਈ ਵਰਕਸ਼ਾਪ ਲਗਾਈ ਗਈ। ਜਿਸ ਵਿਚ ਅਰਬਨ ਆਸ਼ਾ ਵਰਕਰ , ਏ ਐਨ ਐਮ ਅਤੇ ਜ਼ਿਲਾ ਬੀ ਸੀ ਸੀ ਕੁਆਰਡੀਨੇਟਰ ਅਮਨਦੀਪ ਸਿੰਘ ਨੇ ਭਾਗ ਲਿਆ ।

                ਇਸ ਮੌਕੇ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਦਰਵਾੜੇ ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰ ਕੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰਵਾਏ ਜਾਣਗੇ। ਇਹ ਫ਼ਾਰਮ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਭਧ ਹਨ ਅਤੇ ਕੋਈ ਵੀ ਚਾਹਵਾਨ ਵਿਅਕਤੀ ਉਥੇ ਜਾ ਕੇ ਫ਼ਾਰਮ ਭਰ ਸਕਦਾ ਹੈ। ਉਹਨਾਂ ਕਿਹਾ ਕਿ ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ । ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ’ਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ’ਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਆਪਣੇ ਪਰਿਵਾਰਕ ਜੀਆਂ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਪੁਤਲੀ ਬਦਲਣ ਦੇ ਆਪਰੇਸ਼ਨ ਮੁਫ਼ਤ ਕੀਤੇ ਜਾਂਦੇ ਹਨ ।

                ਏ ਸੀ ਐਸ ਕਮ ਨੋਡਲ ਅਫ਼ਸਰ ਐਨ ਪੀ ਸੀ ਬੀ ਤੇ ਵੀ ਆਈ ਡਾ ਕਮਲੇਸ਼ ਹੀਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਖਾਂ ਦਾਨ ਕਰਨ ਦਾ ਫ਼ੈਸਲਾ ਮੌਤ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਅਤੇ ਅੱਖਾਂ ਦਾ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦਾ ਹੈ। ਅੱਖਾਂ ਦਾਨ ਕਰਨ ਲਈ ਫ਼ਾਰਮ ਭਰਿਆ ਜਾਂਦਾ ਹੈ। ਮੌਤ ਤੋਂ 4 ਤੋਂ 6 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ ਚਾਹੇ ਉਸ ਦੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਆਪਰੇਸ਼ਨ ਹੋਇਆ ਹੋਵੇ, ਲੈਨਜ਼ ਪਏ ਹੋਣ। ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗ਼ੀ ਬੁਖਾਰ ਆਦਿ ਬੀਮਾਰੀਆਂ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਨਹੀਂ ਕਰ ਸਕਦੇ।

                ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਤ੍ਰਿਪਤਾ ਦੇਵੀ ਨੇ ਕਿਹਾ ਕਿ ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤਕ ਅੱਖਾਂ ਦੀ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ’ਤੇ ਗਿੱਲਾ ਤੇ ਸਾਫ਼ ਕੱਪੜਾ ਰਖਿਆ ਜਾਵੇ। ਅੱਖਾਂ ਕੱਢਣ ’ਚ ਸਿਰਫ਼ 10-15 ਮਿੰਟ ਲਗਦੇ ਹਨ ਅਤੇ ਇਸ ਪ੍ਰਕਿਆ ’ਚ ਚਿਹਰੇ ’ਤੇ ਕੋਈ ਨਿਸ਼ਾਨ ਜਾਂ ਦਾਗ਼ ਨਹੀਂ ਲੱਗਦਾ। ਇਸ ਮੌਕੇ ਆਸ਼ਾ ਵਰਕਰਾਂ ਨੂੰ ਜਾਗਰੂਕਤਾ ਸਮੱਗਰੀ ਅਤੇ ਪਲੈਜ ਫਾਰਮ ਵੰਡੇ ਗਏ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleSAMAJ WEEKLY = 30/08/2024
Next articleਨੇਤਰਦਾਨ ਐਸੋਸੀਏਸ਼ਨ ਵੱਲੋਂ ਆਸ਼ਾ ਕਿਰਨ ਸਕੂਲ ਵਿੱਚ ਸੈਮੀਨਾਰ