ਦਰਬਾਰ ਸਾਹਿਬ ’ਚ ਕਿਸਾਨ ਆਗੂਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ (ਸਮਾਜ ਵੀਕਲੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਕਿਸਾਨ ਸੰਘਰਸ਼ ਦੀ ਜਿੱਤ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਸਮੇਂ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ। ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕਈ ਹੋਰ ਅਹਿਮ ਫ਼ੈਸਲੇ ਵੀ ਲਏ ਗਏ। ਸ੍ਰੀ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ 13 ਦਸੰਬਰ ਨੂੰ ਕਿਸਾਨ ਆਗੂਆਂ ਦਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸਨਮਾਨ ਕਰੇਗੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਦੀ ਸਹਿਯੋਗੀ ਰਹੀ ਹੈ ਅਤੇ ਭਵਿੱਖ ਵਿਚ ਵੀ ਕਿਸਾਨਾਂ ਨਾਲ ਖੜ੍ਹੀ ਰਹੇਗੀ। ਉਨ੍ਹਾਂ ਦੱਸਿਆ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 21 ਤੋਂ 30 ਦਸੰਬਰ ਤੱਕ ਸਾਦੇ ਲੰਗਰ ਚਲਾਏ ਜਾਣਗੇ। ਇਸ ਦੌਰਾਨ ਹਰੇਕ ਗੁਰਦੁਆਰੇ ਅੰਦਰ ਲੰਗਰਾਂ ਵਿੱਚ ਮਿੱਠੇ ਪਦਾਰਥ ਨਹੀਂ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਦਰਵਾੜੇ ਦੌਰਾਨ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦਾਂ ਨੂੰ ਯਾਦ ਕਰਦਿਆਂ ਜਾਪ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਜਹਾਜ਼ ਹਵੇਲੀ ਦੀ ਸੰਭਾਲ ਲਈ ਇੱਕ ਕਮੇਟੀ ਸਥਾਪਤ ਕੀਤੀ ਗਈ ਹੈ ਅਤੇ ਇਸ ਹਵੇਲੀ ਸਬੰਧੀ ਹਾਈ ਕੋਰਟ ਵਿੱਚ ਚੱਲ ਰਹੇ ਕੇਸ ਦੇ ਨਿਪਟਾਰੇ ਲਈ ਵੀ ਗੱਲਬਾਤ ਕੀਤੀ ਜਾਵੇਗੀ। ਇਸ ਦੌਰਾਨ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਕੇਸ ਸਬੰਧੀ ਵਕੀਲਾਂ ਦੀ ਫ਼ੀਸ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਕਰਨੀ ਚਾਹੀਦੀ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਰਕਾਰ ਨੇ ਇਨ੍ਹਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ। ਇਸੇ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਕੰਮ-ਕਾਜ ਨਾਲ ਸਬੰਧਤ ਬਣਨ ਵਾਲੀਆਂ ਹਰ ਤਰ੍ਹਾਂ ਦੀਆਂ ਸਬ-ਕਮੇਟੀਆਂ ਬਣਾਉਣ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੂੰ ਸੌਂਪੇ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੈਲੀਕਾਪਟਰ ਹਾਦਸਾ: ਗੁਰਸੇਵਕ ਸਿੰਘ ਦੀ ਲਾਸ਼ ਦੀ ਨਹੀਂ ਹੋ ਰਹੀ ਪਛਾਣ
Next articleਚੰਨੀ ਦੀ ਮੌਜੂਦਗੀ ਵਿੱਚ ਮੂਸੇਵਾਲਾ ਦਾ ਵਿਰੋਧ