ਨਵੀਂ ਦਿੱਲੀ (ਸਮਾਜ ਵੀਕਲੀ):ਕਾਂਗਰਸ ਸਮੇਤ ਵੱਖ ਵੱਖ ਵਿਰੋਧੀ ਪਾਰਟੀਆਂ ਨੇ ਅੱਜ ਸੰਸਦੀ ਅਹਾਤੇ ’ਚ ਮੀਟਿੰਗ ਕਰਕੇ ਤਿੰਨ ਖੇਤੀ ਕਾਨੂੰਨਾਂ ਵਾਪਸੀ ਸਬੰਧੀ ਬਿੱਲ ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ’ਤੇ ਚਰਚਾ ਕੀਤੀ। ਸੰਸਦ ਦੇ ਸਰਦ ਰੁੱਤ ਇਜਲਾਸ ਦੇ ਮੱਦੇਨਜ਼ਰ ਅੱਜ 11 ਵਿਰੋਧੀ ਧਿਰਾਂ ਦੇ ਆਗੂਆਂ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਮੀਟਿੰਗ ਕੀਤੀ। ਤ੍ਰਿਣਮੂਲ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂ ਹਾਲਾਂਕਿ ਮੀਟਿੰਗ ’ਚ ਸ਼ਾਮਲ ਨਹੀਂ ਹੋਏ। ਉਨ੍ਹਾਂ ਪਹਿਲਾਂ ਹੀ ਸੰਕੇਤ ਦਿੱਤਾ ਸੀ ਕਿ ਉਹ ਮੀਟਿੰਗ ’ਚ ਸ਼ਾਮਲ ਨਹੀਂ ਹੋਣਗੇ। ਮੀਟਿੰਗ ’ਚ ਕਾਂਗਰਸ, ਐੱਨਸੀਪੀ, ਡੀਐੱਮਕੇ, ਆਰਜੇਡੀ, ਆਈਯੂਐੱਮਐੱਲ, ਸੀਪੀਆਈ, ਸੀਪੀਆਈ (ਐੱਮ), ਆਰਐੱਸਪੀ, ਐੱਲਜੇਡੀ, ਐੱਨਸੀ ਤੇ ਐੱਮਡੀਐੱਮਕੇ ਦੇ ਆਗੂ ਸ਼ਾਮਲ ਸਨ। ਕੁਝ ਵਿਰੋਧੀ ਧਿਰਾਂ ਦੇ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 700 ਤੋਂ ਵੱਧ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਵੀ ਸਰਕਾਰ ’ਤੇ ਦਬਾਅ ਬਣਾਇਆ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly